ਜੱਸੀ ਪੌ ਵਾਲੀ ਵਿਖੇ ਪਰਾਲੀ ਦੀ ਸੰਭਾਲ ਬਾਰੇ ਕਲੱਸਟਰ ਪੱਧਰੀ ਲਗਾਇਆ ਕਿਸਾਨ ਕੈਂਪ

ਬਠਿੰਡਾ, 7 ਅਕਤੂਬਰ, ਬਲਵਿੰਦਰ ਸਿੰਘ ਭੁੱਲਰ
ਪਰਾਲੀ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਕਰਨ ਨਾਲ ਜਿੱਥੇ ਵਾਤਾਵਰਣ ਦੀ ਸੁੱਧਤਾ ਕਾਇਮ ਰੱਖੀ ਜਾ ਸਕੇਗੀ, ਉੱਥੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਇਹ ਵਿਚਾਰ ਡਿਪਟੀ ਕਮਿਸਨਰ ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਹਸਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਜੱਸੀ ਪੌ ਵਾਲੀ ਵਿਖੇ ਕਿਸਾਨ ਭਲਾਈ ਵਿਭਾਗ ਬਲਾਕ ਬਠਿੰਡਾ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਬਾਰੇ ਕਲੱਸਟਰ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਡਾ: ਬਲਜਿੰਦਰ ਸਿੰਘ ਖੇਤੀਬਾੜੀ ਬਲਾਕ ਅਫ਼ਸਰ ਬਠਿੰਡਾ ਨੇ ਪ੍ਰਗਟ ਕੀਤੇ।

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਡਾ: ਬਲਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਸੁਧਰੀ ਖੇਤੀ ਮਸ਼ੀਨਰੀ ਜਿਵੇਂ ਕਿ ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ ਆਦਿ ਨਾਲ ਕਣਕ ਦੀ ਬਿਜਾਈ ਪਰਾਲੀ ਸਾੜੇ ਬਗੈਰ ਕਰ ਸਕਦੇ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨਾ ਵਾਤਾਵਰਣ ਦੀ ਸੁੱਧਤਾ ਕਾਇਮ ਰੱਖਣ ਲਈ ਇੱਕ ਅਹਿਮ ਕਦਮ ਹੋਵੇਗਾ। ਇਸਤੋਂ ਇਲਾਵਾ ਪਰਾਲੀ ਜ਼ਮੀਨ ਵਿੱਚ ਮਿਲਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ, ਉੱਥੇ ਮਿੱਟੀ ਵਿੱਚ ਜਰੂਰੀ ਤੱਤਾਂ ਦੀ ਪੂਰਤੀ ਹੋਣ ਸਦਕਾ ਅਗਲੇਰੀ ਕਣਕ ਦੀ ਫ਼ਸਲ ਲਈ ਖਾਦਾਂ ਦੀ ਲੋੜ ਘੱਟ ਪਵੇਗੀ। ਡਾ: ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਪਰਾਲੀ ਦੀ ਸਾਂਭ ਸੰਭਾਲ ਲਈ ਵਿਭਾਗ ਵੱਲੋਂ ਮੁਹੱਈਆਂ ਕਰਵਾਈਆਂ ਗਈਆਂ ਮਸ਼ੀਨਾਂ ਤੋਂ ਜਾਣੂ ਕਰਵਾਇਆ ਅਤੇ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਲਾਹਾ ਲੈਣ ਦਾ ਸੁਝਾਅ ਦਿੱਤਾ।

ਡਾ: ਜਗਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਝੋਨੇ ਅਤੇ ਬਾਸਮਤੀ ਦੀ ਫ਼ਸਲ ਦੀਆਂ ਬੀਮਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਵਧੀਆ ਕੁਆਲਿਟੀ ਦੀ ਉਪਜ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਜਿਹਨਾਂ ਛੇ ਕੀੜੇਮਾਰ ਅਤੇ ਚਾਰ ਉੱਲੀਨਾਸ਼ਕ ਦਵਾਈਆਂ ਤੇ ਪਾਬੰਦੀ ਲਗਾਈ ਗਈ ਹੈ, ਉਹਨਾਂ ਵਰਤੋਂ ਨਾ ਕਰਨ। ਉਹਨਾਂ ਰਾਜ ਸਰਕਾਰ ਵੱਲੋਂ ਸਬਸਿਡੀ ਤੇ ਦਿੱਤੇ ਜਾਣ ਵਾਲੇ ਕਦਕ ਦੇ ਬੀਜ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਆਨਲਾਈਨ ਪੋਰਟਲ ਦੇ ਅਪਲਾਈ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ। ਇਸ ਮੌਕੇ ਸ੍ਰੀ ਗੁਰਮਿਲਾਪ ਸਿੰਘ ਬੀ ਟੀ ਐੱਮ, ਸ੍ਰੀਮਤੀ ਕੁਲਵੀਰ ਕੌਰ ਏ ਐੱਸ ਆਈ, ਸ੍ਰੀਮਤੀ ਅਮਨਵੀਰ ਕੌਰ ਏ ਐੱਸ ਆਈ ਤੋਂ ਇਲਾਵਾ ਪਿੰਡ ਦੀ ਪੰਚਾਇਤ, ਪਤਵੰਤੇ ਵਿਅਕਤੀ ਤੇ ਕਿਸਾਨ ਹਾਜਰ ਸਨ।