ਵਾਸ਼ਿੰਗਟਨ, 13 ਅਕਤੂਬਰ (ਰਾਜ ਗੋਗਨਾ)-ਪਿਛਲੇ ਮਹੀਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦਾ ਦੋਸ਼ ਲਾਇਆ ਸੀ। ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ‘ਚ ਦਰਾਰ ਆ ਗਈ ਸੀ। ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਰੁਕਾਵਟ ਬਣੀ ਹੋਈ ਹੈ। ਅਜਿਹੇ ‘ਚ ਖਬਰ ਹੈ ਕਿ ਕੈਨੇਡਾ ਦੀ ਵਿਦੇਸ਼ ਮੰਤਰੀ ਦੀ ਅਮਰੀਕਾ ‘ਚ ਜੈਸ਼ੰਕਰ ਨਾਲ ਗੁਪਤ ਬੈਠਕ ਹੋਈ ਹੈ। ਹਾਲਾਂਕਿ ਦੋਵਾਂ ਦੇਸ਼ਾਂ ਤੋਂ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।ਜੋ ਭਾਰਤ ਨਾਲ ਸਬੰਧ ਸੁਧਾਰਨ ਦੀ ਕੈਨੇਡਾ ਦੀ ਕੋਸ਼ਿਸ਼ ਹੈ। ਇਕ ਮੀਡੀਆ ਰਿਪੋਰਟ ਮੁਤਾਬਕ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲ਼ਾਨੀਆ ਜੋਲੀ ਅਮਰੀਕਾ ਗਏ ਸਨ। ਨਾਲ ਹੀ ਇਸ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੈਨੇਡਾ ਸਰਕਾਰ ਭਾਰਤ ਨਾਲ ਆਪਣੇ ਕੂਟਨੀਤਕ ਸਬੰਧਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਮਹੀਨੇ ਦੀ ਸ਼ੁਰੂਆਤ ‘ਚ ਵੀ ਕੈਨੇਡਾ ਦੀ ਵਿਦੇਸ਼ ਮੰਤਰੀ ਨੇ ਕਿਹਾ ਸੀ ਕਿ ਉਹ ਭਾਰਤ ਨਾਲ ਨਿੱਜੀ ਤੌਰ ‘ਤੇ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਹਨ।
19 ਸਤੰਬਰ ਨੂੰ ਕੈਨੇਡਾ ਦੀ ਸੰਸਦ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਅਤੇ ਭਾਰਤ ਸਰਕਾਰ ਵਿਚਕਾਰ ਸੰਭਾਵੀ ਸਬੰਧਾਂ ਦੇ ਭਰੋਸੇਯੋਗ ਦੋਸ਼ਾਂ ਦੀ ਜਾਂਚ ਕਰ ਰਹੀਆਂ ਹਨ। ਕੈਨੇਡਾ ਕਾਨੂੰਨ ਦੀ ਪਾਲਣਾ ਕਰਨ ਵਾਲਾ ਦੇਸ਼ ਹੈ। ਕੈਨੇਡੀਅਨ ਨਾਗਰਿਕਾਂ ਦੀ ਰੱਖਿਆ ਕਰਨਾ ਅਤੇ ਸਾਡੀ ਪ੍ਰਭੂਸੱਤਾ ਦੀ ਰੱਖਿਆ ਕਰਨਾ ਸਾਡਾ ਬੁਨਿਆਦੀ ਫਰਜ਼ ਹੈ। ਹਾਲਾਂਕਿ ਕੈਨੇਡਾ ਸਰਕਾਰ ਵੱਲੋਂ ਅਜਿਹਾ ਕੋਈ ਸਬੂਤ ਜਾਰੀ ਨਹੀਂ ਕੀਤਾ ਗਿਆ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਯੂ-ਟਰਨ ਹਾਲਾਂਕਿ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਪੀਐੱਮ ਟਰੂਡੋ ‘ਤੇ ਕਈ ਸਵਾਲ ਚੁੱਕੇ ਗਏ ਸਨ। ਉਨ੍ਹਾਂ ਦੇ ਆਪਣੇ ਸੰਸਦ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਵਾਲ ਵੀ ਉਠਾਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਤੋਂ ਉਨ੍ਹਾਂ ਦੇ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਸਬੂਤ ਵੀ ਮੰਗੇ ਸਨ। ਜਿਸ ਕਾਰਨ ਹੁਣ ਜਸਟਿਨ ਟਰੂਡੋ ਖੁਦ ਭਾਰਤ ਨੂੰ ਸੁਪਰਪਾਵਰ ਦੱਸ ਕੇ ਦੋਸਤੀ ਨੂੰ ਨਵੀਂ ਉਚਾਈ ‘ਤੇ ਲਿਜਾਣ ਦੀ ਵਕਾਲਤ ਕਰ ਰਹੇ ਹਨ।