ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਨਿਊਯਾਰਕ ਪੁਲਿਸ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਨਿਯਮ ਵਿਰੁੱਧ ਕਰੜਾ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਅੰਦਰ ਭਾਰਤ ਦੇ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਨੂੰ ਇਕ ਪੱਤਰ ਲਿਖਿਆ ਹੈ।
ਇਸ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਪਾਸੋਂ ਵੀ ਦਖਲ ਮੰਗਿਆ ਹੈ। ਅਮਰੀਕਾ ’ਚ ਭਾਰਤੀ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਨੂੰ ਲਿਖੇ ਆਪਣੇ ਪੱਤਰ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਰੱਖਿਆ ਦੇ ਨਾਂ ਹੇਠ ਅਮਰੀਕਾ ਪੁਲਿਸ ਵੱਲੋਂ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਨਿਯਮ ਤਰਕਸੰਗਤ ਨਹੀਂ ਹੈ। ਗੈਸ ਮਾਸਕ ਦੇ ਹਵਾਲੇ ਨਾਲ ਦਾੜ੍ਹੀ ਰੱਖਣ ’ਤੇ ਪਾਬੰਦੀ ਗਲਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਾੜ੍ਹੀ ਬੰਨ੍ਹ ਕੇ ਗੈਸ ਮਾਸਕ ਆਸਾਨੀ ਨਾਲ ਪਹਿਨਿਆ ਜਾ ਸਕਦਾ ਹੈ, ਇਸ ਦੀ ਉਦਾਹਰਣ ਭਾਰਤੀ ਫ਼ੌਜ ਵਿਚ ਸੇਵਾ ਕਰ ਰਹੇ ਸਿੱਖ ਸਿਪਾਹੀ ਹਨ ਜੋ ਵਿਸ਼ਵ ਦੀਆਂ ਸਿਖਰਲੀਆਂ ਫ਼ੌਜਾਂ ਵਿਚ ਇਕ ਹੈ।