ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਨਿੱਝਰ ਨੂੰ ਗੋਲੀ ਮਾਰ ਕੇ ਮਾਰਨ ਵਾਲੇ ਮੁਲਜ਼ਮ ਕੈਨੇਡਾ ’ਚ ਹੀ ਲੁਕ ਕੇ ਬੈਠੇ ਹਨ । ਕੈਨੇਡਾ ਦੇ ‘ਦ ਗਲੋਬ ਐਂਡ ਮੇਲ’ ਨੇ ਆਪਣੀ ਰਿਪੋਰਟ ’ਚ ਦੱਸਿਆ ਹੈ ਕਿ ਜਿਨ੍ਹਾਂ ਦੋ ਵਿਅਕਤੀਆਂ ਨੂੰ ਹਰਦੀਪ ਸਿੰਘ ਨਿੱਝਰ ਦੇ ਕਾਤਲ ਮੰਨਿਆ ਜਾ ਰਿਹਾ ਹੈ, ਉਹ ਕੈਨੇਡਾ ਛੱਡ ਕੇ ਨਹੀਂ ਗਏ। ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਅਸਲ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਸਤੰਬਰ ’ਚ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ।
ਉਨ੍ਹਾਂ ਕਿਹਾ ਸੀ ਕਿ ਨਿੱਝਰ ਦਾ ਕਤਲ ਭਾਰਤੀ ਏਜੰਟਾਂ ਨੇ ਕੀਤਾ ਸੀ, ਜਿਸ ਨੂੰ ਭਾਰਤ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ । ਭਾਰਤ ਨੇ ਕਿਹਾ ਕਿ ਟਰੂਡੋ ਦਾ ਬਿਆਨ ਰਾਜਨੀਤੀ ਤੋਂ ਪ੍ਰੇਰਿਤ ਸੀ। ਹਰਦੀਪ ਸਿੰਘ ਨਿੱਝਰ ਦਾ ਇਸ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰਦੁਆਰੇ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ ।‘ਦ ਗਲੋਬ ਐਂਡ ਮੇਲ’ ਨੇ ਆਪਣੀ ਰਿਪੋਰਟ ’ਚ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਦੋਵੇਂ ਸ਼ੱਕੀ ਮਹੀਨਿਆਂ ਤੋਂ ਪੁਲਿਸ ਦੀ ਨਿਗਰਾਨੀ ’ਚ ਸਨ। ਉਨ੍ਹਾਂ ਨੂੰ ਜਲਦੀ ਹੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਰਿਪੋਰਟ ’ਚ ਕਿਹਾ ਗਿਆ ਹੈ ਕਿ ਜਦੋਂ ਦੋਵਾਂ ਸ਼ੱਕੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਜਾਣਗੇ ਤਾਂ ਪੁਲਿਸ ਕਾਤਲਾਂ ਦੀ ਸ਼ਮੂਲੀਅਤ ਅਤੇ ਮਾਮਲੇ ’ਚ ਭਾਰਤ ਸਰਕਾਰ ਦੀ ਸ਼ਮੂਲੀਅਤ ਬਾਰੇ ਜਾਣਕਾਰੀ ਦੇਵੇਗੀ।