
ਜਲੰਧਰ ਲੋਕ ਸਭਾ ਉਪ ਚੋਣ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਹਲਕਾ ਕਰਤਾਰਪੁਰ ਦੇ ਵੱਖ-ਵੱਖ ਇਲਾਕਿਆਂ ਵਿਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਤੋਂ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਰੋਡ ਸ਼ੋਅ ਦੀ ਸ਼ੁਰੂਆਤ ਕਰਤਾਰਪੁਰ ਦੇ ਜੰਡੂਸਿੰਘਾ ਤੋਂ ਕੀਤੀ। ਇਥੋਂ ਉਨ੍ਹਾਂ ਨੇ ਮਦਾਰਾ ਹੁੰਦੇ ਹੋਏ ਧੋਗੜੀ ਤਕ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਕਈ ਥਾਵਾਂ ’ਤੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਕਿਹਾ ਕਿ ਤੁਸੀਂ ਅਕਾਲੀ ਦਲ ਅਤੇ ਕਾਂਗਰਸ ਨੂੰ 70 ਸਾਲ ਮੌਕਾ ਦਿੱਤਾ ਪਰ ਉਨ੍ਹਾਂ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ। ਸਾਨੂੰ ਕੰਮ ਕਰਨ ਲਈ ਸਿਰਫ ਇਕ ਸਾਲ ਹੋਰ ਦਿਓ। ਜੇਕਰ ਤੁਹਾਨੂੰ ਸਾਡਾ ਕੰਮ ਪਸੰਦ ਨਾ ਆਵੇ ਤਾਂ 2024 ਵਿਚ ਸਾਨੂੰ ਵੋਟ ਨਾ ਦੇਣਾ।ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਪਰ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਜਿੱਤਣ ਨਾਲ ਸਾਡਾ ਹੌਸਲਾ ਵਧੇਗਾ, ਜਿਸ ਤੋਂ ਬਾਅਦ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿਘ ਈ. ਟੀ. ਓ. ਅਤੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਬਲਕਾਰ ਸਿੰਘ ਵੀ ਮੌਜੂਦ ਸਨ।