ਇਰਾਕ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਅੱਗ ਲੱਗਣ ਕਾਰਨ 100 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 150 ਤੋਂ ਵੱਧ ਗੰਭੀਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਅੱਗ ਲੱਗਣ ਦੇ ਕਾਰਨਾਂ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਇਰਾਕ ਦੇ ਉੱਤਰੀ ਇਲਾਕੇ ਦੀ ਦੱਸੀ ਜਾ ਰਹੀ ਹੈ। ਇਰਾਕ ਦੇ ਸਿਹਤ ਮੰਤਰੀ ਨੇ ਪੁਸ਼ਟੀ ਕੀਤੀ ਹੈ ਕਿ ਨੀਨੇਵੇਹ ਸੂਬੇ ਦੇ ਹਮਦਾਨੀਆ ਵਿੱਚ ਇੱਕ ਵਿਆਹ ਹਾਲ ਵਿੱਚ ਅੱਗ ਲੱਗਣ ਕਾਰਨ 100 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇਸ ਘਟਨਾ ਵਿੱਚ 150 ਲੋਕ ਜ਼ਖ਼ਮੀ ਵੀ ਹੋਏ ਹਨ। ਹਮਦਾਨੀਆ ਇਰਾਕ ਦੀ ਰਾਜਧਾਨੀ ਬਗਦਾਦ ਤੋਂ ਲਗਭਗ 335 ਕਿਲੋਮੀਟਰ ਦੂਰ ਮੋਸੂਲ ਸ਼ਹਿਰ ਦੇ ਬਾਹਰ ਇੱਕ ਈਸਾਈ ਬਹੁਲ ਇਲਾਕਾ ਹੈ।
ਜਾਣਕਾਰੀ ਅਨੁਸਾਰ ਅੱਗ ਦੀਆਂ ਲਪਟਾਂ ਤੇਜ਼ੀ ਨਾਲ ਵੱਧ ਰਹੀਆਂ ਸਨ ਅਤੇ ਅੱਗ ਲੱਗਣ ਤੋਂ ਬਾਅਦ ਲੋਕ ਮੌਕੇ ਤੋਂ ਭੱਜ ਰਹੇ ਸਨ। ਇਸ ਘਟਨਾ ਦਾ ਸ਼ਿਕਾਰ ਹੋਏ ਕਈ ਲੋਕ ਆਕਸੀਜਨ ਦੀ ਘਾਟ ਕਾਰਨ ਸਥਾਨਕ ਹਸਪਤਾਲ ਪੁੱਜੇ ਤਾਂ ਉਨ੍ਹਾਂ ਲਈ ਆਕਸੀਜਨ ਸਿਲੰਡਰ ਦਾ ਪ੍ਰਬੰਧ ਕੀਤਾ ਗਿਆ। ਸਿਹਤ ਮੰਤਰਾਲੇ ਦੇ ਬੁਲਾਰੇ ਸੈਫ ਅਲ-ਬਦਰ ਨੇ ਕਿਹਾ ਕਿ ਇਸ ਮੰਦਭਾਗੀ ਦੁਰਘਟਨਾ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।