40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਦਾ ਉਦਘਾਟਨ

ttpawanphoto 01ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਤਰਨਤਾਰਨ ਜ਼ਿਲ੍ਹੇ ਵਿਚ ਕਰਵਾਏ ਜਾ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੇ ਇਸ ਸਾਲ ਤੱਕ ਮੁਕੰਮਲ ਹੋ ਜਾਣ ਨਾਲ ਤਰਨਤਾਰਨ ਜ਼ਿਲ੍ਹਾ ਬੇਮਿਸਾਲ ਵਿਕਾਸ ਕਾਰਜਾਂ ਦਾ ਗਵਾਹ ਹੋਵਾਗਾ ਅਤੇ ਜ਼ਿਲ੍ਹੇ ਦੇ ਲੋਕ ਇਨ੍ਹਾਂ ਵਿਕਾਸ ਕਾਰਜਾਂ ਦੀ ਸਹੂਲਤ ਦਾ ਜਲਦੀ ਹੀ ਲਾਭ ਪ੍ਰਾਪਤ ਕਰਨਗੇ। ਅੱਜ ਇਥੇ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਧਾਲੀਵਾਲ ਨੇ ਦੱਸਿਆ ਕਿ ਇਸ ਟਰੈਕ ਦੇ ਬਣ ਜਾਣ ਨਾਲ ਤਰਨਤਾਰਨ ਜ਼ਿਲਾ ਪੰਜਾਬ ਦੇ ਪਹਿਲੇ ਉਨ੍ਹਾਂ ਤਿੰਨ ਜ਼ਿਲ੍ਹਿਆਂ ਵਿਚ ਆ ਗਿਆ ਹੈ ਜਿਨ੍ਹਾਂ ਵਿਚ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਹਨ। ਉਨ੍ਹਾਂ ਕਿਹਾ ਕਿ ਇਸ ਟਰੈਕ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ 68 ਲੱਖ ਰੁਪਏ ਖਰਚ ਕਰਕੇ ਆਟੋਮੈਟਿਕ ਡਰਾਈਵਿੰਗ ਟੈਸਟ ਸੈਂਟਰ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੇ ਕੰਮ ਵਿਚ ਤੇਜੀ ਲਿਆਂਦੀ ਗਈ ਹੈ ਅਤੇ ਇਸ ਸਾਲ ਦੇ ਅੰਤ ਤੱਕ ਨਿਰਮਾਨ ਅਧੀਨ ਵਿਕਾਸ ਕਾਰਜ ਲੋਕਾਂ ਨੂੰ ਸਮਰਪਨ ਕਰ ਦਿੱਤੇ ਜਾਣਗੇ। ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਲੋਕਾਂ ਨੂੰ ਸਾਰੀਆਂ ਨਿਆਇਕ ਸਹੂਲਤਾਂ ਇਕੋ ਛੱਤ ਹੇਠਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ ਜਿਸ ਤੇ 45 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਕੋ ਛੱਤ ਹੇਠਾਂ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਬਣਾਏ ਜਾ ਰਹੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਵੀ ਪੂਰੀ ਤੇਜੀ ਨਾਲ ਚੱਲ ਰਿਹਾ ਹੈ ਅਤੇ ਇਸ ਸਾਲ ਦੇ ਅੰਤ ਤੋਂ ਪਹਿਲਾਂ ਪਹਿਲਾਂ ਇਹ ਕੰਪਲੈਕਸ ਵੀ ਬਣਕੇ ਤਿਆਰ ਹੋ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੇ ਨਿਰਮਾਣ ਵਿਚ ਲੱਗੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਵਿਕਾਸ ਕਾਰਜਾਂ ਦੇ ਪ੍ਰੋਸੈਸ ਵਿਚ ਤੇਜੀ ਲਿਆਉਣ ਅਤੇ ਕੰਮ ਦੀ ਗੁਣਵੱਤਾ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਿਆ ਜਾਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ. ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ. ਅੰਗਰੇਜ ਸਿੰਘ ਹੁੰਦਲ ਡੀ.ਟੀ.ਓ., ਬਾਬਾ ਗੁਰਬਚਨ ਸਿੰਘ ਜੀ ਸੁਰਸਿੰਘ ਵਾਲੇ, ਸ. ਕੁਲਦੀਪ ਸਿੰਘ ਐਸ.ਡੀ.ਓ., ਮੈਡਮ ਪੂਨਮ, ਬਲਵਿੰਦਰ ਕੌਰ, ਦਿਨੇਸ਼ ਕੁਮਾਰ, ਵਰਿੰਦਰ ਸਿੰਘ ਵਿੱਕੀ, ਹਰਵਿੰਦਰ ਕੌਰ, ਅਮਨਦੀਪ ਸਿੰਘ ਆਦਿ ਹਾਜਰ ਸਨ।

Install Punjabi Akhbar App

Install
×