ਇਕ ਪਾਸੇ ਜਿਥੇ ਕੈਨੇਡਾ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵੱਧ ਰਹੀ ਹੈ, ਦੂਜੇ ਪਾਸੇ ਉਥੇ ਵਿਦਿਆਰਥੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੋਂ ਦੇ ਵਿਦਿਆਰਥੀ ਰੁਜ਼ਗਾਰ ਦੇ ਨਾਲ-ਨਾਲ ਮਾਨਸਿਕ ਸਿਹਤ ਨਾਲ ਵੀ ਜੂਝ ਰਹੇ ਹਨ। ਕੈਨੇਡਾ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਆਉਣ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਦੀ ਰਿਹਾਇਸ਼, ਭੋਜਨ ਅਤੇ ਨੌਕਰੀ ਦੇ ਸ਼ੋਸ਼ਣ ਦੇ ਨਾਲ-ਨਾਲ ਉਨ੍ਹਾਂ ਨੂੰ ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦੇਸ਼ੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੇ ਜਿਥੇ ਯੂਨੀਵਰਸਿਟੀਆਂ ਅਤੇ ਸਿੱਖਿਆ ਜਗਤ ਵਿਚ ਖੁਸ਼ੀ ਦੀ ਲਹਿਰ ਪਾਈ ਹੈ, ਉਥੇ ਹੀ ਇਸ ਨੂੰ ਲੈ ਕੇ ਚਿੰਤਾਵਾਂ ਵੀ ਹਨ।