ਕੇਂਦਰੀ ਕੈਬਨਿਟ ਨੇ ਕੀਟਨਾਸ਼ਕ ਪ੍ਰਬੰਧਨ ਬਿੱਲ 2020 ਦੇ ਖਰੜੇ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਕੈਬਨਿਟ ਨੇ ਕੀਟਨਾਸ਼ਕ ਪ੍ਰਬੰਧਨ ਬਿੱਲ 2020 ਦੇ ਖਰੜੇ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ, ਜਿਸ ‘ਚ ਕੀਟਨਾਸ਼ਕਾਂ ਦੀ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਇਸ ਨੂੰ ਮਨਜ਼ੂਰੀ ਦਿੱਤੀ ਗਈ। ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2008 ‘ਚ ਕੀਟਨਾਸ਼ਕ ਪ੍ਰਬੰਧਨ ਬਿੱਲ ਆਇਆ ਸੀ ਪਰ ਉਹ ਸੰਸਦ ‘ਚ ਪਾਸ ਨਹੀਂ ਹੋ ਸਕਿਆ। ਉਸ ਬਿੱਲ ਨੂੰ ਵਾਪਸ ਲੈ ਕੇ ਸਥਾਈ ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਹੋਰ ਸੁਝਾਵਾਂ ‘ਤੇ ਵਿਚਾਰ ਕਰਨ ਮਗਰੋਂ ਨਵੇਂ ਰੂਪ ‘ਚ ਕੀਟਨਾਸ਼ਕ ਪ੍ਰਬੰਧਨ ਬਿੱਲ 2020 ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ। ਜਾਵੜੇਕਰ ਨੇ ਕਿਹਾ ਕਿ ਇਹ ਮੋਦੀ ਸਰਕਾਰ ਦੀ ਕਿਸਾਨਾਂ ਦੀ ਭਲਾਈ ਲਈ ਇੱਕ ਹੋਰ ਪਹਿਲ ਹੈ। ਇਸ ਦਾ ਉਦੇਸ਼ ਕਿਸਾਨਾਂ ਨੂੰ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਕੀਟਨਾਸ਼ਕ ਮੁਹੱਈਆ ਕਰਾਉਣਾ ਹੈ। ਬਿੱਲ ‘ਚ ਕਿਸਾਨਾਂ ਨੂੰ ਨਕਲੀ ਅਤੇ ਅਣਅਧਿਕਾਰਤ ਕੀਟਨਾਸ਼ਕ ਤੋਂ ਬਚਾਉਣ ਲਈ ਉਪਾਅ ਕੀਤੇ ਗਏ ਹਨ। ਬਿੱਲ ਦੇ ਮੁਤਾਬਕ ਜੇਕਰ ਕੋਈ ਮਿਲਾਵਟੀ ਕੀਟਨਾਸ਼ਕ ਤੇ ਬਿਨਾਂ ਰਜਿਸਟ੍ਰੇਸ਼ਨ ਵਾਲਾ ਕੀਟਨਾਸ਼ਕ ਵੇਚਦਾ ਹੈ ਤਾਂ ਉਸ ਨੂੰ ਜੁਰਮਾਨਾ ਲਾਇਆ ਜਾ ਸਕਦਾ ਹੈ ਅਤੇ ਉਸ ਦੇ ਵਿਰੁੱਧ ਅਪਰਾਧਿਕ ਮਾਮਲਾ ਵੀ ਚਲਾਇਆ ਜਾ ਸਕਦਾ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×