ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਤੋਂ ਬਾਅਦ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਸਬੰਧੀ ਨਵੇਂ ਨਿਯਮ ਲਾਗੂ ਕਰ ਦਿਤੇ ਹਨ। ਉਨ੍ਹਾਂ ਅਨੁਸਾਰ ਜਿਹੜੀ ਸਟੱਡੀ ਇਮੀਗ੍ਰੇਸ਼ਨ ਕੰਪਨੀ ਇਮਾਨਦਾਰੀ ਨਾਲ ਚੰਗਾ ਕੰਮ ਕਰੇਗੀ, ਉਨ੍ਹਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ। ਅਜਿਹੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਲਦੀ ਹੀ ਵੀਜ਼ਾ ਦਿਤਾ ਜਾਵੇਗਾ। ਕੈਨੇਡਾ ਸਰਕਾਰ ਨੇ ਇਹ ਫੈਸਲਾ ਏਜੰਟਾਂ ਵਲੋਂ ਵੱਧ ਰਹੀ ਧੋਖਾਧੜੀ ਦੇ ਮੱਦੇਨਜ਼ਰ ਲਿਆ ਹੈ।
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਕਹਿਣਾ ਹੈ ਕਿ ਇਹ ਵਿਵਸਥਾ ਵਿਦਿਆਰਥੀਆਂ ਦੀ ਮਦਦ ਲਈ ਹੈ। ਕਈ ਵਾਰ ਤਾਂ ਵਿਦਿਆਰਥੀਆਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਦਾ ਪੱਤਰ ਜਾਅਲੀ ਹੈ। ਨਵੇਂ ਨਿਯਮਾਂ ਮੁਤਾਬਕ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਵੇਗੀ, ਜਦਕਿ ਫਰਜ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖ਼ਲਾ ਨਹੀਂ ਦਿਤਾ ਜਾਵੇਗਾ। IRCC (ਇੰਮੀਗ੍ਰੇਸ਼ਨ ਰਿਫਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ) ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਪ੍ਰੋਗਰਾਮ ਦੇ ਮਿਆਰਾਂ ਦਾ ਮੁਲਾਂਕਣ ਪੂਰਾ ਕਰੇਗਾ ਅਤੇ ਇਸ ਨੂੰ ਕੈਨੇਡੀਅਨ ਲੇਬਰ ਮਾਰਕੀਟ ਦੀਆਂ ਲੋੜਾਂ ਦੇ ਨਾਲ-ਨਾਲ ਇਮੀਗ੍ਰੇਸ਼ਨ ਟੀਚਿਆਂ ਨੂੰ ਪੂਰਾ ਕਰਨ ਲਈ ਸੁਧਾਰਾਂ ਦੀ ਸ਼ੁਰੂਆਤ ਕਰੇਗਾ।