ਖਾਲਿਸਤਾਨੀ ਨਿੱਝਰ ਦੇ ਕਤਲ ਬਾਰੇ ਅਮਰੀਕਾ ਦਾ ਸਖਤ ਸਟੈਂਡ, ਕੈਨੇਡਾ ਦੇ ਹੱਕ ‘ਚ ਕਹੀ ਵੱਡੀ ਗੱਲ

ਖਾਲਿਸਤਾਨੀ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਅਮਰੀਕਾ ਨੇ ਮੁੜ ਸਟੈਂਡ ਦੁਹਰਾਇਆ ਹੈ। ਅਮਰੀਕਾ ਨੇ ਕਿਹਾ ਹੈ ਕਿ ਸਿੱਖ ਲੀਡਰ ਨਿੱਝਰ ਦੇ ਕਤਲ ਦੇ ਮਾਮਲੇ ’ਚ ਕੈਨੇਡਾ ਦੀ ਜਾਂਚ ਅੱਗੇ ਵਧਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।

ਦੱਸ ਦਈਏ ਕਿ ਕੈਨੇਡਾ ਨੇ ਦੋਸ਼ ਲਾਇਆ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤੀ ਅਧਿਕਾਰੀਆਂ ਦਾ ਹੱਥ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਕਾਫੀ ਵਧਦਾ ਜਾ ਰਿਹਾ ਹੈ।

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਬਹੁਤ ਚਿੰਤਤ ਹਾਂ। ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਜ਼ਦੀਕੀ ਸੰਪਰਕ ਵਿੱਚ ਹਾਂ।’