ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਟੋਰਾਂਟੋ : ਕੈਨੇਡਾ ‘ਚ ਡਿਪੋਰਟ ਦੀ ਲਟਕ ਰਹੀ ਤਲਵਾਰ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਲੈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਪਹਿਲਾਂ ਕੈਨੇਡਾ ਸਰਕਾਰ ਨੇ 700 ਦੇ ਕਰੀਬ ਇਹਨਾਂ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਸੀ ਪਰ ਹੁਣ ਟਰੂਡੋ ਸਰਕਾਰ ਨੇ ਆਪਣੇ ਪੈਰ ਪਿੱਛੇ ਖਿੱਚ ਲਏ ਹਨ ਅਤੇ ਆਪਣੇ ਹੱਥ ਇਹਨਾਂ ਵਿਦਿਆਰਥੀਆਂ ਵੱਲ ਵਧਾਏ ਹਨ। ਮਿਲੀ ਜਾਣਕਾਰੀ ਮੁਤਾਬਕ ਭਾਰਤੀ ਵਿਦਿਆਰਥੀਆਂ ਨੂੰ ਪੀ.ਆਰ ਯਾਨੀ ਪੱਕੀ ਰਿਹਾਇਸ਼ ਦੇਣ ਦਾ ਰਾਹ ਕੈਨੇਡਾ ਸਰਕਾਰ ਕੱਢੇਗੀ।

ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਇਹ ਐਲਾਨ ਕੀਤਾ ਹੈ ਕਿ ਜਿਹੜੇ ਵਿਦਿਆਰਥੀ ਇਸ ਟੈਸਟ ਵਿਚ ਸਹੀ ਪਾਏ ਜਾਣਗੇ, ਉਨ੍ਹਾਂ ਨੂੰ ਕੁਝ ਸਾਲਾਂ ਲਈ ਕੈਨੇਡਾ ਵਿਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਪਾਏ ਜਾਣਗੇ, ਉਨ੍ਹਾਂ ਨੂੰ ਕੈਨੇਡਾ ਸਰਕਾਰ ਵੱਲੋਂ ਇੱਥੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਗੈਰ-ਕਾਨੂੰਨੀ ਢੰਗ ਨਾਲ ਆਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।