ਦਿੱਲੀ ਹਾਈ ਕੋਰਟ ਨੇ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦੇਣ ਸਬੰਧੀ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ

delhihc456889

ਰਾਜਧਾਨੀ ਵਿਚ ਦੋ-ਪਹੀਆ ਵਾਹਨਾਂ ਦੇ ਪਿੱਛੇ ਬੈਠਣ ਵਾਲੀ ਸਿੱਖ ਔਰਤ ਨੂੰ ਹੈਲਮਟ ਪਾਉਣ ਤੋਂ ਛੋਟ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਬਾਬਤ ਇਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿਚ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦੇਣ ‘ਤੇ ਸਵਾਲ ਉਠਾਉਂਦਿਆਂ ਕਿਹਾ ਗਿਆ ਹੈ ਕਿ ਮੋਟਰ ਵਹੀਕਲ ਕਾਨੂੰਨ ਮੁਤਾਬਿਕ ਸਿਰਫ ਸਿੱਖ (ਪੁਰਸ਼) ਨੂੰ ਹੈਲਮਟ ਪਾਉਣ ਦੀ ਛੋਟ ਦਿੱਤੀ ਗਈ ਹੈ ਨਾ ਕਿ ਸਿੱਖ ਔਰਤ ਨੂੰ । ਮੁੱਖ ਜੱਜ ਜੀ. ਰੋਹਿਣੀ ਦੀ ਅਗਵਾਈ ਵਾਲੀ ਬੈਂਚ ਅੱਗੇ ਪਟੀਸ਼ਨਕਰਤਾ ਐਡਵੋਕੇਟ ਭੁਪਿੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਦਿੱਲੀ ਮੋਟਰ ਐਕਟ 115(2) ਵਿਚ ਕੀਤੇ ਗਏ ਸੋਧ ‘ਚ ਜਿਸ ਤਰ੍ਹਾਂ ਸਿੱਖ ਔਰਤਾਂ ਨੂੰ ਹੈਲਮਟ ਪਾਉਣ ਦੀ ਛੋਟ ਦਿੱਤੀ ਗਈ ਹੈ, ਇਹ ਕਾਨੂੰਨ ਮੁਤਾਬਿਕ ਜਾਇਜ਼ ਨਹੀਂ ਹੈ ਕਿਉਂਕਿ ਐਕਟ ਮੁਤਾਬਿਕ ਸਿਰਫ ਸਿੱਖ ਵਿਅਕਤੀ ਨੂੰ ਹੀ ਛੋਟ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਰਾਜਧਾਨੀ ਵਿਚ ਹਾਲ ਹੀ ਵਿਚ ਦੋ-ਪਹੀਆ ਵਾਹਨਾਂ ਦੇ ਪਿੱਛੇ ਬੈਠਣ ਵਾਲੀ ਔਰਤ (ਸਿੱਖ ਔਰਤ ਨੂੰ ਛੱਡ ਕੇ) ਦੇ ਲਈ ਹੈਲਮਟ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਵਕੀਲ ਨੇ ਟਰਾਂਸਪੋਰਟ ਵਿਭਾਗ ਦੇ ਨੋਟੀਫੀਕੇਸ਼ਨ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਿਕ ਦੱਸਦੇ ਹੋਏ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।