ਕੈਨੇਡਾ ਦੇ PM ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦੇ ਹੱਥ ਬਾਰੇ ਦਾਅਵਾ ਕਰਨ ਮਗਰੋਂ ਦੁਨੀਆ ਭਰ ਵਿੱਚ ਹਲਚਲ ਮੱਚ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਬੇਤੁਕਾ ਤੇ ਪ੍ਰੇਰਿਤ ਕਰਾਰ ਦਿੱਤਾ ਹੈ। ਉੱਧਰ ਅਮਰੀਕਾ ਨੇ ਇਸ ਮੁੱਦੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।
ਵ੍ਹਾਈਟ ਹਾਊਸ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਖਾਲਿਸਤਾਨੀ ਆਗੂ ਦੀ ਹੱਤਿਆ ਵਿੱਚ ਭਾਰਤ ਸਰਕਾਰ ਦੇ ਏਜੰਟ ਸ਼ਾਮਲ ਹੋਣ ਦੇ ਦੋਸ਼ਾਂ ਨੂੰ ਲੈ ਕੇ ਅਮਰੀਕਾ “ਬਹੁਤ ਚਿੰਤਿਤ” ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਭਾਰਤ ਸਰਕਾਰ ਦੇ ਏਜੰਟਾਂ ਨੇ 18 ਜੂਨ 2023 ਨੂੰ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਹੈ। ਭਾਰਤ ਨੇ ਮੰਗਲਵਾਰ ਨੂੰ ਇਸ ਦਾਅਵੇ ਨੂੰ ਬੇਤੁਕਾ ਅਤੇ ਪ੍ਰੇਰਿਤ ਕਹਿ ਕੇ ਰੱਦ ਕਰ ਦਿੱਤਾ।
ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੀ ਬੁਲਾਰਾ ਐਡਰਿਏਨ ਵਾਟਸਨ ਨੇ ਇਕ ਬਿਆਨ ਵਿਚ ਕਿਹਾ, “ਅਸੀਂ ਪ੍ਰਧਾਨ ਮੰਤਰੀ ਟਰੂਡੋ ਦੁਆਰਾ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹਾਂ। ਉਨ੍ਹਾਂ ਨੇ ਕਿਹਾ ਕਿ- “ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਇਹ ਵਧੇਰੇ ਮਹੱਤਵਪੂਰਨ ਹੈ ਕਿ ਕੈਨੇਡੀਅਨ ਜਾਂਚ ਅੱਗੇ ਵਧੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ”।