ਪਾਕਿਸਤਾਨ ’ਚ ਗਿਰਜਾਘਰਾਂ ’ਤੇ ਹਮਲਿਆਂ ਦੇ ਮਾਮਲੇ ’ਚ 135 ਗ੍ਰਿਫ਼ਤਾਰ

ਪਾਕਿਸਤਾਨ ਦੇ ਪੰਜਾਬ ਸੂਬੇ ’ਚ ਭੀੜ ਵੱਲੋਂ ਈਸਾਈ ਭਾਈਚਾਰੇ ਦੇ 21 ਗਿਰਜਾਘਰਾਂ ’ਤੇ ਹਮਲੇ ਕਰਨ ਨਾਲ ਸਬੰਧਤ ਮਾਮਲਿਆਂ ’ਚ ਹੁਣ ਤੱਕ 135 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਸਰਕਾਰ ਨੇ ਧਾਰਮਿਕ ਬੇਅਦਬੀ ਸਬੰਧੀ ਲੱਗੇ ਦੋਸ਼ਾਂ ਦੇ ਸਬੰਧ ਵਿੱਚ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਫੈਸਲਾਬਾਦ ਜ਼ਿਲ੍ਹੇ ਦੀ ਜੜਾਂਵਾਲਾ ਤਹਿਸੀਲ ’ਚ ਬੀਤੇ ਦਿਨ ਭੀੜ ਨੇ ਈਸਾਈ ਭਾਈਚਾਰੇ ਦੇ ਲੋਕਾਂ ਦੇ ਮਕਾਨਾਂ ਤੇ ਗਿਰਜਾਘਰਾਂ ਨੂੰ ਅੱਗ ਲਗਾ ਦਿੱਤੀ ਸੀ। ਈਸਾਈ ਭਾਈਚਾਰੇ ਨਾਲ ਸਬੰਧਤ ਦੋ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਕੁਰਾਨ ਦੀ ਬੇਅਦਬੀ ਕੀਤੇ ਜਾਣ ਦੀਆਂ ਰਿਪੋਰਟਾਂ ਮਿਲਣ ਮਗਰੋਂ ਇਹ ਹਿੰਸਕ ਘਟਨਾਵਾਂ ਵਾਪਰੀਆਂ ਹਨ।

ਪੰਜਾਬ ਸਰਕਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਕਥਿਤ ਧਾਰਮਿਕ ਬੇਅਦਬੀ ਦੇ ਮਾਮਲੇ ’ਚ ਈਸਾਈਆਂ ਦੇ ਮਕਾਨਾਂ ਤੇ ਗਿਰਜਾਘਰਾਂ ’ਤੇ ਹਮਲੇ ਕਰਨ ਦੇ ਦੋਸ਼ ਹੇਠ ਕੱਟਪੜਪੰਥੀ ਸਮੂਹ ਤਹਿਰੀਕ-ਏ-ਲੱਬੈਕ ਪਾਕਿਸਤਾਨ ਦੇ ਕਾਰਕੁਨਾਂ ਸਮੇਤ 135 ਜਣਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੰਜਾਬ ਦੇ ਕਾਰਜਕਾਰੀ ਸੂਚਨਾ ਮੰਤਰੀ ਆਮਿਰ ਮੀਰ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਹੁਣ ਤੱਕ 600 ਤੋਂ ਵੱਧ ਮਸ਼ਕੂਕਾਂ ਖ਼ਿਲਾਫ਼ ਅਤਿਵਾਦ ਤੇ ਧਾਰਮਿਕ ਬੇਅਦਬੀ ਦੇ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਸ਼ਾਂਤੀ ਕਾਇਮ ਕਰ ਲਈ ਗਈ ਹੈ ਅਤੇ ਚਰਚਾਂ ਤੇ ਈਸਾਈ ਭਾਈਚਾਰੇ ਦੇ ਲੋਕਾਂ ਦੇ ਘਰਾਂ ਬਾਹਰ ਸੁਰੱਖਿਆ ਲਈ ਭਾਰੀ ਪੁਲੀਸ ਤੇ ਰੇਂਜਰਜ਼ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਵੀ ਨਾਕਾਮ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਨ੍ਹਾਂ ਹਮਲਿਆਂ ’ਚ ਸ਼ਾਮਲ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।