
ਪਟਿਆਲਾ- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤ੍ਰਿਪੜੀ (ਪਟਿਆਲਾ) ਦੇ ਗਣਿਤ ਵਿਸ਼ੇ ਦੇ ਅਧਿਆਪਕਾਂ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਪ੍ਰਸੰਸਾ-ਪੱਤਰ ਦੇ ਕੇ ਸਨਮਾਨਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਇਨ੍ਹਾਂ ਸਨਮਾਨ-ਪੱਤਰਾਂ ਵਿੱਚ ਇਨ੍ਹਾਂ ਅਧਿਆਪਕਾਂ ਦੇ ਸਰਕਾਰੀ ਸਕੂਲ ਵਿੱਚ ਕੀਤੇ ਕੰਮ ਦੀ ਤਾਰੀਫ਼ ਕੀਤੀ ਗਈ ਹੈ ਕਿ ”ਮਿਸ਼ਨ 100%” ਨੂੰ ਪ੍ਰਾਪਤ ਕਰਨ ਲਈ ਇਨ੍ਹਾਂ ਨੇ ਵਿਦਿਆਰਥੀਆਂ ਦੀਆਂ ਐਕਸਟਰਾ ਕਲਾਸਾਂ ਲਗਾਈਆਂ ਅਤੇ ਸਕੂਲ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਉਸਾਰੂ ਤਰੀਕੇ ਨਾਲ ਯੋਗਦਾਨ ਪਾਇਆ ਹੈ।
ਇਹ ਪ੍ਰਸੰਸਾ ਪੱਤਰ ਅੱਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀ ਸੁਖਵਿੰਦਰ ਕੁਮਾਰ ਖੋਸਲਾ ਨੇ ਸਕੂਲ ਵਿੱਚ ਪੁੱਜ ਕੇ ਇਨ੍ਹਾਂ ਅਧਿਆਪਕਾਂ ਨੂੰ ਦਿੱਤੇ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਪ੍ਰਸੰਸਾ ਕੀਤੀ। ਜਿਨ੍ਹਾਂ ਅਧਿਆਪਕਾਂ ਨੂੰ ਇਹ ਪ੍ਰਸੰਸਾ-ਪੱਤਰ ਮਿਲੇ ਹਨ ਉਨ੍ਹਾਂ ਵਿੱਚ ਤਰਨਜੀਤ ਸਿੰਘ, ਸ਼ਿਫਾਲੀ ਗੁਪਤਾ, ਸਤਵਿੰਦਰ ਕੌਰ,ਅਰਚਨਾ ਰਾਣੀ, ਸ਼ਿੰਗਾਰਾ ਸਿੰਘ ਅਤੇ ਆਸ਼ਾ ਸ਼ਾਮਿਲ ਹਨ।