ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਦੇ ਪ੍ਰਸ਼ਾਸਨ ਨੇ ਕਈ ਮੌਕਿਆਂ ’ਤੇ ਭਾਰਤ ਸਰਕਾਰ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ’ਚ ਕੈਨੇਡਾ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਹ ਜਾਣਕਾਰੀ ਦਿਤੀ। ਇਹ ਪੁਛੇ ਜਾਣ ’ਤੇ ਕਿ ਕੀ ਭਾਰਤ ਕੈਨੇਡਾ ਨਾਲ ਸਹਿਯੋਗ ਕਰਨ ਲਈ ਸਹਿਮਤ ਹੋ ਗਿਆ ਹੈ, ਇਸ ’ਤੇ ਮਿੱਲਰ ਨੇ ਕਿਹਾ ਕਿ ਇਸ ਦਾ ਜਵਾਬ ਨਵੀਂ ਦਿੱਲੀ ਨੇ ਦੇਣਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਬਿ੍ਰਟਿਸ਼ ਕੋਲੰਬੀਆ ’ਚ ਜੂਨ ’ਚ ਹੋਏ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭਾਰਤੀ ਏਜੰਟਾਂ ਦੀ ‘ਸੰਭਾਵਤ’ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਤੋਂ ਭਾਰਤ ਅਤੇ ਕੈਨੇਡਾ ਵਿਚਕਾਰ ਦੁਵੱਲੇ ਸਬੰਧਾਂ ’ਚ ਤਣਾਅ ਆ ਗਿਆ।
ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ‘ਬੇਤੁਕਾ’ ਅਤੇ ‘ਬੇਬੁਨਿਆਦ’ ਦਸਦਿਆਂ ਖ਼ਾਰਜ ਕਰ ਦਿਤਾ ਅਤੇ ਇਸ ਮਾਮਲੇ ’ਚ ਇਕ ਭਾਰਤੀ ਅਧਿਕਾਰੀ ਨੂੰ ਕੱਢਣ ਦੀ ਓਟਾਵਾ ਦੀ ਕਾਰਵਾਈ ਦੇ ਬਦਲੇ ਉਸ ਨੇ ਵੀ ਅਪਣੇ ਦੇਸ਼ ਤੋਂ ਇਕ ਕੈਨੇਡੀਆਈ ਸਫ਼ੀਰ ਨੂੰ ਕੱਢ ਦਿਤਾ। ਕੈਨੇਡਾ ’ਚ ਨਿੱਝਰ ਦੇ ਕਤਲ ਦਾ ਮਾਮਲਾ ਅਮਰੀਕਾ ਦੇ ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਚੁਕਿਆ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿੱਲਰ ਨੇ ਅਪਣੀ ਰੋਜ਼ਾਨਾ ਪ੍ਰੈੱਸ ਕਾਨਫ਼ਰੰਸ ਸੰਮੇਲਨ ’ਚ ਇਕ ਪਾਕਿਸਤਾਨੀ ਪੱਤਰਕਾਰ ਦੇ ਸਵਾਲ ਦੇ ਜਵਾਬ ’ਚ ਕਿਹਾ, ‘‘ਉਨ੍ਹਾਂ ਨੇ ਉਦੋਂ ਵੀ ਸਪੱਸ਼ਟ ਕੀਤਾ ਸੀ ਅਤੇ ਹੁਣ ਮੈਂ ਦੁਹਰਾ ਰਿਹਾ ਹਾਂ ਕਿ ਅਸੀਂ ਇਸ ਮਾਮਲੇ ’ਤੇ ਕੈਨੇਡਾ ’ਚ ਅਪਣੇ ਸਹਿਯੋਗੀਆ ਨਾਲ ਨੇੜਿਉਂ ਤਾਲਮੇਲ ਕਰ ਰਹੇ ਹਾਂ।’’
ਉਨ੍ਹਾਂ ਕਿਹਾ, ‘‘ਅਸੀਂ ਕਈ ਮੌਕਿਆਂ ’ਤੇ ਭਾਰਤ ਸਰਕਾਰ ਨਾਲ ਗੱਲਬਾਤ ’ਚ ਕੈਨੇਡਾ ਦੀ ਜਾਂਚ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। (ਅਮਰੀਕਾ ਦੇ) ਵਿਦੇਸ਼ ਮੰਤਰੀ ਸ਼ੁੱਕਰਵਾਰ ਨੂੰ ਅਪਣੇ ਭਾਰਤੀ ਹਮਰੁਤਬਾ ਨਾਲ ਅਪਣੀ ਬੈਠਕ ’ਚ ਅਜਿਹਾ ਕਰਨ ਦਾ ਮੌਕਾ ਮਿਲਿਆ।’’ ਇਹ ਪੁਛੇ ਜਾਣ ’ਤੇ ਕਿ ਕੀ ਭਾਰਤ ਕੈਨੇਡਾ ਨਾਲ ਸਹਿਯੋਗ ਕਰਨ ਲਈ ਸਹਿਮਤ ਹੋ ਗਿਆ ਹੈ, ਇਸ ’ਤੇ ਮਿੱਲਰ ਨੇ ਕਿਹਾ ਕਿ ਇਸ ਦਾ ਜਵਾਬ ਨਵੀਂ ਦਿੱਲੀ ਨੇ ਦੇਣਾ ਹੈ।