ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਡੇਰਾ ਬਿਆਸ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈੱਕ ਸੌਂਪਿਆ ਹੈ।
ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫਦ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਇਸ ਔਖੇ ਸਮੇਂ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਲਈ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾਣ ਵਾਲੇ ਇੱਕ-ਇੱਕ ਪੈਸੇ ਨਾਲ ਪੀੜਤ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।