ਕੈਨੇਡਾ ਨੇ ਗਾਜ਼ਾ ਪੱਟੀ ਦੇ ਨਾਗਰਿਕਾਂ ਲਈ ਵੱਡਾ ਐਲਾਨ ਕੀਤਾ ਹੈ। ਕੈਨੇਡਾ ਨੇ ਉਨ੍ਹਾਂ ਲੋਕਾਂ ਨੂੰ ਅਸਥਾਈ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿਚ ਰਹਿੰਦੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦਸਿਆ ਕਿ ਇਹ ਮੁਹਿੰਮ 9 ਜਨਵਰੀ ਤੋਂ ਸ਼ੁਰੂ ਹੋ ਸਕਦੀ ਹੈ। ਹਾਲਾਂਕਿ, ਕੈਨੇਡੀਅਨ ਸਰਕਾਰ ਨੇ ਜੰਗ ਪ੍ਰਭਾਵਿਤ ਖੇਤਰ ਤੋਂ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦਾ ਕੋਈ ਭਰੋਸਾ ਨਹੀਂ ਦਿਤਾ ਹੈ।
ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਸਰਕਾਰ ਗਾਜ਼ਾ ਤੋਂ 660 ਕੈਨੇਡੀਅਨ ਨਾਗਰਿਕਾਂ, ਸਥਾਈ ਨਿਵਾਸੀਆਂ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਕੱਢਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਮਾਰਕ ਮਿਲਰ ਨੇ ਕਿਹਾ ਕਿ ਸਰਕਾਰ ਮਾਪਿਆਂ, ਦਾਦਾ-ਦਾਦੀ, ਭੈਣ-ਭਰਾ ਅਤੇ ਪੋਤੇ-ਪੋਤੀਆਂ ਸਮੇਤ ਕੈਨੇਡਾ ਵਿਚ ਪਰਿਵਾਰਕ ਸਬੰਧਾਂ ਵਾਲੇ ਲੋਕਾਂ ਦੀਆਂ ਅਰਜ਼ੀਆਂ ਸਵੀਕਾਰ ਕਰਨਾ ਸ਼ੁਰੂ ਕਰੇਗੀ।