ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਗ਼ੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ, ਸੰਸਥਾਵਾਂ ਅਤੇ ਏਜੰਸੀਆਂ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਿਆਂ ‘ਚ ਲਾਇਸੰਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ।
ਸ. ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਨ.ਆਰ.ਆਈਜ਼ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਕੀਤੀ ਰੀਵਿਊ ਮੀਟਿੰਗ ਮਗਰੋਂ ਦੱਸਿਆ ਕਿ ਹੁਣ ਤੱਕ 7179 ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਦੀ ਜਾਣਕਾਰੀ ਇਕੱਤਰ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 3547 ਦੀ ਚੈਕਿੰਗ ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ 271 ਸੰਸਥਾਵਾਂ ਗ਼ੈਰ ਕਾਨੂੰਨੀ ਪਾਈਆਂ ਗਈਆਂ ਹਨ ਅਤੇ 25 ‘ਤੇ ਐਫ਼.ਆਰ.ਆਈ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਕੁੱਲ 609 ਸ਼ਿਕਾਇਤਾਂ ਵਿੱਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਅਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ।