ਪੰਜਾਬ ਦੇ ਪਹਿਲੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੱਕੇ ਤੌਰ ’ਤੇ ਸਥਾਪਤ ਕਰ ਦਿੱਤਾ ਗਿਆ ਹੈ। ਸਰਹੱਦ ਪਾਰਲੇ ਸੂਤਰਾਂ ਅਨੁਸਾਰ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਮੇਸ਼ ਸਿੰਘ ਅਰੋੜਾ, ਪੀ.ਐੱਮ.ਯੂ. ਕਰਤਾਰਪੁਰ ਦੇ ਅਧਿਕਾਰੀਆਂ ਅਤੇ ਭਾਰਤ ਤੋਂ ਸਿੱਖ ਸ਼ਰਧਾਲੂ ਬੁੱਤ ਦੇ ਉਦਘਾਟਨ ਸਮਾਰੋਹ ’ਚ ਸ਼ਾਮਲ ਹੋਏ।
ਅਰੋੜਾ ਨੇ ਬੁੱਤ ਦੀ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੁੱਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ ਹੈ, ਤਾਂ ਜੋ ਕਰਤਾਰਪੁਰ ਲਾਂਘੇ ਅਤੇ ਦੁਨੀਆ ਭਰ ਦੇ ਸਿੱਖ ਸ਼ਰਧਾਲੂ ਅਤੇ ਆਮ ਸੈਲਾਨੀ ਇਸ ਨੂੰ ਦੇਖ ਸਕਣ। ਇਹ ਬੁੱਤ ਅਸਲ ’ਚ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਮੌਕੇ ਜੂਨ 2019 ਵਿਚ ਲਾਹੌਰ ਦੇ ਸ਼ਾਹੀ ਕਿਲ੍ਹੇ ’ਚ ਸਥਾਪਤ ਕੀਤਾ ਗਿਆ ਸੀ। ਹਾਲਾਂਕਿ ਇਸ ਨੂੰ ਕੱਟੜਪੰਥੀਆਂ ਨੇ ਤਿੰਨ ਵਾਰ ਤੋੜ ਦਿੱਤਾ ਸੀ।