ਕਿਸੇ ਵੇਲੇ ਅਤਿ ਚਰਚਾ ਵਿੱਚ ਰਹੀ ਪ੍ਰਵਾਸੀ ਪੰਜਾਬੀਆਂ ਦੇ ਭਲੇ ਹਿੱਤ ਬਣਾਈ ਐਨ.ਆਰ.ਆਈ. ਸਭਾ (ਰਜਿ:) ਜਲੰਧਰ ਦੇ ਪ੍ਰਧਾਨ ਦੀ ਚੋਣ 5 ਜਨਵਰੀ 2024 ਨੂੰ ਹੋਵੇਗੀ। ਪ੍ਰਧਾਨਗੀ ਚੋਣ ਦਾ ਅਮਲ 11 ਦਸੰਬਰ 2023 ਤੋਂ ਸ਼ੁਰੂ ਹੋਵੇਗਾ।ਐਨ.ਆਰ.ਆਈ. 27 ਅਕਤੂਬਰ 2023 ਤੱਕ 10,000 ਰੁਪਏ ਦੇ ਕੇ ਲਾਈਫ ਮੈਂਬਰਸ਼ਿਪ ਲੈ ਸਕਦੇ ਹਨ। ਇਹ ਸਭਾ 1998 ਵਿੱਚ, ਸੁਸਾਇਟੀ ਰਜਿਸਟ੍ਰੇਸ਼ਨ ਐਕਟ 1860 ਦੇ ਅਧੀਨ ਰਜਿਸਟਰਡ ਕਰਵਾਈ ਗਈ।
ਇਸ ਸਭਾ ਦੇ ਦੁਨੀਆ ਭਰ ਵਿੱਚ 25,000 ਹਜ਼ਾਰ ਤੋਂ ਵੱਧ ਐਨ.ਆਰ.ਆਈ. ਮੈਂਬਰ ਹਨ। ਇਸ ਸਭਾ ਦੇ ਮੁੱਖ ਮੰਤਰੀ ਪੰਜਾਬ ਚੀਫ ਪੈਟਰਨ, ਜਲੰਧਰ ਡਿਵੀਜਨ ਦੇ ਕਮਿਸ਼ਨਰ ਚੇਅਰਮੈਨ ਅਤੇ ਪੰਜਾਬ ਦੇ 12 ਜਿਲਿਆਂ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂ ਸ਼ਹਿਰ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਲੁਧਿਆਣਾ, ਮੋਗਾ, ਮੁਹਾਲੀ, ਪਟਿਆਲਾ ਅਤੇ ਰੋਪੜ ਦੇ ਡਿਪਟੀ ਕਮਿਸ਼ਨਰ ਆਪੋ-ਆਪਣੇ ਜਿਲਿਆਂ ਵਿੱਚ ਬਣਾਏ ਸਭਾ ਦੇ ਯੂਨਿਟਾਂ ਦੇ ਚੇਅਰਮੈਨ ਹਨ। ਇਹਨਾ ਜਿਲਿਆਂ ਵਿੱਚ ਹੀ ਐਨ.ਆਰ.ਆਈ. ਪੁਲਿਸ ਸਟੇਸ਼ਨ ਅਤੇ ਐਨ.ਆਰ.ਆਈ. ਅਦਾਲਤਾਂ ਸਰਕਾਰ ਵਲੋਂ ਸਥਾਪਿਤ ਹਨ।
ਕਈ ਦਹਾਕੇ ਪਹਿਲਾਂ ਪੰਜਾਬ ਸਰਕਾਰ ਵਲੋਂ ਐਨ.ਆਰ.ਆਈ. ਸਭਾ ਜਲੰਧਰ ਦਾ ਗਠਨ ਕੀਤਾ ਗਿਆ ਸੀ। ਜਿਸ ਕੋਲ ਕੋਈ ਵੀ ਕਨੂੰਨੀ ਅਧਿਕਾਰ ਨਹੀਂ ਹੈ ਪਰ ਇਹ ਸਭਾ ਸਰਕਾਰ ਦੇ ਵੱਖੋ-ਵੱਖਰੇ ਮਹਿਕਮਿਆਂ ਨਾਲ ਸੰਪਰਕ ਕਰਕੇ ਐਨ.ਆਰ.ਆਈ. ਦੇ ਹਿੱਤਾਂ ਲਈ ਕੰਮ ਕਰਨ ਵਜੋਂ ਜਾਣੀ ਜਾਂਦੀ ਹੈ। ਪਰ ਬਹੁਤੇ ਸਰਕਾਰੀ ਦਖ਼ਲ ਕਾਰਨ ਇਹ ਸਭਾ ਸਿਆਸਤ ਦਾ ਅਖਾੜਾ ਬਣ ਗਈ। ਪਿਛਲੀ ਵੇਰ ਚੋਣ ਹੋਣ ਦੇ ਬਾਵਜੂਦ ਵੀ ਇਸਦੇ ਹੋਂਦ ਵਿਖਾਈ ਹੀ ਨਹੀਂ ਦਿੰਦੀ। ਪਿਛਲੀ ਵੇਰ ਕਿਪਾਲ ਸਿੰਘ ਸਹੋਤਾ ਅਮਰੀਕਾ ਪ੍ਰਧਾਨ ਚੁਣੇ ਗਏ, ਪਰ ਉਹਨਾ ਨੇ ਚੋਣ ਤੋਂ ਬਾਅਦ ਸਭਾ ਦੀਆਂ ਸਰਗਰਮੀਆਂ 'ਚ ਕੋਈ ਦਿਲਚਸਪੀ ਹੀ ਨਾ ਵਿਖਾਈ। ਇਹ ਚੋਣ 2020 ਵਿੱਚ ਹੋਈ ਸੀ।
ਇਸ ਸੰਸਥਾ ਨੇ ਹਜ਼ਾਰਾਂ ਪ੍ਰਵਾਸੀ ਪੰਜਾਬੀਆਂ ਤੋਂ ਮੈਂਬਰਸ਼ਿਪ ਦੇ ਨਾਮ 'ਤੇ ਚੰਦੇ ਉਗਰਾਹੇ, ਕਰੋੜਾਂ ਦੀ ਲਾਗਤ ਨਾਲ ਜਲੰਧਰ 'ਚ ਦਫ਼ਤਰ ਬਣਾਇਆ, ਪਰ ਹੁਣ ਇਸਦੀ ਹਾਲਤ ਚਾਰਾ ਖਾਣ ਵਾਲੇ ਹਾਥੀ ਦੀ ਹੈ, ਜੋ ਕਿਸੇ ਦਾ ਕੁਝ ਵੀ ਨਹੀਂ ਸੁਆਰਦਾ ਭਾਵੇਂ ਕਿ ਇਹ ਸੁਸਾਇਟੀ ਸੁਤੰਤਰ ਹੈ, ਪਰ ਹੁਣ ਸਰਕਾਰ ਦੇ ਗਲਬੇ ਹੇਠ ਹੈ, ਇਥੋਂ ਤੱਕ ਕਿ ਇਸਦਾ ਇਨਫਰਾਸਟ੍ਰਕਚਰ ਵੀ ਸੁਸਾਇਟੀ ਦੀ ਸੁਤੰਤਰ ਮਾਲਕੀ ਵਾਲਾ ਨਹੀਂ ਰਿਹਾ। ਸਟੇਟ ਐਨ.ਆਰ.ਆਈ. ਕਮਿਸ਼ਨਰ, ਜਲੰਧਰ ਡਿਵੀਜ਼ਨ ਇਸ ਸਭਾ ਦੇ ਕਮਿਸ਼ਨਰ ਹਨ।
ਅਕਾਲੀ-ਭਾਜਪਾ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਇਸ ਕਿਸਮ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਕਥਿਤ ਉਦੇਸ਼ ਅਧੀਨ ਹਰ ਵਰ੍ਹੇ ਪੰਜਾਬੀ ਪ੍ਰਵਾਸੀ ਕਾਨਫਰੰਸਾਂ ਲਗਭਗ ਬਾਰਾਂ ਵਰ੍ਹੇ ਕਰਵਾਈਆਂ ਜਾਂਦੀਆਂ ਰਹੀਆਂ। ਕੈਨੇਡਾ, ਅਮਰੀਕਾ, ਬਰਤਾਨੀਆਂ ਅਤੇ ਹੋਰ ਮੁਲਕਾਂ ਤੋਂ ਕੁਝ ਚੋਣਵੇਂ ਪ੍ਰਮੁੱਖ ਪੰਜਾਬੀ ਪ੍ਰਵਾਸੀ ਇਹਨਾ ਕਾਨਫਰੰਸਾਂ 'ਚ ਹਿੱਸਾ ਲੈਂਦੇ ਰਹੇ। ਹਰ ਵਰ੍ਹੇ ਲੱਖਾਂ ਰੁਪਏ ਖਰਚਣ ਤੋਂ ਬਾਅਦ ਵੀ ਪ੍ਰਵਾਸੀ ਪੰਜਾਬੀਆਂ ਦੇ ਪੱਲੇ ਇਸ ਕਰਕੇ ਇਹਨਾ ਕਾਨਫਰੰਸਾਂ ਤੋਂ ਕੁਝ ਨਾ ਪਿਆ ਕਿ ਗੱਲਾਂ-ਬਾਤਾਂ ਤੋਂ ਬਾਅਦ ਅਮਲੀ ਰੂਪ ਵਿੱਚ ਸਰਕਾਰ ਵੱਲੋਂ ਕੁਝ ਨਾ ਕੀਤਾ ਗਿਆ। ਐਨ.ਆਰ.ਆਈ. ਥਾਣਿਆਂ ਅਤੇ ਐਨ.ਆਰ.ਆਈ. ਅਦਾਲਤਾਂ ਦੀ ਕਾਰਗੁਜ਼ਾਰੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ ਕਿਉਂਕਿ ਇਸ ਸਰਕਾਰ ਦਾ ਮੰਤਵ ਤਾਂ ਅੰਦਰੋਂ ਪ੍ਰਵਾਸੀ ਪੰਜਾਬੀਆਂ ਦੇ ਉਹਨਾ ਦੇ ਪ੍ਰਭਾਵ ਵਾਲੀਆਂ ਵੋਟਾਂ ਪ੍ਰਾਪਤ ਕਰਨ ਦਾ ਪੱਤਾ ਖੇਡਣਾ ਸੀ।
ਪਰ ਜਦੋਂ ਪ੍ਰਵਾਸੀ ਪੰਜਾਬੀਆਂ ਦਾ ਵੱਡਾ ਹਿੱਸਾ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਵਲੋਂ 2012 'ਚ ਬਣਾਈ ਪੀਪਲਜ਼ ਪਾਰਟੀ ਆਫ ਪੰਜਾਬ ਦੇ ਹੱਕ ਵਿੱਚ ਨਿਤਰ ਪਿਆ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ ਨਾਲ ਲੋਕ ਸਭਾ ਚੋਣਾ ਵੇਲੇ ਖੜਾ ਦਿਸਿਆ ਤਾਂ ਅਕਾਲੀ-ਭਾਜਪਾ ਦੀ ਸਰਕਾਰ ਨੇ ਪੰਜਾਬੀ ਪ੍ਰਵਾਸੀਆਂ ਦਾ ਖਹਿੜਾ ਛੱਡ ਉਹਨਾ ਨੂੰ ਆਪਣੇ ਰਹਿਮੋ ਕਰਮ ਉਤੇ ਰਹਿਣ ਦੇਣ ਦਾ ਜਿਵੇਂ ਫੈਸਲਾ ਹੀ ਕਰ ਲਿਆ। ਪ੍ਰਵਾਸੀ ਪੰਜਾਬੀਆਂ ਦੀ ਡੇਢ ਦਹਾਕਾ ਪਹਿਲਾਂ ਤੋਂ ਚਲਦੀ ਸੰਸਥਾ ਐਨਆਰ ਆਈ ਸਭਾ ਦੀਆਂ ਸਰਗਰਮੀਆਂ ਠੱਪ ਕਰ ਦਿੱਤੀਆਂ, ਉਸਦੀ ਵਾਂਗ ਡੋਰ ਅਫ਼ਸਰਾਂ ਹੱਥ ਫੜਾ ਦਿੱਤੀ, ਕਿਉਂਕਿ ਉਹ ਸਿਆਸੀ ਲੋਕਾਂ ਦਾ ਅਖਾੜਾ ਬਣਦੀ ਨਜ਼ਰ ਆਉਣ ਲੱਗ ਪਈ ਸੀ।
ਉਂਜ ਸਭਾ ਦਾ ਉਦੇਸ਼ ਐਨ.ਆਰ.ਆਈ. ਵੀਰਾਂ ਦੇ ਹੱਕਾਂ ਦੀ ਰਾਖੀ ਕਰਨਾ ਸੀ। ਉਹਨਾ ਨੂੰ ਕੋਈ ਮੁਸ਼ਕਲ ਪੇਸ਼ ਨਾ ਹੋਵੇ, ਅਤੇ ਉਹਨਾ ਦੀ ਜਾਇਦਾਦ ਨੂੰ ਕੋਈ ਸੰਨ੍ਹ ਨਾ ਲਾਵੇ, ਇਹ ਵੇਖਣਾ ਵੀ ਉਹਨਾ ਦਾ ਮੰਤਵ ਨੀਅਤ ਸੀ। ਲੋੜ ਅਨੁਸਾਰ ਐਨ.ਆਰ.ਆਈਜ਼, ਦੀ ਮਦਦ ਕਰਨਾ ਵੀ ਮਿਥਿਆ ਗਿਆ ਸੀ।
ਪਿਛਲੇ ਪੰਜਾਹ ਵਰਿਆਂ ਦੌਰਾਨ ਹਜ਼ਾਰਾਂ ਪੰਜਾਬੀਆਂ ਚੰਗੇਰੇ ਭਵਿੱਖ ਲਈ ਆਪਣਾ ਘਰ-ਬਾਰ ਛੱਡਿਆ ਹੈ। ਭਾਵੇਂ ਕਿ ਪੰਜਾਬੀਆਂ ਦੇ ਪ੍ਰਵਾਸ ਦੀ ਕਹਾਣੀ ਵੀਹਵੀਂ ਸਦੀ ਦੇ ਪਹਿਲੇ ਦਹਾਕੇ ਤੋਂ ਸ਼ੁਰੂ ਹੁੰਦੀ ਹੈ ਪਰ ਅਸਲ ਵਿੱਚ 1960 ਤੋਂ ਬਾਅਦ ਜਿਆਦਾ ਪੰਜਾਬੀਆਂ ਨੇ ਪੰਜਾਬੋਂ ਤੋਰੇ ਪਾਏ, ਆਪਣੇ ਪਿਛੇ ਰਹੇ ਪ੍ਰੀਵਾਰਾਂ ਦੀਆਂ ਤੰਗੀਆਂ-ਤੁਰਸ਼ੀਆਂ ਦੂਰ ਕਰਨ ਲਈ ਸਿਰਤੋੜ ਯਤਨ ਕੀਤੇ। ਪੰਜਾਬ 'ਚ ਜ਼ਮੀਨਾਂ-ਜਾਇਦਾਦਾਂ ਦੀ ਸਾਂਭ-ਸੰਭਾਲ ਉਹਨਾ ਦੇ ਜੀਅ ਦਾ ਜੰਜਾਲ ਬਣ ਗਈ।
ਪਿੱਛੇ ਰਹੇ ਕੁਝ ਰਿਸ਼ਤੇਦਾਰਾਂ, ਕੁਝ ਦੋਸਤਾਂ-ਮਿੱਤਰਾਂ, ਸੰਗੀਆਂ-ਸਾਥੀਆਂ ਉਹਨਾ ਨਾਲ ਠੱਗੀਆਂ-ਠੋਰੀਆਂ ਕੀਤੀਆਂ। ਜਾਅਲੀ ਮੁਖਤਾਰਨਾਮੇ ਤਿਆਰ ਕਰਕੇ, ਜਾਅਲੀ ਬੰਦੇ ਖੜੇ ਕਰਕੇ ਉਹਨਾ ਦੀਆਂ ਜ਼ਮੀਨਾਂ-ਜਾਇਦਾਦਾਂ ਹਥਿਆ ਲਈਆਂ ਜਾਂ ਹਥਿਆਉਣ ਦਾ ਯਤਨ ਕੀਤਾ। ਇਹਨਾ ਮਸਲਿਆਂ ਸਬੰਧੀ ਸੈਂਕੜੇ ਨਹੀਂ ਹਜ਼ਾਰਾਂ ਕੇਸ ਪੁਲਿਸ, ਅਦਾਲਤਾਂ ਕੋਲ ਇਨਸਾਫ ਦੀ ਉਡੀਕ ਵਿੱਚ ਵਰ੍ਹਿਆਂ ਤੋਂ ਪਏ ਹਨ। ਕਈ ਵੇਰ ਜਦੋਂ ਪ੍ਰਵਾਸੀ ਆਪਣੀਆਂ ਜਾਇਦਾਦਾਂ ਦੀ ਦੇਖ-ਭਾਲ, ਸੰਭਾਲ ਜਾਂ ਕੇਸਾਂ ਸਬੰਧੀ ਜਾਣਕਾਰੀ ਲਈ ਦੇਸ਼ ਪਰਤਦੇ ਹਨ ਤਾਂ ਭੂ-ਮਾਫੀਏ ਨਾਲ ਜੁੜੇ ਲੋਕ ਉਹਨਾ ਨੂੰ ਡਰਾਕੇ, ਧਮਕਾਕੇ, ਉਹਨਾ ਨਾਲ ਜ਼ਮੀਨੀ ਸੌਦੇ ਕਰਦੇ ਹਨ।
ਕਾਨੂੰਨ ਤੋਂ ਉਲਟ ਜਾਕੇ, ਪ੍ਰਵਾਸੀਆਂ ਨੂੰ ਬਿਨਾਂ ਦੱਸੇ ਉਹਨਾ ਤੋਂ ਅਸ਼ਟਾਮਾਂ ਜਾਂ ਹੋਰ ਕਾਗਜ਼ਾਂ ਉਤੇ ਦਸਤਖ਼ਤ ਕਰਵਾਕੇ ਸਰਕਾਰੀ ਮਿਲੀ ਭੁਗਤ ਨਾਲ ਉਹਨਾ ਦੀ ਕਰੋੜਾਂ ਜਾਇਦਾਦ ਕੌਡੀਆਂ ਦੇ ਭਾਅ ਲੁੱਟ ਲੈਂਦੇ ਹਨ। ਅਤੇ ਵਿਰੋਧ ਕਰਨ ਤੇ ਉਹਨਾ ਖਿਲਾਫ਼ ਕਿਧਰੇ ਫੌਜਦਾਰੀ, ਕਿਧਰੇ ਅਪਰਾਧਿਕ ਮਾਮਲਿਆਂ ਦਾ ਅਤੇ ਕਿਧਰੇ ਗੈਰ-ਕਾਨੂੰਨੀ ਢੰਗ ਨਾਲ ਜਾਇਦਾਦ ਦੀ ਵੇਚ-ਵੱਟਤ ਦਾ ਕੇਸ ਦਰਜ ਕਰਵਾ ਦਿੰਦੇ ਹਨ ਤਾਂ ਕਿ ਉਹ ਪੰਜਾਬ ਪਰਤਣ ਜੋਗੇ ਹੀ ਨਾ ਰਹਿਣ। ਇੱਕ ਨਹੀਂ ਅਨੇਕਾਂ ਉਦਾਹਰਨਾਂ ਇਸ ਕਿਸਮ ਦੇ ਮਾਮਲਿਆਂ ਦੀਆਂ ਸਮੇਂ ਸਮੇਂ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ।
ਇਸ ਵੇਲੇ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੱਧ ਪੰਜਾਬ ਦੇ ਲੋਕ ਪ੍ਰਵਾਸ ਦੇ ਰਾਹ ਪਏ ਹੋਏ ਹਨ। ਪੰਜਾਬੀ ਵਿਦਿਆਰਥੀ ਧੜਾ ਧੜ ਪੜ੍ਹਾਈ ਕਰਨ ਅਤੇ ਉਥੇ ਪੱਕੀ ਰਿਹਾਇਸ਼ ਕਰਨ ਲਈ ਤਤਪਰ ਹਨ ਅਤੇ ਨਿੱਤ ਪੰਜਾਬ ਛੱਡ ਰਹੇ ਹਨ। ਵਿਦੇਸ਼ ਰਹਿੰਦੇ ਪੁੱਤਰ ਧੀਆਂ, ਆਪਣੇ ਮਾਪਿਆਂ, ਰਿਸ਼ਤੇਦਾਰਾਂ ਨੂੰ ਪੰਜਾਬ ਵਿਚੋਂ ਬਾਹਰ ਲੈ ਜਾਣ ਲਈ ਤਰਲੋ-ਮੱਛੀ ਹੋਏ ਪਏ ਹਨ ਕਿਉਂਕਿ ਉਹਨਾ ਨੂੰ ਪੰਜਾਬ ਆਪਣਿਆਂ ਲਈ ਸੁਰੱਖਿਅਤ ਨਹੀਂ ਦਿਸਦਾ।
ਪਰ ਇਸ ਸਭ ਕੁਝ ਦੇ ਬਾਵਜੂਦ ਉਹ ਆਪਣੀ ਜਨਮ ਭੂਮੀ, ਪੰਜਾਬ ਦੀ ਨਸ਼ਿਆਂ, ਬੇਰੁਜ਼ਗਾਰੀ, ਹਫਰਾ-ਤਫੜੀ ਨਾਲ ਮਾਰੀ, ਨਸ਼ਾ-ਭੂ ਮਾਫੀਆ, ਅਫ਼ਸਰਸ਼ਾਹੀ ਅਤੇ ਸਿਆਸੀ ਲੋਕਾਂ ਦੀ ਤਿਕੜੀ ਦੀ ਜਕੜ 'ਚ ਆਈ ਪੰਜਾਬ ਦੀ ਧਰਤੀ ਉਤੇ ਪੈਰ ਰੱਖਣੋਂ ਆਕੀ ਹਨ।
ਦੇਸ਼ ਦੀ ਕੇਂਦਰੀ ਸਰਕਾਰ ਕਹਿਣ ਨੂੰ ਤਾਂ ਉਹਨਾ ਲਈ ਅੰਮ੍ਰਿਤਸਰ, ਚੰਡੀਗੜ 'ਚ ਅੰਤਰਰਾਸ਼ਟਰੀ ਹਵਾਈ ਅੱਡੇ ਬਨਾਉਣ ਦਾ ਦਮ ਭਰਦੀ ਹੈ, ਪਰ ਇਹਨਾ ਹਵਾਈ ਅੱਡਿਆਂ ਉਤੋਂ ਅੰਤਰਰਾਸ਼ਟਰੀ ਉਡਾਣਾ ਭਰਨ ਦੀ ਆਗਿਆ ਨਹੀਂ ਦਿੰਦੀ ਅਤੇ ਉਹਨਾ ਨੂੰ ਆਪਣੇ ਪਿੰਡ, ਆਪਣੇ ਸ਼ਹਿਰ ਪੁੱਜਣ ਲਈ 24 ਘੱਟੇ ਤੋਂ 36 ਤੱਕ ਬੇ-ਘਰੇ ਹੋ ਕੇ, ਪਹਿਲਾਂ ਹਵਾ 'ਚ ਫਿਰ ਦਿੱਲੀ ਤੋਂ ਘਰ ਵਾਲੀਆਂ ਆਉਂਦੀਆਂ ਘਟੀਆ ਸੜਕਾਂ ਤੇ ਹੀ ਨਹੀਂ ਲਟਕਣਾ ਪੈਂਦਾ, ਸਗੋਂ ਦਿੱਲੀ ਹਵਾਈ ਅੱਡੇ ਉਤੇ ਕੁਰਖੱਤ ਬੋਲਾਂ, ਸ਼ੱਕੀ ਨਜ਼ਰਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
ਪ੍ਰਵਾਸੀ ਪੰਜਾਬੀਆਂ ਦੇ ਆਰਥਿਕ, ਸਮਾਜਿਕ, ਸਭਿਆਚਾਰਕ ਅਤੇ ਜਜ਼ਬਾਤੀ ਮਸਲਿਆਂ ਨੂੰ ਸਮਝਣ ਅਤੇ ਉਹਨਾ ਦੀਆਂ ਸਮੱਸਿਆਵਾਂ ਦਾ ਤੋੜ ਹਾਲੀ ਤੱਕ ਨਾ ਤਾਂ ਕਿਸੇ ਸਰਕਾਰ ਨੂੰ ਮਿਲ ਸਕਿਆ ਹੈ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਜਾਂ ਧਿਰ ਨੇ ਉਹਨਾ ਦੇ ਅੰਦਰੂਨੀ ਭਾਵਾਂ ਨੂੰ ਸਮਝਣ ਦਾ ਯਤਨ ਕੀਤਾ ਹੈ। ਬਾਹਰ ਬੈਠੇ ਪ੍ਰਵਾਸੀ ਪੰਜਾਬੀਆਂ ਦੇ ਮਨਾਂ 'ਚ ਪੰਜਾਬ ਬਾਰੇ ਨਿਰਾਸ਼ਤਾ ਹੈ। ਉਹ ਟੁੱਟ ਰਹੇ ਪੰਜਾਬ ਨੂੰ ਉਵੇਂ ਵੇਖ ਰਹੇ ਹਨ, ਜਿਵੇਂ ਉਹਨਾ ਦਾ ਆਪਣਾ ਜੱਦੀ ਘਰ ਢਹਿ ਢੇਰੀ ਹੋ ਰਿਹਾ ਹੋਵੇ। ਉਹਨਾ ਦੇ ਮਨਾਂ 'ਚ ਇਸ ਦੀ ਮੁੜ ਉਸਾਰੀ ਦੀ ਤਾਂਘ ਹੈ। ਜੇਕਰ ਮੌਜੂਦਾ ਪੰਜਾਬ ਦੀ 'ਆਪ' ਸਰਕਾਰ ਕੁਝ ਇਹੋ ਜਿਹੇ ਉਪਰਾਲੇ ਕਰੇ ਜਿਸ ਨਾਲ ਉਹਨਾ ਦੇ ਉਚੜੇ ਜਖਮਾਂ ਉਤੇ ਮਲਮ ਲੱਗ ਸਕੇ ਤਾਂ ਪ੍ਰਵਾਸੀ ਪੰਜਾਬੀ ਕੁਝ ਰਾਹਤ ਮਹਿਸੂਸ ਕਰ ਸਕਦੇ ਹਨ।
ਪ੍ਰਵਾਸੀ ਪੰਜਾਬੀਆਂ ਦੀ ਜ਼ਮੀਨ ਜਾਇਦਾਦ ਦੀ ਸੰਭਾਲ ਅਤੇ ਰਾਖੀ ਲਈ ਸਖ਼ਤ ਕਾਨੂੰਨ ਬਨਣਾ ਚਾਹੀਦਾ ਹੈ, ਜਿਸ ਬਾਰੇ ਮੌਜੂਦਾ ਸਰਕਾਰ ਨੇ ਐਲਾਨ ਵੀ ਕੀਤਾ ਹੋਇਆ ਹੈ। ਉਹਨਾ ਸਾਰੇ ਕੇਸਾਂ, ਜਿਹਨਾਂ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਜਾਅਲੀ ਵਸੀਅਤਾਂ, ਮੁਖਤਾਰਨਾਮਿਆਂ ਕਾਰਨ ਉਹਨਾ ਨਾਲ ਜਾਅਲਸਾਜੀ ਕੀਤੀ ਗਈ ਹੈ, ਸਬੰਧੀ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਵਰਗਾ ਇੱਕ ਕਮਿਸ਼ਨ ਬਨਣਾ ਚਾਹੀਦਾ ਹੈ, ਜੋ ਇਹਨਾ ਕੇਸਾਂ ਦੀ ਘੋਖ ਪੜਤਾਲ ਕਰੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਸੁਣਾਵੇ। ਇਸੇ ਤਰਾਂ ਕਮਿਸ਼ਨ ਵਲੋਂ ਉਹਨਾ ਸਾਰੇ ਆਨ.ਆਰ.ਆਈ. ਕੇਸਾਂ ਦੀ ਜਾਂਚ ਸੌਂਪੀ ਜਾਣੀ ਚਾਹੀਦੀ ਹੈ, ਜਿਹਨਾ 'ਚ ਐਨ.ਆਰ.ਆਈ. ਉਤੇ ਕਥਿਤ ਤੌਰ 'ਤੇ ਅਪਰਾਧਿਕ ਜਾਂ ਜ਼ਮੀਨਾਂ ਨਾਲ ਸਬੰਧਤ ਝੂਠੇ ਪਰਚੇ ਦਰਜ਼ ਕੀਤੇ ਗਏ ਹਨ।
ਇਸਦੇ ਨਾਲ-ਨਾਲ ਪ੍ਰਵਾਸੀ ਪੰਜਾਬੀਆਂ ਅਤੇ ਉਹਨਾ ਦੀ ਔਲਾਦ ਨੂੰ ਪੰਜਾਬ ਨਾਲ ਜੋੜੀ ਰੱਖਣਾ ਪੰਜਾਬ ਦੇ ਹਿੱਤ ਵਿੱਚ ਹੈ। ਜਿਥੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਨਾ ਸਮੇਂ ਦੀ ਲੋੜ ਹੈ, ਉਥੇ ਸਧਾਰਨ ਪ੍ਰਵਾਸੀ ਪੰਜਾਬੀਆਂ ਅਤੇ ਉਹਨਾ ਦੇ ਬੱਚਿਆਂ ਨੂੰ ਪੰਜਾਬ ਨਾਲ ਜੋੜੀ ਰੱਖਣ ਲਈ ਵੀ ਉਪਰਾਲੇ ਜ਼ਰੂਰੀ ਹਨ।
ਚਾਹੀਦਾ ਤਾਂ ਇਹ ਹੈ ਕਿ ਪ੍ਰਵਾਸੀ ਪੰਜਾਬੀਆਂ ਦੇ ਚਿਰਾਂ ਤੋਂ ਵਿਦੇਸ਼ਾਂ 'ਚ ਰਹਿ ਰਹੇ ਬੱਚਿਆਂ ਦੇ ਪੰਜਾਬ ਆਉਣ ਜਾਣ ਦਾ ਸਰਕਾਰੀ ਤੌਰ 'ਤੇ ਪ੍ਰਬੰਧ ਹੋਵੇ। ਪੰਜਾਬ ਅਤੇ ਉਹਨਾ ਦੇਸ਼ਾਂ 'ਚ ਜਿਥੇ ਪੰਜਾਬੀਆਂ ਦੀ ਜਿਆਦਾ ਵਸੋਂ ਹੈ ਉਥੇ ਉਹਨਾ ਦੇ ਮਸਲਿਆਂ, ਮੁਸ਼ਕਲਾਂ ਨੂੰ ਸਮਝਣ ਵਾਲੇ ਸਟੱਡੀ ਸੈਂਟਰਾਂ ਦੀ ਸਥਾਪਨਾ ਹੋਵੇ ਅਤੇ ਉਹਨਾ ਵਿੱਚ ਪੰਜਾਬ ਦੇ ਇਤਹਾਸਕ ਪਿਛੋਕੜ ਅਤੇ ਪ੍ਰਾਪਤੀਆਂ ਸਬੰਧੀ ਭਰਪੂਰ ਜਾਣਕਾਰੀ ਵੀ ਉਪਲਬੱਧ ਕੀਤੀ ਜਾਵੇ।
ਕਿੰਨਾ ਚੰਗਾ ਹੋਵੇ ਜੇਕਰ ਪ੍ਰਵਾਸੀਆਂ ਲਈ ਹਵਾਈ ਅੱਡਿਆਂ ਉਤੇ ਸਰਕਾਰ ਸਵਾਗਤੀ ਕੇਂਦਰ ਸਥਾਪਤ ਕਰੇ ਤਾਂ ਕਿ ਪ੍ਰਵਾਸੀ ਘਰ ਪਰਤਣ 'ਤੇ ਅਪਣੱਤ ਅਤੇ ਮਾਣ ਮਹਿਸੂਸ ਕਰ ਸਕਣ।
ਇਹ ਕੰਮ ਐਨ.ਆਰ.ਆਈ. ਸਭਾ ਨੂੰ ਸਰਗਰਮ ਕਰਕੇ ਕੀਤਾ ਜਾ ਸਕਦਾ ਹੈ। ਲੋੜ ਇਸ ਗੱਲ ਦੀ ਹੈ ਕਿ ਕੋਈ ਇਹੋ ਜਿਹਾ ਐਨ.ਆਰ.ਆਈ. ਹੀ ਐਨ.ਆਰ.ਆਈ. ਸਭਾ ਦਾ ਪ੍ਰਧਾਨ ਬਣਾਇਆ ਜਾਵੇ ਜੋ ਆਪ ਐਨ.ਆਰ.ਆਈ. ਦੀਆਂ ਸਮੱਸਿਆਵਾਂ ਪ੍ਰਤੀ ਜਾਣੂ ਹੋਵੇ। ਉਹ ਉਹਨਾ ਵਿੱਚ ਚੰਗਾ ਰਸੂਖ ਰੱਖਦਾ ਹੋਵੇ। ਸਿਆਸੀ ਤੌਰ ‘ਤੇ ਇਸ ਸਭਾ ਦਾ ਕਿਸੇ ਵੱਡੇ ਨੂੰ ਪ੍ਰਧਾਨ ਥਾਪਣਾ ਗਲਤ ਹੋਵੇਗਾ।
ਸਭਾ ਦੀ ਪ੍ਰਧਾਨਗੀ ਲਈ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਨਰਪਾਲ ਸਿੰਘ ਸ਼ੇਰਗਿੱਲ, ਮੋਤਾ ਸਿੰਘ ਸਰਾਏ ਯੂ.ਕੇ., ਸੁੱਖੀ ਬਾਠ ਪੰਜਾਬ ਭਵਨ ਸਰੀ (ਕੈਨੇਡਾ) ਦੇ ਨਾਮ ਸੁਝਾਏ ਜਾ ਸਕਦੇ ਹਨ, ਜਿਹਨਾ ਨੇ ਐਨ.ਆਰ.ਆਈਜ਼. ਲਈ ਜ਼ਮੀਨੀ ਪੱਧਰ 'ਤੇ ਵੱਡਾ ਕੰਮ ਕੀਤਾ ਹੈ।
-ਗੁਰਮੀਤ ਸਿੰਘ ਪਲਾਹੀ
-9815802070