ਪੰਜਾਬੀਆਂ ਨੂੰ ਵੱਡੀ ਰਾਹਤ, ਜ਼ਮੀਨ ਦੀ ਰਜਿਸਟਰੀ ਲਈ NOC ਦੀ ਸ਼ਰਤ ਖ਼ਤਮ

ਪੰਜਾਬ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨੀ ਜਾਇਦਾਦ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਦੀ ਲੋੜ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਦੀ ਜਾਂਚ ਕੀਤੀ ਜਾ ਚੁੱਕੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰ ਰਹੇ ਹਾਂ,ਅੱਜ ਤੋਂ ਜਿੰਨੀਆਂ ਵੀ ਰਜਿਸਟਰੀਆਂ ਹੋਣਗੀਆਂ ਸਾਰੀਆਂ ਤੋਂ NOC ਖ਼ਤਮ ਕਰ ਦਿੱਤੀ ਗਈ ਹੈ… ਪਰ ਹੁਣ ਨਜ਼ਾਇਜ਼ ਕਲੋਨੀਆਂ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ…

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਐਨ.ਓ.ਸੀ ਨਾ ਮਿਲਣ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਜਿਸਟਰੀ ਦੀ ਪ੍ਰਕਿਰਿਆ ਵਿੱਚ ਰੁਕਾਵਟ ਆ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।