
ਬਠਿੰਡਾ — ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਠਿੰਡਾ ਵਿਖੇ ਇੱਕ ਵੱਡੀ ਰੈਲੀ ਵਿੱਚ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਖਾਧੀ ਸੀ, ਕਿ ਸਰਕਾਰ ਬਣਨ ਤੇ ਉਹ ਚਾਰ ਹਫ਼ਤਿਆਂ ਵਿੱਚ ਨਸ਼ਿਆਂ ਦਾ ਖਾਤਮਾ ਕਰ ਦੇਣਗੇ, ਪਰ ਉਹ ਇਸ ਸਹੁੰ ਤੇ ਪੂਰੇ ਨਹੀਂ ਉਤਰੇ। ਇਹ ਦੋਸ਼ ਲਾਉਂਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸਹੁੰ ਪੂਰੀ ਨਾ ਕਰਨ ਸਬੰਧੀ ਕੈਪਟਨ ਅਮਰਿੰਦਰ ਸਿੰਘ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਖਿਮਾਂ ਜਾਚਨਾ ਕਰਨ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ ਆਪਣੇ ਤੌਰ ਤੇ ਕਾਰਵਾਈ ਕਰਦਿਆਂ ਅਕਾਲੀ ਫੂਲਾ ਸਿੰਘ ਵਾਂਗ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਕੇ ਸਪਸਟੀਕਰਨ ਮੰਗਣ।
ਕਾ: ਸੇਖੋਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਸਰੂਪਾਂ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਬੰਧੀ ਸ੍ਰੋਮਣੀ ਅਕਾਲੀ ਦਲ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਐਸ ਜੀ ਪੀ ਸੀ ਦੇ ਪ੍ਰਧਾਨ ਸ੍ਰ: ਗੋਬਿੰਦ ਸਿੰਘ ਲੌਂਗੋਵਾਲ ਇਖਲਾਕੀ ਤੌਰ ਤੇ ਅਸਤੀਫਾ ਦੇਣ। ਉਹਨਾਂ ਮੰਗ ਕੀਤੀ ਕਿ ਸਰੂਪਾਂ ਦੀ ਗੁੰਮਸੁਦਗੀ ਲਈ ਜੁਮੇਸਵਾਰ ਦੋਸੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇ ਤਾਂ ਅੱਗੇ ਲਈ ਅਜਿਹੀ ਘਟਨਾ ਨਾ ਵਾਪਰੇ।