ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਚੇਅਰਮੈਨ ਬਲਬੀਰ ਸਿੰਘ ਸਿੱਧੂ ਕਿਰਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ‘ਚ ਇਹ ਫ਼ੈਸਲਾ ਲਿਆ ਗਿਆ ਕਿ ਉਸਾਰੀ ਕਿਰਤੀਆਂ ਨੂੰ ਕੈਂਸਰ ਵਰਗੀਆਂ ਗੰਭੀਰ ਤੇ ਮਾਰੂ ਬਿਮਾਰੀਆਂ ਦੇ ਇਲਾਜ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਇਕ ਲੱਖ ਰੁਪਏ ਤੋਂ ਵਧਾ ਕੇ ਦੋ ਲੱਖ ਤੱਕ ਕੀਤੀ ਜਾਵੇਗੀ। ਇਸ ਦੇ ਨਾਲ ਹੀ ਐਡਵਾਈਜ਼ਰੀ ਕਮੇਟੀ ਨੇ ਉਸਾਰੀ ਕਿਰਤੀਆਂ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਵਾਉਣ ਲਈ ਲੇਬਰ ਇੰਸਪੈਕਟਰਾਂ ਨੂੰ ਅੰਤਿਮ ਤੌਰ ‘ਤੇ ਜਵਾਬਦੇਹ ਬਣਾਇਆ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਮੇਟੀ ਨੇ ਉਸਾਰੀ ਕਿਰਤੀਆਂ ਦੀਆਂ ਬੱਚੀਆਂ ਦੇ ਵਿਆਹ ‘ਤੇ ਦਿੱਤੀ ਜਾਣ ਵਾਲੀ ਸ਼ਗਨ ਰਾਸ਼ੀ 31 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਤੱਕ ਦਿੱਤੇ ਜਾਣ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ।