ਵਾਤਾਵਰਣ ਦਿਵਸ….. 

ਵਾਤਾਵਰਨ ਨੂੰ ਬਚਾਉਣ ਤੇ ਜ਼ਿੰਦਗੀ ਨੂੰ ਕੁਦਰਤ ਦੇ ਨਾਲ ਜੋੜਨ ਲਈ ਹਰ ਸਾਲ 5 ਜੂਨ ਨੂੰ ਸਮਾਜ ਨੂੰ ਵਾਤਾਵਰਨ ਸਬੰਦੀ ਜਾਗਰੂਕ ਕਰਨ ਲਈ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਜਾਂਦਾ ਹੈ।ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮਕਸਦ ਧਰਤੀ ਤੇ ਰਹਿ-ਰਹੇ ਲੋਕ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸੀ ਤੇ ਹੈ। ਮੌਜੂਦਾ ਸਮੇਂ ਮਨੁੱਖ ਨੇ ਆਪਣੇ ਨਿੱਜੀ ਸਵਾਰਥਾਂ ਲਈ ਕੁਦਰਤੀ ਸਰੋਤਾਂ, ਸੋਮਿਆਂ ਨਾਲ ਖਿਲਵਾੜ ਕਰਨਾ ਸ਼ੁਰੂ ਕੀਤਾ ਹੋਇਆ ਹੈ, ਜੋ ਬੇਹੱਦ ਮੰਦ-ਭਾਗਾ ਹੈ।

 ਵਾਤਾਵਰਣ ਨੂੰ ਬਚਾਉਣ ਲਈ ਅਸੀਂ ਕਿੰਨਾ ਕੁ ਸਹਿਯੋਗ ਕਰ ਰਹੇ, ਇਸ ਦਾ ਜਵਾਬ ਸ਼ਾਇਦ ਇਹ ਹੀ ਹੋਵੇਗਾ ਨਾ ਦੇ ਬਰਾਬਰ। ਵਧਦੇ ਪ੍ਰਦੂਸ਼ਣ ਕਾਰਨ ਮਨੁੱਖ ਦੀ ਹੋਂਦ ਨੂੰ ਖਤਰਾ ਹੈ। ਇਸ ਲਈ ਸਾਡੇ ਕੋਲ ਅਜੇ ਵੀ ਮੌਕਾ ਹੈ ਕਿ ਸੰਭਲ ਜਾਈਏ। ਜੇਕਰ ਮਨੁੱਖ ਨੂੰ ਖੁਦ ਨੂੰ ਬਚਾਉਣਾ ਹੈ ਤਾਂ ਘੱਟੋ-ਘੱਟ ਇਕ ਦਰੱਖਤ ਜ਼ਰੂਰ ਲਾਵੇ। ਹਵਾ ਪ੍ਰਦੂਸ਼ਣ ਕਾਰਨ ਮਨੁੱਖ ਦਾ ਸਾਹ ਲੈਣਾ ਔਖਾ ਹੋ ਰਿਹਾ ਹੈ। ਹਵਾ ਪ੍ਰਦੂਸ਼ਣ ਅਤੇ ਜਲਵਾਯੂ ਸੰਕਟ ਵਿਚਾਲੇ ਤਾਲਮੇਲ ਬਣਾਉਣਾ ਸਾਡੇ ਲਈ ਬਹੁਤ ਜ਼ਰੂਰੀ ਹੈ। ਵਾਤਾਵਰਣ ਪ੍ਰਦੂਸ਼ਣ ਕਾਰਨ ਹਰੇਕ ਸਾਲ 70 ਲੱਖ ਲੋਕਾਂ ਦੀ ਜਾਨ ਜਾਂਦੀ ਹੈ ਅਤੇ ਇਸ ਨਾਲ ਬੱਚਿਆਂ ਦੇ ਵਿਕਾਸ ਨੂੰ ਵੀ ਨੁਕਸਾਨ ਪਹੁੰਚਦਾ ਹੈ। ਮਨੁੱਖੀ ਗਤੀਵਿਧੀਆਂ ਕਾਰਨ ਵਾਤਾਵਰਣ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋਇਆ ਹੈ, ਜਿਸ ਦੇ ਨਤੀਜੇ ਸਾਡੇ ਸਾਹਮਣੇ ਆ ਰਹੇ ਹਨ। ਧਰਤੀ ਦਾ ਵੱਧਦਾ ਤਾਪਮਾਨ ਅਤੇ ਹਵਾ ਪ੍ਰਦੂਸ਼ਣ ‘ਗਲੋਬਲ ਵਾਰਮਿੰਗ’ ਦਾ ਕਾਰਨ ਬਣਦੇ ਹਨ, ਜੋ ਕਿ ਇਕ ਵੱਡਾ ਖਤਰਾ ਹੈ। ਸਾਡੀ ਧਰਤੀ ‘ਤੇ ਪਿਛਲੇ ਸਾਲਾਂ ਵਿਚ ਭੂਚਾਲ, ਹੜ੍ਹ, ਸੁਨਾਮੀ ਵਰਗੀਆਂ ਘਟਨਾਵਾਂ ਤੇਜ਼ੀ ਨਾਲ ਵਧੀਆਂ ਹਨ। ਇਸ ਦੇ ਪਿੱਛੇ ਦਾ ਕਾਰਨ ਸਾਡੀ ਧਰਤੀ ਦੇ ਈਕੋ-ਸਿਸਟਮ ਵਿਚ ਆਏ ਬਦਲਾਅ ਅਤੇ ਤੇਜ਼ੀ ਨਾਲ ਵਧਦੀ ਗਲੋਬਲ ਵਾਰਮਿੰਗ ਦੇ ਕਾਰਨ ਹੀ ਇਹ ਸਭ ਹੋ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੀ ਰਿਪੋਰਟ ਮੁਤਾਬਕ ਦੂਸ਼ਿਤ ਹਵਾ ਕਾਰਨ ਹਜ਼ਾਰਾਂ ਦੀ ਗਿਣਤੀ ਵਿਚ ਬੇਵਕਤੀ ਮੌਤਾਂ ਹੋ ਰਹੀਆਂ ਹਨ । ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ‘ਚ 14 ਇਕੱਲੇ ਭਾਰਤ ਦੇ ਹਨ।

ਵਾਤਾਵਰਣ ਦਿਵਸ ਦਾ ਇਤਿਹਾਸ: ਵਿਸ਼ਵ ਵਾਤਾਵਰਣ ਦਿਵਸ ਵਾਤਾਵਰਣ ਦੀ ਸੁਰੱਖਿਆ ਲਈ ਪੂਰੀ ਦੁਨੀਆ ਵਿਚ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਲਈ 1972 ‘ਚ ਸੰਯੁਕਤ ਰਾਸ਼ਟਰ ਵਲੋਂ ਮਹਾਸਭਾ ਦਾ ਆਯੋਜਨ ਕੀਤਾ ਗਿਆ। ਸੀ। ਚਰਚਾ ਦੌਰਾਨ ਵਿਸ਼ਵ ਵਾਤਾਵਰਣ ਦਿਵਸ ਦਾ ਸੁਝਾਅ ਦਿੱਤਾ ਗਿਆ ਅਤੇ ਇਸ ਦੇ 2 ਸਾਲ ਬਾਅਦ 5 ਜੂਨ 1974 ਨੂੰ ਇਸ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਗਿਆ। ਇਸ ਦਿਵਸ ਨੂੰ ਮਨਾਉਣ ਲਈ ਹਰ ਸਾਲ 143 ਦੇਸ਼ ਹਿੱਸਾ ਲੈਂਦੇ ਹਨ ਅਤੇ ਇਸ ਵਿਚ ਸਰਕਾਰੀ, ਸਮਾਜਿਕ ਅਤੇ ਵਪਾਰਕ ਲੋਕ ਵਾਤਾਵਰਣ ਦੀ ਸੁਰੱਖਿਆ, ਸਮੱਸਿਆ ਆਦਿ ਵਿਸ਼ੇ ‘ਤੇ ਗੱਲ ਕਰਦੇ ਹਨ। ਭਾਰਤ ਵਿਚ ਵਾਤਾਵਰਣ ਸੁਰੱਖਿਆ ਐਕਟ 19 ਨਵੰਬਰ 1986 ‘ਚ ਲਾਗੂ ਕੀਤਾ ਗਿਆ। 

ਵਾਤਾਵਰਣ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਵਾਤਾਵਰਣ ਸੁਰੱਖਿਆ ਦੇ ਉਪਾਵਾਂ ਨੂੰ ਲਾਗੂ ਕਰਨ ਲਈ ਹਰ ਉਮਰ ਦੇ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਲੋਕਾਂ ਨੂੰ ਵੱਧ ਤੋਂ ਵੱਧ ਦਰੱਖਤ ਲਾਉਣ, ਆਪਣਾ ਆਲਾ-ਦੁਆਲਾ ਸਾਫ ਰੱਖਣ, ਸੀ. ਐੱਨ. ਜੀ. ਵਾਹਨਾਂ ਦਾ ਇਸਤੇਮਾਲ ਕਰਨ ‘ਤੇ ਜ਼ੋਰ ਦਿੱਤਾ ਜਾਂਦਾ ਹੈ। ਜੇਕਰ ਅਸੀਂ ਖੁੱਲ੍ਹੀ ਹਵਾ ਵਿਚ ਸਾਹ ਲੈਣਾ ਹੈ ਤਾਂ ਪਹਿਲਾਂ ਕਦਮ ਸਾਨੂੰ ਹੀ ਪੁੱਟਣਾ ਪਵੇਗਾ, ਆਪਣੇ ਆਲੇ-ਦੁਆਲੇ ਨੂੰ ਸਾਫ ਰੱਖ ਕੇ। 

ਕਿਵੇਂ ਕਰ ਸਕਦੇ ਹਾਂ ਯੋਗਦਾਨ: ਆਮ ਜਨਤਾ ਵੀ ਵਾਤਾਵਰਣ ਨੂੰ ਸਾਫ ਰੱਖਣ ‘ਚ ਆਪਣਾ ਯੋਗਦਾਨ ਦੇ ਸਕਦੀ ਹੈ। ਜਿਵੇਂ ਸੜਕਾਂ ‘ਤੇ ਕੂੜਾ ਨਾ ਸੁੱਟੋ ਅਤੇ ਨਾ ਹੀ ਕੂੜੇ ਨੂੰ ਅੱਗ ਲਾਓ। ਪਲਾਸਟਿਕ, ਪੇਪਰ, ਈ-ਕੂੜੇ ਲਈ ਵੱਖਰੇ-ਵੱਖਰੇ ਕੂੜੇਦਾਨ ਵਿਚ ਕੂੜਾ ਸੁੱਟੋ ਤਾਂ ਕਿ ਉਹ ਆਸਾਨੀ ਨਾਲ ਰੀਸਾਈਕਲ ਹੋ ਸਕੇ। ਸਭ ਤੋਂ ਵੱਡੀ ਗੱਲ ਘੱਟ ਦੂਰੀ ਲਈ ਸਾਈਕਲ ਦੀ ਵਰਤੋਂ ਕਰ ਕੇ ਵਾਤਾਵਰਣ ਨੂੰ ਬਚਾਇਆ ਜਾ ਸਕਦਾ ਹੈ।

ਪ੍ਰਦੂਸ਼ਣ ਦੇ ਕਾਰਨ ਵੱਧਦਾ ਤਾਪਮਾਨ ਇੱਕ ਵਿਸ਼ਵ ਵਿਆਪੀ ਸਮੱਸਿਆ ਬਣ ਚੁੱਕਿਆ ਹੈ, ਜੇ ਆਲਮੀ ਤਪਸ਼ ਇਸੇ ਰਫ਼ਤਾਰ ਨਾਲ ਵਧਦੀ ਗਈ ਤਾਂ ਗਲੇਸ਼ੀਅਰ ਖਤਮ ਹੋ ਜਾਣਗੇ, ਸਮੁੰਦਰਾਂ ਵਿੱਚ ਪਾਣੀ ਵੱਧ ਜਾਵੇਗਾ, ਜੋ ਸਮੁੰਦਰ ਕੰਢੇ ਵੱਸਣ ਵਾਲੇ ਕਰੋੜਾ ਲੋਕਾਂ ਦਾ ਖਾਤਮਾ ਹੋ ਜਾਵੇਗਾ।

ਦਰੱਖ਼ਤਾਂ ਦੀ ਕਟਾਈ ਲਗਾਤਾਰ ਬੇਰਹਿਮੀ ਨਾਲ ਹੋ ਰਹੀ ਹੈ, ਜੋ ਵਾਤਾਵਰਣ ਪ੍ਰਦੂਸ਼ਣ ਲਈ ਸਭ ਤੋ ਵੱਧ ਜ਼ਿੰਮੇਵਾਰ ਹੈ। ਮੋਟਰ ਵਾਹਨਾਂ ਨੇ ਜਿੱਥੇ ਮਨੁੱਖੀ ਜੀਵਨ ਦੀ ਰਫ਼ਤਾਰ ਨੂੰ ਤੇਜ਼ ਕੀਤਾ ਅਤੇ ਅਨੇਕਾਂ ਸਹੂਲਤਾਂ ਪ੍ਰਦਾਨ ਕੀਤੀਆਂ, ਉੱਥੇ ਇਨ੍ਹਾਂ ਦੇ ਨਾਲ ਹੋਣ ਵਾਲੇ ਪ੍ਰਦੂਸ਼ਣ ਦੇ ਕਾਰਨ ਅਨੇਕਾਂ ਭਿਅੰਕਰ ਬੀਮਾਰੀਆਂ ਪੈਦਾ ਹੋ ਰਹੀਆਂ ਹਨ। ਵਧਦੇ ਸ਼ਹਿਰੀਕਰਨ ਦੇ ਕਾਰਨ ਫਾਲਤੂ ਕੂੜਾ ਕਰਕਟ, ਗੰਦਗੀ, ਪਲਾਸਟਿਕ ਪਦਾਰਥ ਅਤੇ ਵਿਸ਼ੇਸ਼ ਤੌਰ ‘ਤੇ ਪਾਲੀਥੀਨ ਬੈਗ ਦੇ ਢੇਰ, ਜੋ ਜਲਦ ਨਸ਼ਟ ਨਹੀਂ ਹੁੰਦੇ, ਵਾਤਾਵਰਨ ਪ੍ਰਦੂਸ਼ਿਤ ਕਰਨ ਵਿੱਚ ਸਭ ਤੋਂ ਅੱਗੇ ਹਨ। ਏਅਰ ਕੰਡੀਸ਼ਨ ਚਲਾਉਣ ‘ਤੇ ਨਿਕਲਣ ਵਾਲੀ ਕਲੋਰੋ ਫਲੋਰੋ ਕਾਰਬਨ ਗੈਸ, ਓਜ਼ੋਨ ਪਰਤ ਨੂੰ ਪਤਲਾ ਕਰਨ ਵਿਚ ਸਭ ਤੋਂ ਵੱਡੀ ਭੂਮਿਕਾ ਨਿਭਾ ਰਹੀ ਹੈ। 

ਧਾਰਮਿਕ ਸਥਾਨਾਂ ‘ਤੇ ਲੱਗੇ ਵੱਡੇ ਸਪੀਕਰ, ਖੁਸ਼ੀ ਦੇ ਮੌਕੇ ਉੱਚੀ ਆਵਾਜ਼ ਵਿਚ ਚਲਦੇ ਡੀ. ਜੇ ਸਿਸਟਮ, ਘਰਾਂ ਵਿੱਚ ਉਚੀ ਅਵਾਜ਼ ਵਿੱਚ ਚਲਦੇ ਟੈਲੀਵਿਜ਼ਨ ਅਤੇ ਮਿਉਜਿਕ ਸਿਸਟਮ ਅਤੇ ਮੋਟਰ ਸਾਈਕਲਾਂ ‘ਤੇ ਲੱਗੇ ਪ੍ਰੈਸ਼ਰ ਹਾਰਨ ਦੇ ਕਾਰਨ, ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ, ਉਥੇ ਅਨੇਕਾਂ ਸਰੀਰਕ ਅਤੇ ਮਾਨਸਿਕ ਰੋਗ ਪੈਦਾ ਹੋ ਰਹੇ ਹਨ ਜਿਨ੍ਹਾਂ ਵਿਚ ਸਿਰਦਰਦ, ਤਣਾਅ, ਕੰਨ ਦੇ ਰੋਗ ਨੀਂਦ ਨਾ ਆਉਣ ਦੀ ਬੀਮਾਰੀ ਆਦਿ।

ਸਮੇਂ ਦੀ ਮੰਗ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਦਰਖ਼ਤ ਲਗਾਏ ਜਾਣ। ਪੋਲੀਥੀਨ ਬੈਗ ਦਾ ਪ੍ਰਯੋਗ ਨਾ ਹੋਵੇ, ਮੋਟਰ ਗੱਡੀਆਂ ‘ਤੇ ਵਿਸ਼ੇਸ਼ ਕਿਸਮ ਦੇ ਸਾਈਲੈਸਰ ਲਗਾਏ ਜਾਣ, ਲੈਡ ਰਹਿਤ ਪਟਰੋਲ ਦੀ ਵਰਤੋਂ ਕੀਤੀ ਜਾਵੇ। ਕਾਰਖਨਿਆ ਵਿੱਚ ਵਿਸ਼ੇਸ਼ ਕਿਸਮ ਦੀਆਂ ਚਿਮਨੀਆ ਲੱਗਣ, ਘਰਾਂ ਅਤੇ ਦਫ਼ਤਰਾਂ ਵਿਚ ਏਅਰ ਕੰਡੀਸ਼ਨਰਾਂ ਦੀ ਘੱਟ ਤੋਂ ਘੱਟ ਵਰਤੋਂ ਹੋਵੇ ਫ਼ਤਿਹ ਵਾਤਾਵਰਨ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ। ਬੱਚਿਆਂ ਨੂੰ ਸਕੂਲਾਂ ਵਿਚ ਵਾਤਾਵਰਣ ਸਬੰਧੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ, ਜੋ ਆਪਣਾ ਬਣਦਾ ਯੋਗਦਾਨ ਪਾ ਸਕਣ। ਆਉ ਅਸੀ ਸਾਰੇ ਮਿਲ ਕੇ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਈਏ ਅਤੇ ਇਸ ਧਰਤੀ ਨੂੰ ਸੁਹੱਪਣ ਨਾਲ ਭਰ ਦੇਈਏ।

ਵਾਤਾਵਰਣ ਨੂੰ ਸਾਫ ਰੱਖਣ ਲਈ ਲੋਕਾਂ ‘ਚ ਵਾਤਾਵਰਣ ਪ੍ਰਤੀ ਜਾਗਰੂਕਤਾ ਲਈ ਸਰਕਾਰ ਨੇ ਦਰੱਖਤ ਲਾਉਣ ਨੂੰ ਲੈ ਕੇ ਅਨੋਖੀ ਮੁਹਿੰਮ ਦੀ ਸ਼ੁਰੂਆਤ ਕੀਤੀ ਨਾਲ ਹੀ ਲੋਕਾਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਲਈ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਮੰਗ ਕੀਤੀ ਹੈ। ਹਰੇਕ ਵਿਅਕਤੀ ਆਪਣੀ ਜ਼ਿੰਦਗੀ ਵਿਚ ਜਿੰਨੀ ਆਕਸੀਜਨ ਦੀ ਵਰਤੋਂ ਕਰਦਾ ਹੈ, ਉਸ ਦੇ ਲਿਹਾਜ਼ ਨਾਲ ਉਸ ਨੂੰ ਘੱਟ ਤੋਂ ਘੱਟ 7 ਬੂਟੇ ਲਾਉਣੇ ਚਾਹੀਦੇ ਹਨ। 

ਅਸੀਂ ਹੁਣ ਵੀ ਸੰਭਲ ਜਾਈਏ, ਅੱਜ ਵਿਸ਼ਵ ਵਾਤਾਵਰਨ ਦਿਵਸ ਤੇ ਸਾਨੂੰ ਸਭ ਨੂੰ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣਾ ਦਾ ਪ੍ਰਣ ਕਰਨਾ ਚਾਹੀਦਾ ਹੈ। ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਭ ਦਾ ਸਮਾਜਿਕ ਫ਼ਰਜ਼ ਹੈ। ਜੇ ਅਸੀਂ ਕੁਦਰਤ ਦੇ ਨਿਯਮਾਂ ਨਾਲ ਛੇੜਛਾੜ ਕਰਾਂਗੇ ਤਾਂ ਖ਼ਤਰਨਾਕ ਨਤੀਜੇ ਤਾਂ ਸਾਨੂੰ ਹੀ ਭੁਗਤਣੇ ਪੈਣਗੇ।

(ਮਾਸਟਰ ਪ੍ਰੇਮ ਸਰੂਪ ਛਾਜਲੀ)