ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਕੋਰੋਨਾ ਸੰਕਰਮਿਤ ਨਾ ਹੋਣ ਦੀ ਪੁਸ਼ਟੀ ਹੋ ਗਈ ਹੈ ਅਤੇ ਉਹ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣ ਵੀਰਵਾਰ ਨੂੰ ਭਾਰਤ ਆਉਣਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਬੈਠਕ ਕਰਨਗੇ। ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਇਸ ਐਲਾਨ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਕੋਰੋਨਾ ਸੰਕਰਮਿਤ ਪਾਈ ਗਈ ਸੀ, ਜਿਸ ਤੋਂ ਬਾਅਦ ਬਾਈਡੇਨ ਦੀ ਵੀ ਜਾਂਚ ਕੀਤੀ ਗਈ ਸੀ। ਜਾਂਚ ਰਿਪੋਰਟ ‘ਚ ਉਨ੍ਹਾਂ ਦੇ ਸੰਕਰਮਿਤ ਨਾ ਹੋਣ ਦੀ ਪੁਸ਼ਟੀ ਹੋਈ।
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨੇ ਵ੍ਹਾਈਟ ਹਾਊਸ ‘ਚ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਵੀਰਵਾਰ ਨੂੰ ਭਾਰਤ ਜਾਣਗੇ। ਉਨ੍ਹਾਂ ਦੱਸਿਆ ਕਿ ਬਾਈਡੇਨ ਪੀਐੱਮ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਬਾਈਡੇਨ ਸ਼ਨੀਵਾਰ ਤੇ ਐਤਵਾਰ ਨੂੰ ਜੀ-20 ਸੰਮੇਲਨ ਦੇ ਅਧਿਕਾਰਤ ਸੈਸ਼ਨ ‘ਚ ਹਿੱਸਾ ਲੈਣਗੇ।