ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਏਸ਼ੀਅਨ ਗੱਤਕਾ ਫੈਡਰੇਸ਼ਨ ਨੇ ਭਾਰਤ ਦੀਆਂ 37ਵੀਆਂ ਰਾਸ਼ਟਰੀ ਖੇਡਾਂ ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕਰਨ ਲਈ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਮਾਨਤਾ ਮਿਲਣ ਨਾਲ ਹੁਣ ਵਿਦੇਸ਼ਾਂ ਵਿੱਚ ਵੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਵਿੱਚ ਮੱਦਦ ਮਿਲੇਗੀ ਅਤੇ ਇੱਕ ਮੁਕਾਬਲੇ ਵਾਲੀ ਖੇਡ ਵਜੋਂ ਮਾਨਤਾ ਦਿਵਾਉਣੀ ਸੁਖਾਲੀ ਹੋ ਜਾਵੇਗੀ। ਇੱਕ ਬਿਆਨ ਵਿੱਚ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਗੋਗਾ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਵਿਸ਼ਵ ਭਰ ਦੇ ਗੱਤਕਾ ਖਿਡਾਰੀਆਂ, ਤਕਨੀਕੀ ਅਧਿਕਾਰੀਆਂ ਅਤੇ ਪ੍ਰਮੋਟਰਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਵੱਡੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਨੇ ਗੱਤਕੇ ਨੂੰ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ, ਅਨੁਰਾਗ ਠਾਕੁਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਹ ਇਸ ਪ੍ਰਾਚੀਨ ਭਾਰਤੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਹੋਰ ਮੌਕੇ ਪ੍ਰਦਾਨ ਕਰਦੇ ਰਹਿਣਗੇ।