ਕਾਂਗਰਸ ਅਤੇ ਅਕਾਲੀ ਦਲ ਵੱਲੋਂ ਪਾਏ ਭ੍ਰਿਸ਼ਟਾਚਾਰ ਦੀ ਗੰਦਗੀ ਝਾੜੂ ਨਾਲ ਕੀਤੀ ਜਾਵੇਗੀ ਸਾਫ: ਚੀਮਾ

ਬਠਿੰਡਾ– ਪੰਜਾਬ ਵਿਚ ਹੋ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸੂਬਾ ਪੱਧਰ ਉੱਤੇ ਅੱਜ ਚੋਣ ਮੁਹਿੰਮ ”ਸਾਰਿਆਂ ਨੂੰ ਅਜਮਾਇਆ, ਸਾਰਿਆਂ ਨੇ ਦਿੱਤਾ ਧੋਖਾ, ਹੁਣ ਝਾੜੂ ਵਾਲਿਆਂ ਨੂੰ ਦੇਵਾਂਗੇ ਮੌਕਾ” ਦੀ ਸ਼ੁਰੂਆਤ ਝਾੜੂ ਚਲਾ ਕੇ ਕੀਤੀ ਗਈ। ਬਠਿੰਡਾ ਵਿਚ ਹੋਏ ਸੂਬਾ ਪੱਧਰੀ ਸਮਾਗਮ ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਨੇ ਝਾੜੂ ਚਲਾਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਜੱਗਾ, ਪ੍ਰਿੰਸੀਪਲ ਬੁੱਧ ਰਾਮ, ਰੁਪਿੰਦਰ ਕੌਰ ਰੂਬੀ, ਗੁਰਮੀਤ ਸਿੰਘ ਮੀਤ ਹੇਅਰ, ਬਲਦੇਵ ਸਿਘ ਜੇਤੋ, ਨਗਰ ਨਿਗਮ ਬਠਿੰਡਾ ਤੋਂ ਚੋਣ ਲੜ ਰਹੇ ਸਾਰੇ ‘ਆਪ’ ਉਮੀਦਵਾਰ ਅਤੇ ਬਠਿੰਡਾ ਦੇ ਸਾਰੇ ਆਗੂ ਹਾਜ਼ਰ ਸਨ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ‘ਆਪ’ ਦੇ ਸਾਰੇ ਵਲੰਟੀਅਰਾਂ ਵੱਲੋਂ ਅੱਜ ਝਾੜੂ ਚਲਾਕੇ ਸਾਰੇ ਪੰਜਾਬ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਘਰਾਂ, ਗਲੀਆਂ ਵਿੱਚ ਝਾੜੂ ਲਗਾਕੇ ਗੰਦਗੀ ਨੂੰ ਸਾਫ ਕੀਤਾ ਜਾਂਦਾ ਹੈ, ਚੋਣਾਂ ਵਿੱਚ ਝਾੜੂ ਚਲਾ ਕੇ ਅਕਾਲੀਆਂ-ਕਾਂਗਰਸੀਆਂ ਵੱਲੋਂ ਨਗਰ ਨਿਗਮਾਂ, ਮਿਊਸ਼ਪਲ ਕੌਂਸਲ ਵਿੱਚ ਪਾਈ ਭ੍ਰਿਸ਼ਟਾਚਾਰ ਦੀ ਗੰਦਗੀ ਨੂੰ ਸਾਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਲੰਟੀਅਰ ਭ੍ਰਿਸ਼ਟਾਚਾਰ ਦੀ ਗੰਦਗੀ ਨੂੰ ਸਾਫ ਕਰਨ ਵਾਲੇ ਅੱਜ ਪ੍ਰਣ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ‘ਸਾਰਿਆਂ ਨੂੰ ਅਜ਼ਮਾਇਆ, ਸਾਰਿਆਂ ਨੇ ਦਿੱਤਾ ਧੋਖਾ, ਹੁਣ ਝਾੜੂ ਵਾਲਿਆਂ ਨੂੰ ਦੇਵਾਂਗੇ ਮੌਕਾ’ ਦਾ ਸੰਲੋਗਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਭ੍ਰਿਸ਼ਟਾਚਾਰ ਅੱਡੇ ਬਣ ਚੁੱਕੇ ਹਨ। ਸ਼ਹਿਰਾਂ ਵਿੱਚ ਸਫਾਈ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ, ਕਿਤੇ ਵੀ ਸ਼ਹਿਰ ਵਿੱਚ ਅਪਰਾਧਾਂ ਨੂੰ ਰੋਕਣ ਦੇ ਲਈ ਸੀਸੀਟੀਵੀ ਕੈਮਰਿਆਂ ਦਾ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸੀਆਂ ਨੇ ਆਪਣੇ ਘਰਾਂ ਨੂੰ ਭਰਨ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹੁਣ ਲੋਕਾਂ ਨੂੰ ਬਦਲਾਅ ਦਿੱਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਦੇ ਲਈ ਕੰਮ ਕਰਨ ਵਾਲਿਆਂ ਨੂੰ ਜਤਾਇਆ ਜਾਵੇ।
ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਕੈਪਟਨ ਸਰਕਾਰ ਨੇ ਲੋਕਾਂ ਲਈ ਕੋਈ ਕੰਮ ਨਹੀਂ ਕੀਤਾ, ਚੋਣਾਂ ਤੋਂ ਪਹਿਲੇ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਗਏ ਹਨ, ਹੁਣ ਧੱਕੇ ਨਾਲ ਚੋਣਾਂ ਜਿੱਤਣ ਲਈ ਸੱਤਾਧਾਰੀ ਪਾਰਟੀ ਕਾਂਗਰਸ ਨੇ ਪਿਛਲੇ ਦਿਨੀਂ ਸਾਰੇ ਪੰਜਾਬ ਵਿੱਚ ਦਹਿਸਤਗਰਦੀ ਦਾ ਮਾਹੌਲ ਪੈਦਾ ਕਰਕੇ, ਗਲਤ ਢੰਗ ਨਾਲ ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਦਿੱਤੇ, ਖਾਸ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਮਿਲਕੇ ਮੰਗ ਕਰ ਚੁੱਕੇ ਹਾਂ ਕਿ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਸਾਰੇ ਪੰਜਾਬ ਵਿੱਚ ਹਿੰਸਾ ਉਤੇ ਉਤਰੀ ਹੋਈ, ਪੰਜਾਬ ਦੀ ਪੁਲਿਸ ਅਤੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੂਕ ਦਰਸ਼ਕ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਅੱਜ ਤੱਕ ਇਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਪਹਿਲਾਂ ਆਪਣੇ ਤਾਏ ਦੀ ਸਰਕਾਰ ਵਿੱਚ ਖਜ਼ਾਨਾ ਮੰਤਰੀ ਰਹੇ ਤੇ ਹੁਣ ਕੈਪਟਨ ਦੀ ਸਰਕਾਰ ਵਿੱਚ ਮੰਤਰੀ ਹਨ, ਦੋਵਾਂ ਸਮੇਂ ਹੀ ਨਿਕੰਮਾ ਤੇ ਨਖਿੱਧ ਸਿੱਧ ਹੋਏ ਹਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਲੋਕਾਂ ਨੂੰ ਦੇਣ ਦੀ ਬਜਾਏ ਖਜ਼ਾਨਾ ਭਰਨ ਵਾਸਤੇ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਉੱਤੇ ਨਵੇਂ ਟੈਕਸ ਲਗਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਅਤੇ ਬੇਰੁਜ਼ਾਗਰ ਨੌਜਵਾਨ ਰੁਜ਼ਗਾਰ ਲਈ ਧਰਨੇ ਦੇ ਰਹੇ ਹਨ, ਪਰ ਕੈਪਟਨ ਸਰਕਾਰ ਨੂੰ ਦਿਖਾਈ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਅੱਜ ਮਨਪ੍ਰੀਤ ਸਿੰਘ ਬਾਦਲ ਦੇ ਬੰਦਿਆਂ ਵੱਲੋਂ ਦੂਜੀਆਂ ਪਾਰਟੀਆਂ ਦੇ ਪੋਸਟਰ, ਬੈਨਰ ਪਾੜੇ ਜਾ ਰਹੇ ਹਨ, ਇਹ ਸਾਰਾ ਕੁਝ ਪੰਜਾਬ ਵਿੱਚ ਕਾਂਗਰਸੀਆਂ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਆਪਣੇ ਪ੍ਰਧਾਨ ਤੇ ਮੇਅਰ ਬਣਾਏਗੀ।

Install Punjabi Akhbar App

Install
×