-ਪ੍ਰਵਾਸੀ ਪੰਜਾਬੀਆਂ ‘ਤੇ ਦਰਜ਼ ਝੂਠੇ ਕੇਸਾਂ ਦੀ ਪੜਤਾਲ ਲਈ ਕਮਿਸ਼ਨ ਬਣਾਵੇ ਪੰਜਾਬ ਸਰਕਾਰ

gurmit palahi 171231 article, parvasi punjabissss
ਦੇਸ਼ ਦੇ ਬਾਕੀ ਮਸਲਿਆਂ, ਮੁੱਦਿਆਂ ਅਤੇ ਸਮੱਸਿਆਵਾਂ ਵਾਂਗਰ ਪ੍ਰਵਾਸੀ ਭਾਰਤੀਆਂ ਦੇ ਮਸਲੇ ਵੀ ਵੋਟਾਂ ਦੀ ਸਿਆਸਤ ਵਿੱਚ ਉਲਝ ਕੇ ਰਹਿ ਗਏ ਹਨ। ਭਾਰਤ ਉਤੇ ਰਾਜ ਕਰ ਰਹੀ ਹਾਕਮ ਧਿਰ, ਲਗਾਤਾਰ ਪ੍ਰਵਾਸੀ ਭਾਰਤੀਆਂ ਨੂੰ ਕੋਈ ਨਾ ਕੋਈ ‘ਲਾਲੀਪਾਪ’ ਵਿਖਾ ਕੇ ਆਪਣੇ ਪੱਖ ਵਿੱਚ ਕਰਨ ਅਤੇ ਉਹਨਾ ਨੂੰ ਜਜ਼ਬਾਤੀ ਤੌਰ ‘ਤੇ ਵਰਗਲਾਉਣ ਦੇ ਆਹਰ ਵਿੱਚ ਹੈ ਅਤੇ ਉਸਦੀ ਅੰਦਰੂਨੀ ਚਾਹ, ਪ੍ਰਵਾਸੀਆਂ ਦੀਆਂ ਵੋਟਾਂ ਬਟੋਰਣ ਦੇ ਨਾਲ-ਨਾਲ, ਉਹਨਾ ਦੇ ਰਿਸ਼ਤੇਦਾਰਾਂ ਨੂੰ ਪ੍ਰਵਾਸੀਆਂ ਰਾਹੀਂ ਪ੍ਰਭਾਵਿਤ ਕਰਕੇ ਆਪਣਾ ਵੋਟ ਬੈਂਕ ਪੱਕਾ ਕਰਨਾ ਹੈ। ਯਤਨ ਦੇਸ਼ ਦੀ ਵਿਰੋਧੀ ਧਿਰ ਵੱਲੋਂ ਵੀ ਇਹੋ ਜਿਹੇ ਹੋ ਰਹੇ ਹਨ ਜਾਂ ਹੋਏ ਹਨ ਕਿ ਪ੍ਰਵਾਸੀਆਂ ਨੂੰ ਕਿਸੇ ਨਾ ਕਿਸੇ ਢੰਗ ਨਾਲ ਭਰਮਾਇਆ ਜਾਏ ਅਤੇ ਆਪਣੇ ਹਿਤਾਂ ਦੀ ਪੂਰਤੀ ਲਈ, ਆਪਣੇ ਹੱਕ ਵਿੱਚ ਧਿਰ ਬਣਾਇਆ ਜਾਏ। ਇਸ ਪੱਖੋਂ ਕਿਧਰੇ ਨਾ ਕਿਧਰੇ ਉਹਨਾ ਨੂੰ ਸਫਲਤਾ ਵੀ ਮਿਲੀ ਹੈ। ਪ੍ਰਵਾਸੀਆਂ ਨੂੰ ਵੋਟ ਮਿਲਣ ਦੇ ਅਧਿਕਾਰ ਨੇ ਪ੍ਰਵਾਸੀਆਂ ਦਾ ਕੀ ਸੁਆਰਿਆ, ਜੇਕਰ ਉਹ ਇਲੈਕਟ੍ਰੋਨਿਕ ਵੋਟ ਦੇ ਹੱਕਦਾਰ ਹੀ ਨਹੀਂ ਬਣੇ? ਕਿੰਨੇ ਕੁ ਪ੍ਰਵਾਸੀ ਪੀ. ਆਰ. ਕਾਰਡ ਦਾ ਫ਼ਾਇਦਾ ਲੈ ਸਕੇ ਹਨ? ਇਹ ਸਹੂਲਤਾਂ ਦੇ ਕੇ ਸਰਕਾਰ ਨੇ ਪ੍ਰਵਾਸੀਆਂ ਤੋਂ ਬੱਲੇ-ਬੱਲੇ ਕਰਾਉਣ ਦਾ ਯਤਨ ਕੀਤਾ। ਹਰ ਸਾਲ ਕੀਤੇ ਜਾਂਦੇ ਸਰਕਾਰੀ ਪ੍ਰਵਾਸੀ ਸੰਮੇਲਨ ਤਾਂ ਸਿਆਸੀ ਰੋਟੀਆਂ ਸੇਕਣ ਲਈ ਹੀ ਕੀਤੇ ਜਾਂਦੇ ਹਨ, ਜਿਨ੍ਹਾਂ ਦਾ ਸਾਧਾਰਨ ਪ੍ਰਵਾਸੀ ਭਾਰਤੀਆਂ ਨੂੰ ਟਕੇ ਦਾ ਵੀ ਫ਼ਾਇਦਾ ਨਹੀਂ ਹੁੰਦਾ।
ਪ੍ਰਵਾਸੀ ਭਾਰਤੀਆਂ ਦੇ ਮਸਲੇ ਬਹੁਤ ਵੱਡੇ ਹਨ। ਇਹ ਮਸਲੇ ਜਿੱਥੇ ਉਹਨਾ ਦੀ ਜਾਇਦਾਦ ਨਾਲ ਜੁੜੇ ਹੋਏ ਹਨ, ਉੱਥੇ ਉਹਨਾ ਦੀ ਭਾਰਤ ਫੇਰੀ ਦੌਰਾਨ ਉਹਨਾ ਨਾਲ ਹੁੰਦੇ ਵਿਵਹਾਰ, ਉਹਨਾ ਦੇ ਜੀਵਨ ਦੀ ਸੁਰੱਖਿਆ, ਉਹਨਾ ਵੱਲੋਂ ਉਦਯੋਗ ਜਾਂ ਵਪਾਰ ਵਿੱਚ ਲਗਾਏ ਗਏ ਜਾਂ ਜਾਣ ਵਾਲੇ ਧੰਨ ਨਾਲ ਜੁੜੇ ਹੋਏ ਹਨ ਤੇ ਉਹਨਾ ਦੇ ਬੱਚਿਆਂ ਦੇ ਭਵਿੱਖ ਨਾਲ ਵੀ ਜਿਹੜੇ ਦੇਸ਼ ਦੀ ਭੈੜੀ ਸਿਆਸੀ, ਸਮਾਜਿਕ, ਆਰਥਿਕ ਸਥਿਤੀ ਕਾਰਨ ਦੇਸ਼ ਵੱਲ ਨੂੰ ਮੂੰਹ ਵੀ ਨਹੀਂ ਕਰਨਾ ਚਾਹੁੰਦੇ।
ਗੱਲ ਪੰਜਾਬੀ ਪ੍ਰਵਾਸੀਆਂ ਦੀ
ਪਿਛਲੇ ਪੰਜਾਹ ਵਰ੍ਹਿਆਂ ਦੌਰਾਨ ਹਜ਼ਾਰਾਂ ਪੰਜਾਬੀਆਂ ਚੰਗੇਰੇ ਭਵਿੱਖ ਲਈ ਆਪਣਾ ਘਰ-ਬਾਰ ਛੱਡਿਆ ਹੈ। ਭਾਵੇਂ ਕਿ ਪੰਜਾਬੀਆਂ ਦੇ ਪ੍ਰਵਾਸ ਦੀ ਕਹਾਣੀ ਵੀਹਵੀਂ ਸਦੀ ਦੇ ਪਹਿਲੇ ਦਹਾਕੇ ਤੋਂ ਸ਼ੁਰੂ ਹੁੰਦੀ ਹੈ ਪਰ ਅਸਲ ਵਿੱਚ ੧੯੬੦ ਤੋਂ ਬਾਅਦ ਜ਼ਿਆਦਾ ਪੰਜਾਬੀਆਂ ਨੇ ਪੰਜਾਬੋਂ ਤੋਰੇ ਪਾਏ, ਆਪਣੇ ਪਿੱਛੇ ਰਹੇ ਪਰਿਵਾਰਾਂ ਦੀਆਂ ਤੰਗੀਆਂ-ਤੁਰਸ਼ੀਆਂ ਦੂਰ ਕਰਨ ਲਈ ਸਿਰਤੋੜ ਯਤਨ ਕੀਤੇ। ਪੰਜਾਬ ‘ਚ ਜ਼ਮੀਨਾਂ-ਜਾਇਦਾਦਾਂ ਦੀ ਸਾਂਭ-ਸੰਭਾਲ ਉਹਨਾ ਦੇ ਜੀਅ ਦਾ ਜੰਜਾਲ ਬਣ ਗਈ। ਪਿੱਛੇ ਰਹੇ ਕੁੱਝ ਰਿਸ਼ਤੇਦਾਰਾਂ, ਕੁੱਝ ਦੋਸਤਾਂ-ਮਿੱਤਰਾਂ, ਸੰਗੀਆਂ-ਸਾਥੀਆਂ ਉਹਨਾ ਨਾਲ ਠੱਗੀਆਂ-ਠੋਰੀਆਂ ਕੀਤੀਆਂ। ਜਾਅਲੀ ਮੁਖ਼ਤਾਰਨਾਮੇ ਤਿਆਰ ਕਰਕੇ, ਜਾਅਲੀ ਬੰਦੇ ਖੜੇ ਕਰਕੇ ਉਹਨਾ ਦੀਆਂ ਜ਼ਮੀਨਾਂ-ਜਾਇਦਾਦਾਂ ਹਥਿਆ ਲਈਆਂ ਜਾਂ ਹਥਿਆਉਣ ਦਾ ਯਤਨ ਕੀਤਾ। ਇਹਨਾਂ ਮਸਲਿਆਂ ਸਬੰਧ ਸੈਂਕੜੇ ਨਹੀਂ ਹਜ਼ਾਰਾਂ ਕੇਸ ਪੁਲਿਸ, ਅਦਾਲਤਾਂ ਕੋਲ ਇਨਸਾਫ਼ ਦੀ ਉਡੀਕ ਵਿੱਚ ਵਰ੍ਹਿਆਂ ਤੋਂ ਪਏ ਹਨ। ਕਈ ਵੇਰ ਜਦੋਂ ਪ੍ਰਵਾਸੀ ਆਪਣੀਆਂ ਜਾਇਦਾਦਾਂ ਦੀ ਦੇਖ-ਭਾਲ, ਸੰਭਾਲ ਜਾਂ ਕੇਸਾਂ ਸਬੰਧੀ ਜਾਣਕਾਰੀ ਲਈ ਦੇਸ਼ ਪਰਤਦੇ ਹਨ ਤਾਂ ਭੂ-ਮਾਫੀਏ ਨਾਲ ਜੁੜੇ ਲੋਕ ਉਹਨਾ ਨੂੰ ਡਰਾ ਕੇ, ਧਮਕਾ ਕੇ, ਉਹਨਾ ਨਾਲ ਜ਼ਮੀਨੀ ਸੌਦੇ ਕਰਦੇ ਹਨ। ਕਾਨੂੰਨ ਤੋਂ ਉਲਟ ਜਾ ਕੇ, ਪ੍ਰਵਾਸੀਆਂ ਨੂੰ ਬਿਨਾਂ ਦੱਸੇ ਉਹਨਾ ਤੋਂ ਅਸ਼ਟਾਮਾਂ ਜਾਂ ਹੋਰ ਕਾਗ਼ਜ਼ਾਂ ਉਤੇ ਦਸਤਖ਼ਤ ਕਰਵਾ ਕੇ ਸਰਕਾਰੀ ਮਿਲੀ ਭੁਗਤ ਨਾਲ ਉਹਨਾ ਦੀ ਕਰੋੜਾਂ ਜਾਇਦਾਦ ਕੌਡੀਆਂ ਦੇ ਭਾਅ ਲੁੱਟ ਲੈਂਦੇ ਹਨ। ਅਤੇ ਵਿਰੋਧ ਕਰਨ ਤੇ ਉਹਨਾ ਖ਼ਿਲਾਫ਼ ਕਿਧਰੇ ਫ਼ੌਜਦਾਰੀ, ਕਿਧਰੇ ਅਪਰਾਧਿਕ ਮਾਮਲਿਆਂ ਦਾ ਅਤੇ ਕਿਧਰੇ ਗੈਰ-ਕਾਨੂੰਨੀ ਢੰਗ ਨਾਲ ਜਾਇਦਾਦ ਦੀ ਵੇਚ-ਵੱਟਤ ਦਾ ਕੇਸ ਦਰਜ ਕਰਵਾ ਦਿੰਦੇ ਹਨ ਤਾਂ ਕਿ ਉਹ ਪੰਜਾਬ ਪਰਤਣ ਜੋਗੇ ਹੀ ਨਾ ਰਹਿਣ। ਇੱਕ ਨਹੀਂ ਅਨੇਕਾਂ ਉਦਾਹਰਨਾਂ ਇਸ ਕਿਸਮ ਦੇ ਮਾਮਲਿਆਂ ਦੀਆਂ ਸਮੇਂ ਸਮੇਂ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣਦੀਆਂ ਰਹਿੰਦੀਆਂ ਹਨ।
ਅਕਾਲੀ-ਭਾਜਪਾ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਇਸ ਕਿਸਮ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਕਥਿਤ ਉਦੇਸ਼ ਅਧੀਨ ਹਰ ਵਰ੍ਹੇ ਪੰਜਾਬੀ ਪ੍ਰਵਾਸੀ ਕਾਨਫ਼ਰੰਸਾਂ ਲਗਭਗ ਬਾਰਾਂ ਵਰ੍ਹੇ ਕਰਵਾਈਆਂ ਜਾਂਦੀਆਂ ਰਹੀਆਂ। ਕੈਨੇਡਾ, ਅਮਰੀਕਾ, ਬਰਤਾਨੀਆ ਅਤੇ ਹੋਰ ਮੁਲਕਾਂ ਤੋਂ ਕੁੱਝ ਚੋਣਵੇਂ ਪ੍ਰਮੁੱਖ ਪੰਜਾਬੀ ਪ੍ਰਵਾਸੀ ਇਹਨਾਂ ਕਾਨਫ਼ਰੰਸਾਂ ‘ਚ ਹਿੱਸਾ ਲੈਂਦੇ ਰਹੇ। ਹਰ ਵਰ੍ਹੇ ਲੱਖਾਂ ਰੁਪਏ ਖ਼ਰਚਣ ਤੋਂ ਬਾਅਦ ਵੀ ਪ੍ਰਵਾਸੀ ਪੰਜਾਬੀਆਂ ਦੇ ਪੱਲੇ ਇਸ ਕਰਕੇ ਇਹਨਾਂ ਕਾਨਫ਼ਰੰਸਾਂ ਤੋਂ ਕੁੱਝ ਨਾ ਪਿਆ ਕਿ ਗੱਲਾਂ-ਬਾਤਾਂ ਤੋਂ ਬਾਅਦ ਅਮਲੀ ਰੂਪ ਵਿੱਚ ਸਰਕਾਰ ਵੱਲੋਂ ਕੁੱਝ ਨਾ ਕੀਤਾ ਗਿਆ। ਐਨ.ਆਰ.ਆਈ. ਥਾਣਿਆਂ ਅਤੇ ਐਨ.ਆਰ.ਆਈ. ਅਦਾਲਤਾਂ ਦੀ ਕਾਰਗੁਜ਼ਾਰੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ ਕਿਉਂਕਿ ਇਸ ਸਰਕਾਰ ਦਾ ਮੰਤਵ ਤਾਂ ਅੰਦਰੋਂ ਪ੍ਰਵਾਸੀ ਪੰਜਾਬੀਆਂ ਦੇ ਉਹਨਾ ਦੇ ਪ੍ਰਭਾਵ ਵਾਲੀਆਂ ਵੋਟਾਂ ਪ੍ਰਾਪਤ ਕਰਨ ਦਾ ਪੱਤਾ ਖੇਡਣਾ ਸੀ। ਪਰ ਜਦੋਂ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਹਿੱਸਾ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਵੱਲੋਂ 2012 ‘ਚ ਬਣਾਈ ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਹੱਕ ਵਿੱਚ ਨਿੱਤਰ ਪਿਆ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਨਾਲ ਲੋਕ ਸਭਾ ਚੋਣਾ ਵੇਲੇ ਖੜ੍ਹਾ ਦਿਸਿਆ ਤਾਂ ਅਕਾਲੀ-ਭਾਜਪਾ ਦੀ ਸਰਕਾਰ ਨੇ ਪੰਜਾਬੀ ਪ੍ਰਵਾਸੀਆਂ ਦਾ ਖਹਿੜਾ ਛੱਡ ਉਹਨਾ ਨੂੰ ਆਪਣੇ ਰਹਿਮੋ ਕਰਮ ਉਤੇ ਰਹਿਣ ਦੇਣ ਦਾ ਜਿਵੇਂ ਫ਼ੈਸਲਾ ਹੀ ਕਰ ਲਿਆ। ਪ੍ਰਵਾਸੀ ਪੰਜਾਬੀਆਂ ਦੀ ਡੇਢ ਦਹਾਕਾ ਪਹਿਲਾਂ ਤੋਂ ਚਲਦੀ ਸੰਸਥਾ ਐਨ ਆਰ ਆਈ ਸਭਾ ਦੀਆਂ ਸਰਗਰਮੀਆਂ ਠੱਪ ਕਰ ਦਿੱਤੀਆਂ, ਉਸਦੀ ਵਾਂਗ ਡੋਰ ਅਫ਼ਸਰਾਂ ਹੱਥ ਫੜਾ ਦਿੱਤੀ, ਕਿਉਂਕਿ ਉਹ ਸਿਆਸੀ ਲੋਕਾਂ ਦਾ ਅਖਾੜਾ ਬਣਦੀ ਨਜ਼ਰ ਆਉਣ ਲੱਗ ਪਈ ਸੀ।
ਇਸ ਵੇਲੇ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੱਧ ਪੰਜਾਬ ਦੇ ਲੋਕ ਪ੍ਰਵਾਸ ਦੇ ਰਾਹ ਪਏ ਹੋਏ ਹਨ। ਪੰਜਾਬੀ ਵਿਦਿਆਰਥੀ ਧੜਾ ਧੜ ਪੜ੍ਹਾਈ ਕਰਨ ਅਤੇ ਉੱਥੇ ਪੱਕੀ ਰਿਹਾਇਸ਼ ਕਰਨ ਲਈ ਤਤਪਰ ਹਨ ਅਤੇ ਨਿੱਤ ਪੰਜਾਬ ਛੱਡ ਰਹੇ ਹਨ। ਵਿਦੇਸ਼ ਰਹਿੰਦੇ ਪੁੱਤਰ ਧੀਆਂ, ਆਪਣੇ ਮਾਪਿਆਂ, ਰਿਸ਼ਤੇਦਾਰਾਂ ਨੂੰ ਪੰਜਾਬ ਵਿਚੋਂ ਬਾਹਰ ਲੈ ਜਾਣ ਲਈ ਤਰਲੋ-ਮੱਛੀ ਹੋਏ ਪਏ ਹਨ ਕਿਉਂਕਿ ਉਹਨਾ ਨੂੰ ਪੰਜਾਬ ਆਪਣਿਆਂ ਲਈ ਸੁਰੱਖਿਅਤ ਨਹੀਂ ਦਿਸਦਾ। ਪਰ ਇਸ ਸਭ ਕੁੱਝ ਦੇ ਬਾਵਜੂਦ ਉਹ ਆਪਣੀ ਜਨਮ ਭੂਮੀ, ਪੰਜਾਬ ਦੀ ਨਸ਼ਿਆਂ, ਬੇਰੁਜ਼ਗਾਰੀ, ਹਫਰਾ-ਤਫੜੀ ਨਾਲ ਮਾਰੀ, ਨਸ਼ਾ-ਭੂ ਮਾਫ਼ੀਆ, ਅਫ਼ਸਰਸ਼ਾਹੀ ਅਤੇ ਸਿਆਸੀ ਲੋਕਾਂ ਦੀ ਤਿੱਕੜੀ ਦੀ ਜਕੜ ‘ਚ ਆਈ ਪੰਜਾਬ ਦੀ ਧਰਤੀ ਉਤੇ ਪੈਰ ਰੱਖਣੋਂ ਆਕੀ ਹਨ। ਦੇਸ਼ ਦੀ ਕੇਂਦਰੀ ਸਰਕਾਰ ਕਹਿਣ ਨੂੰ ਤਾਂ ਉਹਨਾ ਲਈ ਅੰਮ੍ਰਿਤਸਰ, ਚੰਡੀਗੜ੍ਹ ‘ਚ ਅੰਤਰਰਾਸ਼ਟਰੀ ਹਵਾਈ ਅੱਡੇ ਬਣਾਉਣ ਦਾ ਦਮ ਭਰਦੀ ਹੈ, ਪਰ ਇਹਨਾਂ ਹਵਾਈ ਅੱਡਿਆਂ ਉਤੋਂ ਅੰਤਰਰਾਸ਼ਟਰੀ ਉਡਾਣਾਂ ਭਰਨ ਦੀ ਆਗਿਆ ਨਹੀਂ ਦਿੰਦੀ ਅਤੇ ਉਹਨਾ ਨੂੰ ਆਪਣੇ ਪਿੰਡ, ਆਪਣੇ ਸ਼ਹਿਰ ਪੁੱਜਣ ਲਈ ੨੪ ਘੱਟੇ ਤੋਂ ੩੬ ਤੱਕ ਬੇ-ਘਰੇ ਹੋ ਕੇ, ਪਹਿਲਾ ਹਵਾ ‘ਚ ਫਿਰ ਦਿੱਲੀ ਤੋਂ ਘਰ ਵਾਲੀਆਂ ਆਉਂਦੀਆਂ ਘਟੀਆ ਸੜਕਾਂ ਤੇ ਹੀ ਨਹੀਂ ਲਟਕਣਾ ਪੈਂਦਾ, ਸਗੋਂ ਦਿੱਲੀ ਹਵਾਈ ਅੱਡੇ ਉਤੇ ਕੁਰਖ਼ਤ ਬੋਲਾਂ, ਸ਼ੱਕੀ ਨਜ਼ਰਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
ਪੰਜਾਬ ਦੇ ਇਹ ਪ੍ਰਵਾਸੀ ਆਪਣੇ ਨਾਲ ਇਤਨਾ ਮਤਰੇਆ ਸਲੂਕ ਹੋਣ ਦੇ ਬਾਵਜੂਦ ਵੀ ਪੰਜਾਬ ਦੀ ਖ਼ੈਰ ਮੰਗਦੇ ਹਨ। ਉਹਨਾ ਨੂੰ ਆਪਣੀ ਧਰਤੀ ਨਾਲ ਮੋਹ ਹੈ। ਇਸੇ ਮੋਹ ਵੱਸ ਉਹ ਜਨਮ ਭੂਮੀ ਦੇ ਸੁਧਾਰ ਲਈ ਯਤਨਸ਼ੀਲ ਰਹਿੰਦੇ ਹਨ। ਆਪਣੇ ਪਿੰਡਾਂ, ਸ਼ਹਿਰਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਧਨ ਇਕੱਠਾ ਕਰਕੇ ਭੇਜਦੇ ਹਨ। ਕੈਂਸਰ ਜਾਗਰੂਕਤਾ, ਅੱਖਾਂ ਦੇ ਅਪਰੇਸ਼ਨ ਲਗਾਉਣ, ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਦੇਣ, ਉਹਨਾ ਲਈ ਹਸਪਤਾਲ ਖੋਲ੍ਹਣ, ਪਿੰਡਾਂ ‘ਚ ਸਕੂਲਾਂ ‘ਚ ਇਮਾਰਤਾਂ ਦੇ ਸੁਧਾਰ, ਸੀਵਰੇਜ ਪਾਉਣ, ਪਾਰਕਾਂ ਬਣਾਉਣ, ਖੇਡ ਮੁਕਾਬਲੇ ਕਰਾਉਣ ਲਈ ਖੁੱਲ੍ਹੇ ਦਿਲ ਨਾਲ ਸਹਾਇਤਾ ਕਰਦੇ ਹਨ। ਪਰ ਇੱਥੇ ਵੀ ਉਹਨਾ ਨਾਲ ਦੁਪਰਿਆਰਾ ਸਲੂਕ ਹੁੰਦਾ ਹੈ। ਉਹ ਪ੍ਰਵਾਸੀ ਪੰਜਾਬੀ ਜਿਨ੍ਹਾਂ ਨੇ ਡਾਕਟਰੀ, ਉਦਯੋਗ, ਇੰਜੀਨੀਅਰਿੰਗ, ਖੇਤੀਬਾੜੀ, ਕਿੱਤਿਆਂ ‘ਚ ਵਿਦੇਸ਼ਾਂ ‘ਚ ਚੰਗਾ ਨਾਮਣਾ ਖੱਟਿਆ ਹੈ, ਉਹ ਜਦੋਂ ਪੰਜਾਬ ‘ਚ ਆਪਣਾ ਉਦਯੋਗ ਖੋਲ੍ਹਦੇ ਹਨ, ਕਾਰੋਬਾਰ ਕਰਨਾ ਚਾਹੁੰਦੇ ਹਨ, ਉਹ ਇੱਥੇ ਹੁੰਦੇ ਵਿਵਹਾਰ ਅਤੇ ਇੰਸਪੈੱਕਟਰੀ ਰਾਜ ਦੀਆਂ ਜ਼ਿਆਦਤੀਆਂ ਤੋਂ ਤੰਗ ਆ ਕੇ ਆਪਣੇ ਕੰਮ, ਆਪਣੇ ਕਾਰੋਬਾਰ ਸਮੇਟ ਮੁੜ ਪ੍ਰਵਾਸ ਹੰਢਾਉਣ ਲਈ ਹੋ ਤੁਰਦੇ ਹਨ। ਮੁਹਾਲੀ, ਜਲੰਧਰ, ਲੁਧਿਆਣਾ ਵਰਗੇ ਸ਼ਹਿਰਾਂ ‘ਚ ਉਦਯੋਗ ਚਲਾਉਣ ਲਈ ਕਈ ਪ੍ਰਵਾਸੀ ਪੰਜਾਬੀਆਂ ਹੱਥ ਅਜ਼ਮਾਏ, ਪਰ ਸਰਕਾਰੀ ਸੁਸਤੀ ਅਤੇ ਉਦਾਸੀਨਤਾ ਦਾ ਸ਼ਿਕਾਰ ਹੋ ਕਰੋੜਾਂ ਰੁਪਏ ਗੁਆ ਬੈਠੇ।
ਪ੍ਰਵਾਸੀ ਪੰਜਾਬੀਆਂ ਦੇ ਆਰਥਿਕ, ਸਮਾਜਿਕ, ਸਭਿਆਚਾਰਕ ਅਤੇ ਜਜ਼ਬਾਤੀ ਮਸਲਿਆਂ ਨੂੰ ਸਮਝਣ ਅਤੇ ਉਹਨਾ ਦੀਆਂ ਸਮੱਸਿਆਵਾਂ ਦਾ ਤੋੜ ਹਾਲੀ ਤੱਕ ਨਾ ਤਾਂ ਕਿਸੇ ਸਰਕਾਰ ਨੂੰ ਮਿਲ ਸਕਿਆ ਹੈ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਜਾਂ ਧਿਰ ਨੇ ਉਹਨਾ ਦੇ ਅੰਦਰੂਨੀ ਭਾਵਾਂ ਨੂੰ ਸਮਝਣ ਦਾ ਯਤਨ ਕੀਤਾ ਹੈ। ਬਾਹਰ ਬੈਠੇ ਪ੍ਰਵਾਸੀ ਪੰਜਾਬੀਆਂ ਦੇ ਮਨਾਂ ‘ਚ ਪੰਜਾਬ ਬਾਰੇ ਨਿਰਾਸ਼ਤਾ ਹੈ। ਉਹ ਟੁੱਟ ਰਹੇ ਪੰਜਾਬ ਨੂੰ ਉਵੇਂ ਵੇਖ ਰਹੇ ਹਨ, ਜਿਵੇਂ ਉਹਨਾ ਦਾ ਆਪਣਾ ਜੱਦੀ ਘਰ ਢਹਿ ਢੇਰੀ ਹੋ ਰਿਹਾ ਹੋਵੇ। ਉਹਨਾ ਦੇ ਮਨਾਂ ‘ਚ ਇਸ ਦੀ ਮੁੜ ਉਸਾਰੀ ਦੀ ਤਾਂਘ ਹੈ। ਜੇਕਰ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਕੁੱਝ ਇਹੋ ਜਿਹੇ ਉਪਰਾਲੇ ਕਰੇ ਜਿਸ ਨਾਲ ਉਹਨਾ ਦੇ ਉਚੜੇ ਜ਼ਖ਼ਮਾਂ ਉਤੇ ਮਲ੍ਹਮ ਲੱਗ ਸਕੇ ਤਾਂ ਪ੍ਰਵਾਸੀ ਪੰਜਾਬੀ ਕੁੱਝ ਰਾਹਤ ਮਹਿਸੂਸ ਕਰ ਸਕਦੇ ਹਨ।
ਪ੍ਰਵਾਸੀ ਪੰਜਾਬੀਆਂ ਦੀ ਜ਼ਮੀਨ ਜਾਇਦਾਦ ਦੀ ਸੰਭਾਲ ਅਤੇ ਰਾਖੀ ਲਈ ਸਖ਼ਤ ਕਾਨੂੰਨ ਬਣਨਾ ਚਾਹੀਦਾ ਹੈ, ਜਿਸ ਬਾਰੇ ਮੌਜੂਦਾ ਸਰਕਾਰ ਨੇ ਐਲਾਨ ਵੀ ਕੀਤਾ ਹੋਇਆ ਹੈ। ਉਹਨਾ ਸਾਰੇ ਕੇਸਾਂ, ਜਿਨ੍ਹਾਂ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਜਾਅਲੀ ਵਸੀਅਤਾਂ, ਮੁਖਤਾਰਨਾਮਿਆਂ ਕਾਰਨ ਉਹਨਾ ਨਾਲ ਜਾਅਲਸਾਜ਼ੀ ਕੀਤੀ ਗਈ ਹੈ, ਸਬੰਧੀ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਵਰਗਾ ਇੱਕ ਕਮਿਸ਼ਨ ਬਣਨਾ ਚਾਹੀਦਾ ਹੈ, ਜੋ ਇਹਨਾਂ ਕੇਸਾਂ ਦੀ ਘੋਖ ਪੜਤਾਲ ਕਰੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਸੁਣਾਵੇ। ਇਸੇ ਤਰ੍ਹਾਂ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੂੰ ਉਹਨਾ ਸਾਰੇ ਆਨ.ਆਰ.ਆਈ. ਕੇਸਾਂ ਦੀ ਜਾਂਚ ਸੌਂਪੀ ਜਾਣੀ ਚਾਹੀਦੀ ਹੈ, ਜਿਨ੍ਹਾਂ ‘ਚ ਐਨ.ਆਰ.ਆਈ. ਤੇ ਕਥਿਤ ਤੌਰ ‘ਤੇ ਅਪਰਾਧਿਕ ਜਾਂ ਜ਼ਮੀਨਾਂ ਨਾਲ ਸਬੰਧਿਤ ਝੂਠੇ ਪਰਚੇ ਦਰਜ਼ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਪ੍ਰਵਾਸੀ ਪੰਜਾਬੀਆਂ ਅਤੇ ਉਹਨਾ ਦੀ ਔਲਾਦ ਨੂੰ ਪੰਜਾਬ ਨਾਲ ਜੋੜੀ ਰੱਖਣਾ ਪੰਜਾਬ ਦੇ ਹਿਤ ਵਿੱਚ ਹੈ। ਜਿੱਥੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਨਾ ਸਮੇਂ ਦੀ ਲੋੜ ਹੈ, ਉੱਥੇ ਸਾਧਾਰਨ ਪ੍ਰਵਾਸੀ ਪੰਜਾਬੀਆਂ ਅਤੇ ਉਹਨਾ ਦੇ ਬੱਚਿਆਂ ਨੂੰ ਪੰਜਾਬ ਨਾਲ ਜੋੜੀ ਰੱਖਣ ਲਈ ਵੀ ਉਪਰਾਲੇ ਜ਼ਰੂਰੀ ਹਨ। ਚਾਹੀਦਾ ਤਾਂ ਇਹ ਹੈ ਕਿ ਪ੍ਰਵਾਸੀ ਪੰਜਾਬੀਆਂ ਦੇ ਚਿਰਾਂ ਤੋਂ ਵਿਦੇਸ਼ਾਂ ‘ਚ ਰਹਿ ਰਹੇ ਬੱਚਿਆਂ ਦੇ ਪੰਜਾਬ ਆਉਣ ਜਾਣ ਦਾ ਸਰਕਾਰੀ ਤੌਰ ‘ਤੇ ਪ੍ਰਬੰਧ ਹੋਵੇ। ਪੰਜਾਬ ਅਤੇ ਉਹਨਾ ਦੇਸ਼ਾਂ ‘ਚ ਜਿੱਥੇ ਪੰਜਾਬੀਆਂ ਦੀ ਜ਼ਿਆਦਾ ਵਸੋਂ ਹੈ ਉੱਥੇ ਉਹਨਾ ਦੇ ਮਸਲਿਆਂ, ਮੁਸ਼ਕਲਾਂ ਨੂੰ ਸਮਝਣ ਵਾਲੇ ਸਟੱਡੀ ਸੈਂਟਰਾਂ ਦੀ ਸਥਾਪਨਾ ਹੋਵੇ ਅਤੇ ਉਹਨਾ ਵਿੱਚ ਪੰਜਾਬ ਦੇ ਇਤਿਹਾਸਕ ਪਿਛੋਕੜ ਅਤੇ ਪ੍ਰਾਪਤੀਆਂ ਸਬੰਧੀ ਭਰਪੂਰ ਜਾਣਕਾਰੀ ਵੀ ਉਪਲਬਧ ਕੀਤੀ ਜਾਵੇ। ਕਿੰਨਾ ਚੰਗਾ ਹੋਵੇ ਜੇਕਰ ਪ੍ਰਵਾਸੀਆਂ ਲਈ ਹਵਾਈ ਅੱਡਿਆਂ ਉਤੇ ਸਰਕਾਰ ਸਵਾਗਤੀ ਕੇਂਦਰ ਸਥਾਪਤ ਕਰੇ ਤਾਂ ਕਿ ਪ੍ਰਵਾਸੀ ਘਰ ਪਰਤਣ ‘ਤੇ ਅਪਣੱਤ ਅਤੇ ਮਾਣ ਮਹਿਸੂਸ ਕਰ ਸਕਣ।

ਗੁਰਮੀਤ ਪਲਾਹੀ

+91 9815802070