ਕੈਨੇਡਾ ਦੀ ਸੰਸਦ ‘ਚ ਪ੍ਰਧਾਨ ਮੰਤਰੀ ਟਰੂਡੋ ਬੋਲੇ, ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਹੋ ਸਕਦੈ ਭਾਰਤ ਸਰਕਾਰ ਦਾ ਹੱਥ

ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਵਧਦਾ ਜਾ ਰਿਹਾ ਹੈ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਨਿੱਝਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧਾਂ ਦੀ ਜਾਂਚ ਕਰਨ ਵਿੱਚ ਰੁੱਝੀਆਂ ਹੋਈਆਂ ਹਨ।

ਔਟਵਾ ਵਿੱਚ ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਰਮਿਆਨ ਸੰਭਾਵੀ ਸਬੰਧਾਂ ਦੇ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਕਿਹਾ ਕਿ ਆਪਣੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੇ ਕਤਲ ‘ਚ ਕਿਸੇ ਹੋਰ ਦੇਸ਼ ਜਾਂ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ, ਜੋ ਕਿ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ’।

ਉਨ੍ਹਾਂ ਕਿਹਾ ਕਿ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਨਾਰਾਜ਼ ਹਨ ਅਤੇ ਸ਼ਾਇਦ ਡਰੇ ਵੀ ਹਨ। ਇਸ ਲਈ ਸਾਨੂੰ ਬਦਲਣ ਲਈ ਮਜਬੂਰ ਨਾ ਕਰੋ।

ਤੁਹਾਨੂੰ ਦੱਸ ਦੇਈਏ ਕਿ 18 ਜੂਨ ਨੂੰ ਕੈਨੇਡਾ ‘ਚ ਰਹਿ ਰਹੇ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿਚ ਪਾਬੰਦੀਸ਼ੁਦਾ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।