ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ਵਿਖੇ ਮੁਕੇਰੀਆਂ ਅਧੀਨ ਪੈਂਦੇ ਪਿੰਡ ਧੀਰੋਵਾਲ (ਬਰੋਟਾ) ਦੇ 27 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਗੁਰਬਖਸ਼ ਲਾਲ ਨੇ ਦੱਸਿਆ ਕਿ ਸਾਲ 2017-18 ਵਿੱਚ ਵਰਿੰਦਰ ਕੁਮਾਰ ਦੱਤਾ ਵਿਦੇਸ਼ ਵਿੱਚ ਰੋਜ਼ੀ-ਰੋਟੀ ਦੀ ਭਾਲ ਅਤੇ ਆਪਣਾ ਭਵਿੱਖ ਬਣਾਉਣ ਲਈ ਆਸਟ੍ਰੇਲੀਆ ਗਿਆ ਸੀ। ਉੱਥੇ ਜਾ ਕੇ ਉਸ ਨੇ ਟਰਾਲਾ ਚਲਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਦੇ ਬੇਟੇ ਦੇ ਦੋਸਤਾਂ ਤੋਂ ਪਤਾ ਲੱਗਾ ਕਿ ਆਸਟ੍ਰੇਲੀਆ ਦੇ ਐਡੀਲੇਡ ‘ਚ ਸੜਕ ਹਾਦਸੇ ‘ਚ ਉਸਦੀ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੇ ਵਰਿੰਦਰ ਨੂੰ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ।
ਵਰਿੰਦਰ ਦੀ ਮਾਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਉਸ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਆਸਟ੍ਰੇਲੀਆ ਤੋਂ ਤੁਰੰਤ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਰੀਤੀ-ਰਿਵਾਜ਼ਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰ ਸਕਣ।