ਕਰਤਾਰਪੁਰ ਸਾਹਿਬ ਜਾਣ ਲਈ ਸ਼ਰਧਾਲੂਆਂ ਦੇ ਪਹਿਲੇ ਜਥੇ ਦੀਆਂ ਸੰਗਤਾਂ ਟਰਮੀਨਲ ਪਹੁੰਚਣੀਆਂ ਸ਼ੁਰੂ

ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ‘ਚ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਖੁੱਲ੍ਹੇ ਲਾਂਘੇ ਲਈ ਅੱਜ ਸ਼ਰਧਾਲੂਆਂ ਦਾ ਪਹਿਲਾ ਜਥਾ ਡੇਰਾ ਬਾਬਾ ਨਾਨਕ ਤੋਂ ਰਵਾਨਾ ਹੋ ਰਿਹਾ ਹੈ। ਡੇਰਾ ਬਾਬਾ ਨਾਨਕ ‘ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ‘ਚ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਸ਼ਰਧਾਲੂ ਪਹੁੰਚਣੇ ਸ਼ੁਰੂ ਹੋ ਗਏ ਹਨ ਅਤੇ ਆਪਣੇ ਦਸਤਾਵੇਜ਼ ਦਿਖਾ ਕੇ ਟਰਮੀਨਲ ਦੇ ਅੰਦਰ ਲੋੜੀਂਦੀ ਕਾਗ਼ਜ਼ੀ ਕਾਰਵਾਈ ਲਈ ਦਾਖ਼ਲ ਹੋ ਰਹੇ ਹਨ।

ਉਧਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪੁੱਜ ਰਹੀਆਂ ਹਨ। ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਭਾਰਤ ਤੋਂ ਗਏ ਜੱਥੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਸ਼ਿਰਕਤ ਕਰਨ ਮਗਰੋਂ ਅੱਜ ਸਵੇਰੇ 45 ਵਿਸ਼ੇਸ਼ ਬੱਸਾਂ ਰਾਹੀਂ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਹਾਜ਼ਰੀਆਂ ਭਰਨ ਲਈ ਕਰਤਾਰਪੁਰ ਸਾਹਿਬ ਤੋਂ ਨਨਕਾਣਾ ਸਾਹਿਬ ਲਈ ਰਵਾਨਾ ਹੋ ਗਏ ਹਨ। ਸਿੱਖ ਸ਼ਰਧਾਲੂਆਂ ਵਿਚ ਲਾਂਘਾ ਖੁੱਲਣ ਤੇ ਖੁਸ਼ੀ ਪਾਈ ਜਾ ਰਹੀ ਹੈ।

ਧੰਨਵਾਦ ਸਹਿਤ (ਰੌਜ਼ਾਨਾ ਅਜੀਤ)