ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨੌਜਵਾਨ ਕਿਸਾਨ ਦੇ ਕਤਲ ਦੀ ਦਰਦਨਾਕ ਵੀਡੀਓ ਦੇਖੀ ਹੈ ਜੋ ਸਿਰਫ਼ ਆਪਣੇ ਜਮਹੂਰੀ ਹੱਕ ਦਾ ਪ੍ਰਗਟਾਵਾ ਕਰਨ ਲਈ ਉਥੇ ਗਿਆ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਇਨ੍ਹਾਂ ਲੋਕਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ ਅਤੇ ਉਹ ਸਮਾਜਿਕ ਅਤੇ ਆਰਥਿਕ ਤੌਰ ਉਤੇ ਇਸ ਪਰਿਵਾਰ ਦੀ ਮਦਦ ਕਰਨਗੇ।