ਫੈਡਰਲ ਸਿਹਤ ਮੰਤਰੀ ਗ੍ਰੈਗ ਹੰਟ ਨੇ ਇੱਕ ਜਾਣਕਾਰੀ ਰਾਹੀਂ ਦੱਸਿਆ ਕਿ ਫੈਡਰਲ ਸਰਕਾਰ ਨੇ ਕੋਵਿਡ-19 ਦੀ ਮਾਰ ਝੇਲ ਰਹੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਨੂੰ ਫੌਰੀ ਤੌਰ ਤੇ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਉਹ 15 ਦਿਨਾਂ ਵਿੱਚ 40 ਘੰਟਿਆਂ ਤੋਂ ਜ਼ਿਆਦਾ ਏਜਡ ਕੇਅਰ ਵਰਗੇ ਸੈਕਟਰਾਂ ਵਿੱਚ ਕੰਮ ਕਰ ਸਕਦੇ ਹਨ ਪਰੰਤੂ ਇਸ ਨਾਲ ਉਨ੍ਹਾਂ ਦੀਆਂ ਚੱਲ ਰਹੀਆਂ ਕਲਾਸਾਂ ਦੀਆਂ ਹਾਜ਼ਰੀਆਂ ਵਿੱਚ ਕਮੀ ਨਹੀਂ ਆਉਣੀ ਚਾਹੀਦੀ ਅਤੇ ਅਜਿਹਾ ਸਿਰਫ ਉਨ੍ਹਾਂ ਦੀ ਮਾਲੀ ਸਥਿਤੀ ਨੂੰ ਸੁਧਾਰਨ ਵਾਸਤੇ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਏਜਡ ਕੇਅਰ ਵਿਚਲੀ ਕਾਮਿਆਂ ਦੀ ਕਮੀ ਨੂੰ ਵੀ ਪੂਰਿਆ ਜਾ ਸਕਦਾ ਹੈ।
ਜਾਣਕਾਰੀ ਦਿੰਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਵਿਦਿਆਰਥੀਆਂ ਵਾਸਤੇ ਇਹ ਜ਼ਰੂਰੀ ਹੈ ਕਿ ਅਗਲੇ ਮਹੀਨੇ ਦੀ 17 ਸਤੰਬਰ ਤੱਕ ਉਨ੍ਹਾਂ ਨੂੰ ਕਰੋਨਾ ਤੋਂ ਬਚਾਉ ਵਾਲੀ ਵੈਕਸੀਨ ਦੀ ਘੱਟੋ ਘੱਟ ਇੱਕ ਡੋਜ਼ ਲੱਗੀ ਹੋਣੀ ਜ਼ਰੂਰੀ ਹੈ ਅਤੇ ਨਾਲ ਇਹ ਵੀ ਜ਼ਰੂਰੀ ਹੈ ਕਿ ਉਨ੍ਹਾਂ ਦੀ ਚੱਲ ਰਹੀ ਪੜ੍ਹਾਈ ਵਿੱਚ ਕੋਈ ਵਿਘਨ ਨਹੀਂ ਪੈਣਾ ਚਾਹੀਦਾ ਅਤੇ ਕੋਰਸਾਂ ਦੌਰਾਨ ਉਨ੍ਹਾਂ ਦੀਆਂ ਹਾਜ਼ਰੀਆਂ ਵੀ ਪੂਰੀਆਂ ਹੋਣੀਆਂ ਬਹੁਤ ਜ਼ਰੂਰੀ ਹਨ।
ਜ਼ਿਆਦਾ ਜਾਣਕਾਰੀ ਲਈ ਸਰਕਾਰ ਦੀ ਵੈਬਸਾਈਟ ਉਪਰ ਵਿਜ਼ਿਟ ਕੀਤਾ ਜਾ ਸਕਦਾ ਹੈ।