
ਵਾਸ਼ਿੰਗਟਨ,5 ਜੂਨ (ਰਾਜ ਗੋਗਨਾ )- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਨਵੇਂ ਐਲਾਨ ‘ਤੇ ਦਸਤਖਤ ਕੀਤੇ ਹਨ, ਜਿਸ ਦੇ ਤਹਿਤ ਉਨ੍ਹਾਂ ਨੇ 12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ 7 ਹੋਰ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ‘ਤੇ ਅੰਸ਼ਕ ਪਾਬੰਦੀਆਂ ਲਗਾਈਆਂ ਗਈਆਂ ਹਨ। ਟਰੰਪ ਨੇ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਪ੍ਰਤੀ ਚਿੰਤਾ ਜ਼ਾਹਰ ਕਰਦੇ ਹੋਏ ਇਹ ਕਦਮ ਚੁੱਕਿਆ ਹੈ। ਕਿਹੜੇ ਦੇਸ਼ ਪਾਬੰਦੀਸ਼ੁਦਾ ਹਨ, ਰਿਪੋਰਟ ਦੇ ਅਨੁਸਾਰ, ਜਿਨ੍ਹਾਂ 12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ, ਉਨ੍ਹਾਂ ਵਿੱਚ ਅਫਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਦੇ ਨਾਗਰਿਕ ਹੁਣ ਅਮਰੀਕਾ ਵਿੱਚ ਦਾਖਲ ਨਹੀਂ ਹੋ ਸਕਣਗੇ। ਇੰਨਾਂ 7 ਦੇਸ਼ਾਂ ਵਿਰੁੱਧ ਅੰਸ਼ਕ ਪਾਬੰਦੀ ਤੋਂ ਇਲਾਵਾ, ਟਰੰਪ ਨੇ 7 ਹੋਰ ਦੇਸ਼ਾਂ ਦੇ ਲੋਕਾਂ ‘ਤੇ ਵੀ ਅੰਸ਼ਕ ਪਾਬੰਦੀ ਲਗਾਈ ਹੈ।
ਇਨ੍ਹਾਂ ਵਿੱਚ ਬੁਰੂੰਡੀ, ਕਿਊਬਾ, ਲਾਓਸ, ਸੀਅਰਾ ਲਿਓਨ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ‘ਤੇ ਹੁਣ ਵਿਸ਼ੇਸ਼ ਸ਼ਰਤਾਂ ਅਤੇ ਸਖ਼ਤ ਜਾਂਚ ਕੀਤੀ ਜਾਵੇਗੀ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਡੋਨਾਲਡ ਟਰੰਪ ਨੇ ਅਜਿਹੀ ਨੀਤੀ ਅਪਣਾਈ ਹੈ। ਇਸ ਤੋਂ ਪਹਿਲਾਂ, ਆਪਣੇ ਪਹਿਲੇ ਕਾਰਜਕਾਲ ਦੌਰਾਨ, ਟਰੰਪ ਨੇ 7 ਮੁਸਲਿਮ ਦੇਸ਼ਾਂ ਦੀ ਯਾਤਰਾ ‘ਤੇ ਪਾਬੰਦੀ ਲਗਾਈ ਸੀ, ਜਿਸ ਨੂੰ ਬਾਅਦ ਵਿੱਚ 2018 ਵਿੱਚ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਸੀ ।
ਟਰੰਪ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਇਹ ਕਾਰਵਾਈ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਅਤੇ ਸਾਡੇ ਨਾਗਰਿਕਾਂ ਦੇ ਹਿੱਤਾਂ ਦੀ ਰੱਖਿਆ ਲਈ ਕਰਨੀ ਪਈ। ਅਸੀਂ ਕੱਟੜਪੰਥੀ ਇਸਲਾਮੀ ਅੱਤਵਾਦੀਆਂ ਨੂੰ ਦੇਸ਼ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਯਾਤਰਾ ਪਾਬੰਦੀ, ਜਿਸ ਨੂੰ ਕੁਝ ਲੋਕ ‘ਟਰੰਪ ਯਾਤਰਾ ਪਾਬੰਦੀ’ ਕਹਿ ਰਹੇ ਹਨ, ਨੂੰ ਦੁਬਾਰਾ ਲਾਗੂ ਕਰਾਂਗੇ। ਇਹ ਇੱਕ ਅਜਿਹਾ ਕਦਮ ਜਿਸਨੂੰ ਸੁਪਰੀਮ ਕੋਰਟ ਨੇ ਵੀ ਜਾਇਜ਼ ਠਹਿਰਾਇਆ।