3 ਦਿਨਾਂ ਤੋਂ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੈਦਾਨੀ ਇਲਾਕਿਆਂ ਤੋਂ ਲੈ ਕੇ ਪਹਾੜਾਂ ਤੱਕ ਮੀਂਹ ਕਾਰਨ ਲੋਕ ਪ੍ਰੇਸ਼ਾਨ ਹਨ। ਲਗਾਤਾਰ ਹੋ ਰਹੇ ਮੀਂਹ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਹੁਣ ਤੱਕ ਕਰੀਬ 20 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿੱਚ ਹੋਰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅਗਲੇ 24 ਘੰਟਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਜੁਲਾਈ ਦੇ ਪਹਿਲੇ 9 ਦਿਨਾਂ ਵਿੱਚ ਹੋਈ ਬਾਰਸ਼ ਨੇ ਦੇਸ਼ ਭਰ ਵਿੱਚ ਮੀਂਹ ਦੀ ਕਮੀ ਨੂੰ ਪੂਰਾ ਕਰ ਦਿੱਤਾ ਹੈ। ਮਾਨਸੂਨ ਸੀਜ਼ਨ ‘ਚ ਹੁਣ ਤੱਕ ਕੁੱਲ 243.2 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜੋ ਕਿ ਆਮ ਨਾਲੋਂ ਦੋ ਫੀਸਦੀ ਜ਼ਿਆਦਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਇਸ ਕਾਰਨ ਭਾਰੀ ਜਾਮ ਵੀ ਦੇਖਣ ਨੂੰ ਮਿਲਿਆ।