Notice: Function _load_textdomain_just_in_time was called incorrectly. Translation loading for the fluentform domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/punjabia/public_html/wp-includes/functions.php on line 6121

Notice: Function _load_textdomain_just_in_time was called incorrectly. Translation loading for the fluentformpro domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/punjabia/public_html/wp-includes/functions.php on line 6121

Notice: Function _load_textdomain_just_in_time was called incorrectly. Translation loading for the newscard domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/punjabia/public_html/wp-includes/functions.php on line 6121
ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ : ਸਾਕਾ ਨਨਕਾਣਾ ਸਾਹਿਬ | Punjabi Akhbar | Punjabi Newspaper Online Australia

ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ : ਸਾਕਾ ਨਨਕਾਣਾ ਸਾਹਿਬ

ਜਗਤ ਗੁਰੂ, ਗੁਰੂ ਨਾਨਕ ਸਾਹਿਬ ਜੀ ਦੇ ਪਾਵਨ ਜਨਮ ਅਸਥਾਨ ਗੁ. ਨਨਕਾਣਾ ਸਾਹਿਬ ਜੀ ਦੀ ਪਵਿੱਤਰ ਧਰਤੀ ਨੂੰ ਭ੍ਰਿਸ਼ਟ ਮਹੰਤਾਂ ਤੋਂ ਆਜ਼ਾਦ ਕਰਵਾਉਣ ਹਿੱਤ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇਂ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਮ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ। ਯਾਦ ਰਹੇ ਕਿ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ਼ ਸਬੰਧਿਤ ਜਗ੍ਹਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਅਸਥਾਨ ਨੂੰ ਗੁਰੂ ਨਾਨਕ ਦੇ ਸਿਧਾਂਤਾਂ ਨੂੰ ਪ੍ਰਚਾਰਣ ਦੇ ਕੇਂਦਰ ਵੱਜੋਂ ਪੇਸ਼ ਕਰਕੇ ਉੱਥੇ ਗੁਰ ਮਰਿਯਾਦਾ ਲਾਗੂ ਕਰਵਾਉਣਾ ਵੀ ਸੀ। ਕਿਉਂਕਿ ਸਮੇਂ ਦੇ ਮਹੰਤ ਨਰੈਣੂ (ਨਰਾਇਣ ਦਾਸ) ਨੇ ਅਤੇ ਇਸਤੋਂ ਪਹਿਲਾਂ ਦੇ ਰਹਿ ਚੁੱਕੇ ਮਹੰਤ ਸਾਧੂ ਰਾਮ ਅਤੇ ਕਿਸ਼ਨ ਦਾਸ ਨੇ ਨਨਕਾਣਾ ਸਾਹਿਬ ਵਿਖੇ ਮੱਸੇ ਰੰਘੜ ਵਾਲੇ ਸਮੇਂ ਦੇ ਹਾਲਾਤ ਤੋਂ ਵੀ ਬੱਦਤਰ ਹਾਲਾਤ ਉਸ ਸਥਾਨ ਦੇ ਬਣਾ ਛੱਡੇ ਸਨ। ਹੁਣ ਕੇਵਲ ਉੱਥੇ ਨਾਚੀਆਂ ਦਾ ਨਾਚ ਹੀ ਨਹੀਂ ਸੀ ਹੁੰਦਾ ਬਲਕਿ ਹੁਣ ਤਾਂ ਉਸ ਅਸਥਾਨ ਦੇ ਦਰਸ਼ਨ ਕਰਨ ਜਾਣ ਵਾਲੀਆਂ ਬੀਬੀਆਂ/ਔਰਤਾਂ ਦੀਆਂ ਇੱਜ਼ਤਾਂ ਵੀ ਸੁਰੱਖਿਅਤ ਨਹੀਂ ਸਨ ਰਹੀਆਂ। ਅਗਸਤ 1917 ਵਿੱਚ ਉਸਨੇ ਨਾਚੀਆਂ ਸੱਦ ਕੇ, ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਨਾਚ-ਗਾਣਾ ਕਰਵਾਇਆ। ਜਦ ਸੰਨ 1918 ਵਿੱਚ ਇੱਕ ਰਿਟਾਇਰਡ ਸਿੰਧੀ ਅਫ਼ਸਰ ਆਪਣੇ ਪਰਵਾਰ ਸਮੇਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਤਾਂ ਰਾਤ ਸਮੇਂ ਉਸਦੀ 13 ਵਰ੍ਹਿਆਂ ਦੀ ਮਾਸੂਮ ਬੱਚੀ ਨਾਲ ਮਹੰਤ ਦੇ ਚੇਲੇ ਨੇ ਜਬਰ ਜਿਨਾਹ ਕੀਤਾ। ਇਸੇ ਹੀ ਸਾਲ ਪੂਰਨਾਮਸੀ ਦੀ ਇੱਕ ਰਾਤ ਨੂੰ ਜਿਲ੍ਹਾ ਲਾਇਲਪੁਰ ਦੇ ਜੜ੍ਹਾਂ ਵਾਲੇ ਇਲਾਕੇ ਦੀਆਂ 6 ਬੀਬੀਆਂ ਜੋ ਗੁਰਦੁਆਰਾ ਸਾਹਿਬ ਦਰਸ਼ਨ ਕਰਨ ਹਿੱਤ ਪੁਜੀਆਂ ਉਹਨਾਂ ਨਾਲ ਵੀ ਮਹੰਤ ਦੇ ਚੇਲਿਆਂ ਨੇ ਉਹੀ ਹਸ਼ਰ ਕੀਤਾ ਅਤੇ ਖੇਹ ਖਾਧੀ। ਅਜਿਹੀਆਂ ਵਾਰਦਾਤਾਂ ਅਕਸਰ ਹੀ ਇੱਥੇ ਹੋਣ ਲੱਗ ਪਈਆਂ ਸਨ। ਇੱਥੋਂ ਤੱਕ ਕਿ ਜੱਦ ਸਿੱਖਾਂ ਨੇ ਮਹੰਤ ਦੀਆਂ ਇਹ ਆਪਹੁਦਰੀਆਂ ਕਰਤੂਤਾਂ ਅਤੇ ਮੰਦਭਾਗੀਆਂ ਘਟਨਾਵਾਂ ਵਿਰੁੱਧ ਰੋਸ ਪ੍ਰਗਟ ਕੀਤਾ ਤਾਂ ਅਗੋਂ ਮਹੰਤ ਨੇ ਐਲਾਨੀਆ ਕਹਿ ਦਿੱਤਾ ਕਿ ਇਹ ਗੁਰਦੁਆਰਾ ਸਾਡੀ ਨਿੱਜੀ ਜਾਗੀਰ ਹੈ, ਤੁਸੀਂ ਆਪਣੀਆਂ ਇਸਤਰੀਆਂ ਨੂੰ ਨਾ ਭੇਜਿਆ ਕਰੋ।

ਤਦ ਨਨਕਾਣਾ ਸਾਹਿਬ ਦੇ ਪਵਿੱਤਰ ਸਥਾਨ ’ਤੇ ਐਸੇ ਕੁਕਰਮਾਂ ਨੂੰ ਬੰਦ ਕਰਵਾਉਣ ਅਤੇ ਗੁਰ ਮਰਿਯਾਦਾ ਲਾਗੂ ਕਰਵਾਉਣ ਹਿੱਤ ਕਰਵਾਉਣ ਬਾਬਤ ਜਥੇਦਾਰ ਕਰਤਾਰ ਸਿੰਘ ਝੱਬਰ ਨੇ ਇੱਕ ਚਿੱਠੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ਭੇਜੀ ਜਿਸ ਵਿੱਚ ਲਿਖਿਆ ਗਿਆ ਕਿ, ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਦੀ ਹਾਲਤ ਦਾ ਫ਼ਿਕਰ ਕਰਨਾ ਚਾਹੀਦਾ ਹੈ ਅਤੇ ਮਹੰਤ ਦੀਆਂ ਕਾਰਵਾਈਆਂ ਦੇ ਖ਼ਿਲਾਫ਼ ਕੋਈ ਕਾਰਵਾਈ ਕਰਨੀ ਚਾਹੀਦੀ ਹੈ ਵਰਨਾ ਕਿਤੇ ਅਜਿਹਾ ਨਾ ਹੋਵੇ ਕਿ ਸੰਗਤਾਂ ਆਪ ਹੀ ਨਨਕਾਣਾ ਸਾਹਿਬ ਵੱਲ ਚਾਲੇ ਪਾ ਦੇਣ। ਤਾਂ ਸਕੱਤਰ ਨੇ 21 ਜਨਵਰੀ 1921 ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਣ ਵਾਲੀ ਇੱਕ ਮੀਟਿੰਗ ਦੇ ਏਜੰਡੇ ਵਿੱਚ ਰੱਖ ਦਿੱਤੀ ਤਾਂ ਇਸ ਬਾਬਤ ਇੱਕ ਵਿਸ਼ੇਸ਼ ਗੁਰਮਤਾ ਪਾਸ ਕਰਕੇ ਮਿਤੀ 4,5,6 ਮਾਰਚ 1921 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਕੌਮ ਦਾ ਇੱਕ ਭਾਰੀ ਇਕੱਠ ਸੱਦਣ ਬਾਰੇ ਵੀਚਾਰ ਚਰਚਾ ਕੀਤੀ ਗਈ ਤਾਂ ਕਿ ਉਸ ਸਮੇਂ ਸਮੁੱਚੇ ਪੰਥਕ ਰੂਪ ਵਿੱਚ ਮਿਲ ਬੈਠ ਕੇ ਗੁਰਦੁਆਰਿਆਂ ਦੇ ਪ੍ਰਬੰਧ ਅਤੇ ਮਹੰਤ ਨਰਾਇਣ ਦਾਸ ਦਾ ਮਸਲਾ ਵੀਚਾਰਿਆ ਜਾ ਸਕੇ ਅਤੇ ਮਹੰਤ ਨੂੰ ਸੁਧਰਨ ਲਈ ਕਿਹਾ ਜਾਵੇ। ਇਸ ਸਬੰਧੀ ਫ਼ੈਸਲਾ ਹੋਇਆ ਕਿ ਇੱਕ ਖੁਲ੍ਹਾ ਚਿੱਠਾ ਛਾਪ ਕੇ ਸੰਗਤਾਂ ਵਿੱਚ ਵੰਡਿਆ ਜਾਵੇ ਅਤੇ ਮਹੰਤ ਨੂੰ ਆਪ ਸੁਧਾਰ ਵਾਸਤੇ ਕਿਹਾ ਜਾਵੇ। ਕਿਉਂ ਜੁ ਇਸਨੇ ਪ੍ਰਬੰਧ ਸੰਭਾਲਣ ਵੇਲੇ ਇਹ ਗੱਲ ਮੰਨੀ ਸੀ ਕਿ ਪਹਿਲੇ ਮਹੰਤਾਂ ਦੀ ਤਰ੍ਹਾਂ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਆਵੇਗੀ ਅਤੇ ਉਹ ਸੰਗਤ ਦੀ ਮਰਜ਼ੀ ਨਾਲ ਹੀ ਚੱਲੇਗਾ, ਪਰ ਉਸ ਨੇ ਇਹ ਪਵਿੱਤਰ ਅਸਥਾਨ ਤੇ ਨਸ਼ੇ ਅਤੇ ਵਿਭਚਾਰ ਸ਼ੁਰੂ ਕੀਤਾ ਹੋਇਆ ਸੀ। ਇਹ ਹੋਣ ਵਾਲੇ ਇਸ ਪੰਥਕ ਇਕੱਠ ਦੀ ਸੂਹ ਮਹੰਤ ਨਰੈਣੂ ਨੂੰ ਲੱਗ ਗਈ ਤਾਂ ਉਸਨੇ ਵਿਉਂਤ ਘੜ ਲਈ ਕਿ ਉਸ ਸਮੇਂ ਸਿੱਖਾਂ ਦੇ ਉਸ ਭਾਰੀ ਇਕੱਠ ਉੱਤੇ ਹਮਲਾ ਕਰਕੇ ਸੱਭ ਗੁਰਮਤ ਸੁਧਾਰਕਾਂ ਨੂੰ ਖ਼ਤਮ ਕਰ ਦੇਣਾ ਹੈ। ਇਸ ਲਈ ਉਸਨੇ ਜੰਗੀ ਤਿਆਰੀ ਅਰੰਭ ਦਿੱਤੀ। ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਦੀ ਹਦੂਦ ਦੇ ਅੰਦਰ ਗੋਲੀ, ਸਿੱਕਾ, ਟਕੂਏ, ਪਿਸਤੌਲਾਂ, ਬੰਦੂਕ, ਮਿੱਟੀ ਦੇ ਤੇਲ ਦੇ ਪੀਪਿਆਂ ਅਤੇ ਲੱਕੜਾਂ ਦਾ ਜ਼ਖੀਰਾ ਇਕੱਠਾ ਕਰ ਲਿਆ ਤਾਂ ਕਿ ਉੱਠ ਰਹੀ ਗੁਰਦੁਆਰਾ ਸੁਧਾਰ ਲਹਿਰ ਦੇ ਮੁਖੀਆਂ ਸਮੇਤ ਹਾਜ਼ਰ ਸਾਰੇ ਸਿੱਖ ਆਗੂਆਂ ਦਾ ਖੁਰਾ ਖੋਜ ਉਸ ਦਿਨ ਹੋਣ ਵਾਲੀ ਇੱਤਰਤਾ ਮੌਕੇ ਮਿਟਾਇਆ ਜਾ ਸਕੇ। ਉਸਨੇ 28 ਪਠਾਣ ਅਤੇ ਖੂੰਖਾਰ ਕਾਤਲ ਭਾੜੇ ’ਤੇ ਰੱਖ ਲਏ। ਗੁਰਦੁਆਰੇ ਦੇ ਬਾਹਾਰ ਦਾ ਲੱਖੜ ਵਾਲਾ ਦਰਵਾਜਾ ਹਟਾ ਕੇ ਲੋਹੇ ਦਾ ਲਗਵਾ ਲਿਆ ਅਤੇ ਉਸ ਵਿੱਚ ਗੋਲੀਆ ਚਲਾਉਣ ਲਈ ਛੇਕ ਰੱਖ ਲਏ। ਮਹੰਤ ਨਰੈਣੂ ਦੇ ਇਸ ਕਾਰੇ ਦੀ ਸੂਹ ਗੁਰਸਿੱਖਾਂ ਕੋਲ ਪੁੱਜੀ ਤਾਂ ਉਹਨਾਂ ਨੇ 17 ਫਰਵਰੀ 1921 ਨੂੰ ਇੱਕ ਵਿਸ਼ੇਟਸ਼ ਮੀਟਿੰਗ ਸੱਦ ਕੇ ਇਹ ਮਤਾ ਪਕਾ ਦਿੱਤਾ ਗਿਆ ਕਿ 19 ਫਰਵਰੀ ਨੂੰ ਭਾਈ ਲਛਮਣ ਸਿੰਘ ਅਤੇ ਭਾਈ ਕਰਤਾਰ ਸਿੰਘ ਝੱਬਰ ਸ੍ਰੀ ਨਨਕਾਣਾ ਸਾਹਿਬ ਦੀ ਆਜ਼ਾਦੀ ਲਈ ਚਾਲੇ ਪਾ ਦੇਣਗੇ। ਕਿਉਂਕਿ ਉਸ ਮਹੰਤ ਦੇ ਵਿਰੁੱਧ ਅਤੇ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਲਈ ਸਿੱਖ ਸੰਗਤਾਂ ਦੇ ਮਨਾਂ ਵਿੱਚ ਪਹਿਲਾਂ ਹੀ ਜੋਸ਼ ਠਾਠਾਂ ਮਾਰ ਰਿਹਾ ਸੀ ਅਤੇ ਮਹੰਤ ਦੀ ਸਿੱਖਾਂ ਉੱਪਰ ਹਮਲਾ ਕਰਨ ਦੀ ਬਦਨੀਤੀ ਨੇ ਸਿੱਖਾਂ ਵਿੱਚਲੇ ਰੋਹ ਨੂੰ ਭਾਂਬੜ ਦਾ ਰੂਪ ਦੇ ਦਿੱਤਾ।

ਮਿਥੀ ਮਿਤੀ ਤੇ ਅਰਦਾਸਾ ਸੋਧ ਕੇ ਗੁਰੂ ਦੇ ਲਾਡਲੇ ਸਿੰਘਾਂ ਨੇ ਗੁਰਧਾਮ ਆਜ਼ਾਦ ਕਰਵਾਉਣ ਲਈ ਗੁਰੂ ਦੀ ਸਿੱਖਿਆ ‘ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ॥’ ਅਤੇ ‘ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥’ ਦੇ ਮਾਹਾਂ ਵਾਕਾਂ ਨੂੰ ਮੰਨਦਿਆਂ ਗੁਰਧਾਮਾਂ ਦੀ ਆਜ਼ਾਦੀ ਲਈ ਅਤੇ ਗੁਰੂ ਅਸਥਾਨ ਦੀ ਬੇਅਦਬੀ ਰੋੋਕਣ ਲਈ ਸ੍ਰੀ ਨਨਕਾਣਾ ਸਾਹਿਬ ਨੂੰ ਚਾਲੇ ਪਾ ਦਿੱਤੇ। ਰਸਤੇ ਵਿੱਚ ਪੰਥਕ ਲੀਡਰਾਂ ਦੇ ਕਹੇ ’ਤੇ ਉਹਨਾਂ ਨੂੰ ਰਸਤੇ ਵਿੱਚ ਹੀ ਰੋਕਣ ਲਈ ਉਪਰਾਲਾ ਕੀਤਾ ਗਿਆ ਤਾਂ ਕਿ ਮਾਹੌਲ ਨਾ ਵਿਗੜੇ ਪਰ ਸਿੱਖਾਂ ਨੇ ਇੱਕੋ ਗੱਲ ਕਹੀ ਕਿ “ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਕੇ ਤੁਰੇ ਹਾਂ, ਅਕਾਲ ਪੁਰਖ ਆਪ ਸਹਾਈ ਹੋਵੇਗਾ ਅਤੇ ਸਾਡੀ ਜਿੱਤ ਨਿਸਚਿਤ ਹੈ। ਅਸੀਂ ਅੱਗੇ ਹੋ ਕੇ ਮਰ ਜਾਵਾਂਗੇ ਪਰ ਹੁਣ ਪਿੱਛੇ ਨਹੀਂ ਹਟਾਂਗੇ। ਜਾਂ ਨਾਨਕ ਦਾ ਨਨਕਾਣਾ ਆਜ਼ਾਦ ਕਰਵਾਵਾਂਗੇ ਜਾਂ ਫਿਰ ਸ਼ਹੀਦ ਹੋਵਾਂਗੇ।” ਇਸ ਤਰ੍ਹਾਂ ਭਾਈ ਲਛਮਣ ਸਿੰਘ ਜੀ ਦਾ ਜੱਥਾ ਸ਼ਬਦ ਪੜ੍ਹਦਾ ਹੋਇਆ ਸਵੇਰੇ 6 ਵਜੇ ਨਨਕਾਣਾ ਸਾਹਿਬ ਅੰਦਰ ਦਾਖਲ ਹੋਇਆ। ਮੱਥਾ ਟੇਕ ਕੇ, ਕੀਰਤਨ ਅਰੰਭਿਆ ਗਿਆ। ਇੰਨੇ ਚਰ ਵਿੱਚ ਮਹੰਤ ਦੇ ਗੁੰਢਿਆਂ ਨੇ ਪੁਜ਼ੀਸ਼ਨਾਂ ਸੰਭਾਲ ਲਈਆਂ। ਮਹੰਤ ਨੇ ਬਾਹਰਲੇ ਗੇਟ ਬੰਦ ਕਰਵਾ ਦਿੱਤੇ ਅਤੇ ਸ਼ਾਂਤਮਈ ਸਿੰਘਾਂ ਉੱਤੇ ਮੀਂਹ ਦੀ ਤਰ੍ਹਾਂ ਗੋਲੀਆਂ ਦੀ ਬੁਛਾੜ ਕਰ ਦਿੱਤੀ। ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਭਾਈ ਲੱਛਮਣ ਸਿੰਘ ਜੀ ਨੂੰ ਗੋਲੀਆਂ ਨਾਲ ਅਧਮੋਇਆ ਕਰਨ ਤੋਂ ਬਾਅਦ ਜੰਡ ਨਾਲ ਪੁੱਠਾ ਲਮਕਾ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ ਗਿਆ। ਪਾਵਨ ਸਰੂਪ ਵਿੱਚ ਵੀ ਕਈ ਗੋਲੀਆਂ ਲੰਘੀਆਂ। ਇਹ ਸੀ ਜੁਲਮ ਦੀ ਇੰਤਹਾ ਸੀ। ਇਸੇ ਤਰ੍ਹਾਂ ਭਾਈ ਦਲੀਪ ਸਿੰਘ ਜੀ ਜਦ ਗੁਰਦੁਆਰਾ ਅੰਦਰ ਦਾਖਲ ਹੋਏ ਤਾਂ ਉਹਨਾਂ ਨੂੰ ਵੀ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਸਿੰਘਾਂ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਿਆ ਗਿਆ। ਕਿਹਾ ਜਾਂਦਾ ਹੈ ਕਿ ਦੋ ਸਾਲ ਦਾ ਇੱਕ ਸਿੱਖ ਬੱਚਾ ਜੋ ਕਿ ਇੱਕ ਅਲਮਾਰੀ ਵਿੱਚ ਬੰਦ ਸੀ ਨੂੰ ਵੀ ਬਾਹਰ ਕੱਢ ਕੇ ਬਲਦੀ ਅੱਗ ਦੇ ਉੱਪਰ ਸੁੱਟ ਕੇ ਸ਼ਹੀਦ ਕੀਤਾ ਗਿਆ ਜੋ ਜਰਗ (ਲੁਧਿਆਣਾ) ਨਿਵਾਸੀ ਸ਼ਹੀਦ ਕੇਹਰ ਸਿੰਘ ਦਾ ਪੁੱਤਰ ਸੀ ਅਤੇ ਆਪਣੇ ਪਿਤਾ ਨਾਲ ਇਸ ਸ਼ਹੀਦੀ ਜੱਥੇ ਵਿੱਚ ਸ਼ਾਮਿਲ ਸੀ। ਜੋ ਮਰਨੋਂ ਬਚ ਗਏ ਉਹਨਾਂ ਨੂੰ ਟੋਕਿਆਂ, ਛਵੀਆਂ ਨਾਲ ਵੱਢਿਆ ਗਿਆ। ਜਦ ਵੱਡੀ ਗਿਣਤੀ ਵਿੱਚ ਸਿੱਖ ਸ਼ਹੀਦੀਆਂ ਪ੍ਰਾਪਤ ਕਰ ਗਏ ਤਾਂ ਮਹੰਤ ਨੇ ਸਾਰੀਆਂ ਲਾਸ਼ਾਂ ਇੱਕ ਥਾਂ ਇਕੱਠੀਆਂ ਕਰਕ ਸਾੜਨ ਦਾ ਹੁਕਮ ਦਿੱਤਾ। ਅੱਗ ਲਾਉਣ ਤੋਂ ਪਹਿਲਾਂ ਮਹੰਤ ਦੇ ਭਾੜੇ ਦੇ ਗੁੰਡਿਆਂ ਨੇ ਸਿੱਖਾਂ ਦੀਆਂ ਤਲਾਸ਼ੀਆਂ ਲਈਆਂ ਅਤੇ ਜੋ ਵੀ ਹੱਥ ਲੱਗਿਆ ਸਾਂਭ ਲਿਆ। ਫਿਰ ਸਾਰਿਆਂ ਨੂੰ ਬਲਦੀ ਅੱਗ ਵਿੱਚ ਸੁਟਿਆ ਜਾਂਦਾ ਰਿਹਾ, ਜੇਕਰ ਕੋਈ ਵਿੱਚੋਂ ਜ਼ਖ਼ਮੀ ਹਾਲਤ ਵਿੱਚ ਜਿਉਂਦਾ ਵੀ ਸੀ ਅਤੇ ਉੱਠਣ ਦੀ ਕੋਸ਼ਿਸ਼ ਕਰਦਾ ਤਾਂ ਉਸ ਨੂੰ ਛਵੀਆਂ, ਤਲਵਾਰਾਂ ਅਤੇ ਲਾਠੀਆਂ ਮਾਰ ਕੇ ਮੁੜ ਅੱਗ ਵਿੱਚ ਸੁੱਟ ਦਿੱਤਾ ਜਾਂਦਾ।

ਗੁ. ਸ੍ਰੀ ਨਨਕਾਣਾ ਸਾਹਿਬ ਦੇ ਇਸ ਸਾਕੇ ਦੀ ਇਹ ਖਬਰ ਜੰਗਲ ਦੀ ਅੱੱਗ ਵਾਂਗ ਫੈਲ ਗਈ ਅਤੇ ਸਿੱਖਾਂ ਦੀ ਵੱਡੀ ਗਿਣਤੀ ਗੁਰਦੁਆਰਾ ਸਾਹਿਬ ਵਿਖੇ ਇਕੱਠੀ ਹੋਣੀ ਸ਼ੁਰੂ ਹੋ ਗਈ। 21 ਫਰਵਰੀ ਸਵੇਰੇ ਗੁਰਦੁਆਰਾ ਸਾਹਿਬ ਦੇ ਅੰਦਰ ਦੇ ਹਾਲਤ ਜ਼ੁਲਮ ਦੀ ਦਾਸਤਾਂ ਦੱਸਦੇ ਸਨ ਕਿ ਕਿਵੇਂ ਅੰਦਰ ਥਾਂ-ਥਾਂ ’ਤੇ ਚੱਲੇ ਕਾਰਤੂਸ, ਇੱਟਾਂ-ਪੱਥਰ, ਖ਼ੂਨ, ਲਾਸ਼ਾਂ ਦੇ ਟੁੱਕੜੇ ਅਤੇ ਅੱਧ ਸੜੀਆਂ ਲਾਸ਼ਾਂ ਦੀ ਬਦਬੂ ਹਰ ਪਾਸੇ ਫੈਲੀ ਹੋਈ ਸੀ। ਪੁਲਿਸ ਨੇ ਪੌਣੇ ਤਿੰਨ ਸੌ ਖੋਲ ਬਰਾਮਦ ਕੀਤੇ। ਛੱਤਾਂ ਉੱਥੇ ਰੋੜਿਆਂ-ਪੱਥਰਾਂ ਦੇ 24 ਵੱਡੇ ਢੇਰ ਅਜੇ ਵੀ ਪਏ ਸਨ। ਸਰਕਾਰ ਮੁਤਾਬਿਕ 157 ਸਿੱਖ ਸ਼ਹੀਦ ਹੋਏ ਸਨ ਜਦ ਕਿ ਇੱਕ ਹੋਰ ਰਿਪੋਰਟ ਅਨੁਸਾਰ ਇਹ ਗਿਣਤੀ 168 ਬਣਦੀ ਹੈ।

ਇਸ ਤਰ੍ਹਾਂ 23 ਫਰਵਰੀ ਨੂੰ ਸ਼ਹੀਦ ਸਿੰਘਾਂ ਦਾ ਸਸਕਾਰ ਕੀਤਾ ਗਿਆ ਅਤੇ ਅੰਗਰੇਜ ਸਰਕਾਰ ਨੇ ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਿੱਖਾਂ ਨੂੰ ਸੌਂਪਿਆ ਅਤੇ ਅੰਗਰੇਜ ਸਰਕਾਰ ਵੱਲੋਂ ਮੌਕੇ ’ਤੇ ਫਰਾਰ ਹੋਏ ਮਹੰਤ ਨੂੰ ਵੀ ਸਖਤ ਸਜ਼ਾ ਦਿੱਤੀ ਗਈ। ਬਾਅਦ ਵਿੱਚ ਇੱਕ ਅੰਗਰੇਜ਼ ਜੱਜ ਨੇ ਰਿਸ਼ਵਤ ਲੈ ਕੇ ਮਹੰਤ ਦੀ ਸਜ਼ਾ ਘੱਟ ਕਰ ਦਿੱਤੀ ਸੀ। ਜੋ ਅੰਗਰੇਜ਼ਾਂ ਦੀ ਅਖੌਤੀ ‘ਇਨਸਾਫ਼-ਪਸੰਦ’ ਦੀ ਛਵੀ ਦਾ ਨਮੂਨਾ ਹੈ।
ਇਸ ਤਰ੍ਹਾਂ ਸ਼ਹਾਦਤਾਂ ਤੋਂ ਬਾਅਦ ਗੁਰਧਾਮਾਂ ਨੂੰ ਆਜ਼ਾਦ ਕਰਵਾ ਕੇ ਉੱਥੇ ਗੁਰ-ਮਰਿਯਾਦਾ ਬਹਾਲ ਕੀਤੀ ਗਈ। ਉਪਰੋਕਤ ਅਭੁੱਲ ਸਾਕੇ ਨੂੰ ਰੋਜ਼ਾਨਾ ਅਰਦਾਸ ਕਰਨ ਵੇਲੇ ਯਾਦ ਕੀਤਾ ਜਾਂਦਾ ਹੈ, ‘ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸੁਆਸਾਂ ਨਾਲ ਨਿਭਾਈ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ।

-ਇਕਵਾਕ ਸਿੰਘ ਪੱਟੀ
ਅੰਮ੍ਰਿਤਸਰ ਸਾਹਿਬ।
ਮੋ. 9478767620