ਪੈਰਿਸ: ਫ਼ਲਸਤੀਨੀ ਖਾੜਕੂ ਜਥੇਬੰਦੀ ਹਮਾਸ ਵਲੋਂ ਇਜ਼ਰਾਈਲ ’ਤੇ ਹਮਲਾ ਕੀਤੇ ਜਾਣ ਤੋਂ ਬਾਅਦ ਯਹੂਦੀ ਵਿਰੋਧੀ ਘਟਨਾਵਾਂ ’ਚ ਵਾਧੇ ਦੇ ਮੱਦੇਨਜ਼ਰ ਫ਼ਰਾਂਸ ਦੇ ਗ੍ਰਹਿ ਮੰਤਰੀ ਨੇ ਸਥਾਨਕ ਅਧਿਕਾਰੀਆਂ ਨੂੰ ਸਾਰੇ ਫ਼ਲਸਤੀਨ ਪੱਖੀ ਪ੍ਰਦਰਸ਼ਨਾਂ ’ਤੇ ਪਾਬੰਦੀ ਲਗਾਉਣ ਦਾ ਹੁਕਮ ਦਿਤਾ ਹੈ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਫਰਾਂਸ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਛਮੀ ਏਸ਼ੀਆ ’ਚ ਚੱਲ ਰਹੀ ਜੰਗ ਦਾ ਅਸਰ ਅਪਣੇ ਦੇਸ਼ ’ਤੇ ਨਹੀਂ ਪੈਣ ਦੇਣਗੇ।
ਮੈਕਰੋਨ ਨੇ ਮੱਧ ਪੂਰਬ ’ਚ ਸੰਘਰਸ਼ ’ਤੇ ਦੇਸ਼ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ, ਪੈਰਿਸ ਪੁਲਿਸ ਨੇ ਫਲਸਤੀਨ ਪੱਖੀ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦਾਗੀਆਂ। ਇਨ੍ਹਾਂ ਲੋਕਾਂ ਨੇ ਪਾਬੰਦੀ ਦੀ ਉਲੰਘਣਾ ਕਰਦੇ ਹੋਏ ਇਜ਼ਰਾਈਲ ਸਰਕਾਰ ਵਿਰੁਧ ਪ੍ਰਦਰਸ਼ਨ ਕੀਤਾ ਸੀ।