ਮੁਜ਼ੱਫ਼ਰਨਗਰ ਮਹਾਂ ਪੰਚਾਇਤ ਦੇ ਵਿਸ਼ਾਲ ਇਕੱਠ ਨੇ ਕੀਤੀ ਕੇਂਦਰ ਸਰਕਾਰ ਦੀ ਨੀਂਦ ਹਰਾਮ

ਮੁਜ਼ੱਫ਼ਰਨਗਰ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਯੋਜਿਤ ਕੀਤੀ ਗਈ ਮਹਾਂ ਪੰਚਾਇਤ ਵਿਚ ਸ਼ਾਮਲ ਮਾਨਵਤਾ ਦੇ ਸਮੁੰਦਰ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਹੈ। ਸਾਰਾ ਮੁਜ਼ੱਫ਼ਰਨਗਰ ਸ਼ਹਿਰ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਿਆ ਸੀ। ਸ਼ਹਿਰ ਦੀ ਹਰ ਗਲੀ ਮੁਹੱਲਾ ਅਤੇ ਸੜਕਾਂ ਉਪਰ ਤਿਲ ਸੁੱਟਣ ਲਈ ਖਾਲੀ ਥਾਂ ਨਹੀਂ ਸੀ। ਜਿੱਧਰ ਵੀ ਨਿਗਾਹ ਮਾਰੋ ਉੱਧਰ ਹੀ ਇਨਸਾਨੀਅਤ ਦਾ ਜਨ ਸਮੂਹ ਠਾਠਾਂ ਮਾਰਦਾ ਦਿਸ ਰਿਹਾ ਸੀ। ਲੱਖਾਂ ਕਿਸਾਨ ਪੰਡਾਲ ਵਿਚ ਪਹੁੰਚ ਹੀ ਨਹੀਂ ਸਕੇ ਪ੍ਰੰਤੂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਬੰਧਕਾਂ ਨੇ ਜਨਤਕ ਸੰਬੋਧਨ ਪ੍ਰਣਾਲੀ ਦਾ ਸਾਰੇ ਸ਼ਹਿਰ ਵਿਚ ਜਾਲ ਵਿਛਾ ਦਿੱਤਾ ਸੀ, ਜਿਸ ਕਰਕੇ ਠਾਠਾਂ ਮਾਰਦਾ ਮਨੁੱਖਤਾ ਦਾ ਸਮੁੰਦਰ ਜਿੱਥੇ ਵੀ ਜਗ੍ਹਾ ਮਿਲੀ ਉਥੇ ਹੀ ਖੜ੍ਹ ਕੇ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਦੇ ਭਾਸ਼ਣ ਨੂੰ ਸ਼ਾਂਤਮਈ ਢੰਗ ਨਾਲ ਸੁਣ ਰਹੇ ਸਨ। ਵੱਖ-ਵੱਖ ਸੂਬਿਆਂ, ਧਰਮਾਂ ,ਜ਼ਾਤਾਂ, ਮਜ਼੍ਹਬਾਂ, ਖੇਤਰਾਂ ਅਤੇ ਭਾਸ਼ਾਵਾਂ ਬੋਲਣ ਵਾਲੇ ਕਿਸਾਨ ਮਜ਼ਦੂਰ ਹੁੰਮ ਹੁਮਾ ਕੇ ਪਹੁੰਚੇ ਹੋਏ ਸਨ। ਸੰਯੁਕਤ ਕਿਸਾਨ ਮੋਰਚੇ ਨੂੰ ਬੇਮਿਸਾਲ ਸਮਰਥਨ ਮਿਲਿਆ ਹੈ, ਜਿਸ ਨੇ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਨੂੰ ਕੰਬਣੀ ਛੇੜ ਦਿੱਤੀ ਹੈ। ਸ਼ਹਿਰ ਤੋਂ ਬਾਹਰ ਵੀ ਕਈ ਕਿਲੋਮੀਟਰ ਤੱਕ ਸੜਕਾਂ ਜਾਮ ਹੋ ਗਈਆਂ ਸਨ। ਦੇਸ਼ ਦੇ 15 ਰਾਜਾਂ ਉਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਤਾਮਿਲਨਾਡੂ, ਆਸਾਮ, ਬਿਹਾਰ, ਕੇਰਲ, ਕਰਨਾਟਕਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਮਹਾਰਾਸ਼ਟਰ ਵਿੱਚੋਂ ਵਿਸ਼ੇਸ਼ ਤੌਰ ਤੇ ਕਿਸਾਨ ਮਜ਼ਦੂਰ ਟਰੱਕਾਂ, ਬੱਸਾਂ, ਕਾਰਾਂ, ਟਰੈਕਟਰਾਂ ਅਤੇ ਹੋਰ ਸਾਧਨਾ ਰਾਹੀਂ ਪਹੁੰਚੇ ਹੋਏ ਸਨ। ਇਸਤਰੀਆਂ ਅਤੇ ਨੌਜਵਾਨ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਹਨ। ਜਿਨ੍ਹਾਂ ਕਿਸਾਨ ਮਜ਼ਦੂਰਾਂ ਨੂੰ ਦੇਸ਼ ਧਰੋਹੀ, ਮਾਓਵਾਦੀ ਅਤੇ ਖਾਲਿਸਤਾਨੀ ਵਰਗੇ ਫ਼ਤਵੇ ਦੇ ਕੇ ਨਿੰਦਿਆ ਜਾ ਰਿਹਾ ਸੀ, ਉਹ ਸਾਰੇ ਕੌਮੀ ਝੰਡੇ ਅਤੇ ਆਪੋ ਆਪਣੇ ਸੰਗਠਨਾਂ ਦੇ ਝੰਡਿਆਂ ਸਮੇਤ ਪਹੁੰਚੇ ਹੋਏ ਸਨ।
ਇਸ ਮਹਾਂ ਪੰਚਾਇਤ ਦੀ ਵਿਲੱਖਣਤਾ ਇਹ ਹੈ ਕਿ ਭਾਰਤ ਦੇ ਇਤਿਹਾਸ ਵਿਚ ਹੁਣ ਤੱਕ ਸਾਰੇ ਧਰਮਾਂ, ਜ਼ਾਤਾਂ ਅਤੇ ਭਾਸ਼ਾਵਾਂ ਵਾਲੀ ਲੋਕਾਈ ਦਾ ਇਤਨਾ ਵੱਡਾ ਸ਼ਾਂਤਮਈ ਜਨ ਸਮੂਹ ਕਦੀ ਵੀ ਕਿਸੇ ਜਲਸੇ ਵਿਚ ਵੇਖਣ ਨੂੰ ਨਹੀਂ ਮਿਲਿਆ। ਇਸ ਮਹਾਂ ਪੰਚਾਇਤ ਨੇ ਦੇਸ਼ ਦੇ ਇਤਿਹਾਸ ਵਿਚ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਯੋਗੀ ਸਰਕਾਰ ਵੱਲੋਂ ਬੱਸਾਂ, ਟਰੱਕਾਂ ਅਤੇ ਕਾਰਾਂ ਦੇ ਕਾਫ਼ਲਿਆਂ ਨੂੰ ਅਨੇਕਾਂ ਰੋਕਾਂ ਲਾ ਕੇ ਰੋਕਣ ਦੇ ਬਾਵਜੂਦ ਕਿਸਾਨ ਮਜ਼ਦੂਰ ਹਰ ਹੀਲਾ ਵਰਤ ਕੇ ਪਹੁੰਚ ਗਏ। ਕੇਂਦਰ ਸਰਕਾਰ ਨੇ ਰੇਲਾਂ ਨੂੰ ਲੇਟ ਕੀਤਾ ਤਾਂ ਜੋ ਕਿਸਾਨ ਸਮੇਂ ਸਿਰ ਪਹੁੰਚ ਨਾ ਸਕਣ ਅਤੇ ਕਈ ਰੇਲਾਂ ਰੱਦ ਕਰ ਦਿੱਤੀਆਂ ਗਈਆਂ ਸਨ। ਲੋਕਾਂ ਦਾ ਹੜ੍ਹ ਪਹੁੰਚ ਕੇ ਮੁਜ਼ੱਫ਼ਰਨਗਰ ਦੇ ਇਤਿਹਾਸ ਵਿਚ ਨਵੀਆਂ ਬੁਲੰਦੀਆਂ ਪ੍ਰਾਪਤ ਕਰ ਗਿਆ। ਇਸ ਮਹਾਂ ਪੰਚਾਇਤ ਵਿਚ ਸੈਂਕੜੇ ਲੰਗਰ ਗੁਰਦੁਆਰਾ ਸਿੰਘ ਸਭਾ ਨੇ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਡਾਕਟਰੀ ਸਹੂਲਤਾਂ ਅਤੇ ਮੋਬਾਈਲ ਕਲਿਨਕਾਂ ਸਥਾਪਤ ਕੀਤੀਆਂ ਗਈਆਂ ਸਨ। ਇਹ ਸਾਰੇ ਪ੍ਰਬੰਧ ਸਵੈਇੱਛਿਤ ਸੰਸਥਾਵਾਂ ਨੇ ਮਹਾਂ ਪੰਚਾਇਤ ਦੀ ਸਫਲਤਾ ਲਈ ਕੀਤੇ ਸਨ। ਦੇਸ਼ ਅਤੇ ਵਿਦੇਸ਼ ਦਾ ਮੀਡੀਆ ਇਸ ਮਹਾਂ ਪੰਚਾਇਤ ਨੂੰ ਕਵਰ ਕਰਨ ਲਈ ਪਹੁੰਚਿਆ ਹੋਇਆ ਸੀ। ਇਤਨਾ ਵੱਡਾ ਇਕੱਠ ਵੇਖ ਕੇ ਸੰਸਾਰ ਦੰਗ ਰਹਿ ਗਿਆ। ਸੰਸਾਰ ਵਿਚ ਮੋਦੀ ਸਰਕਾਰ ਦੀ ਥੂ ਥੂ ਹੋ ਗਈ। ਸੰਯੁਕਤ ਕਿਸਾਨ ਮੋਰਚੇ ਦੀਆਂ ਆਸਾਂ ਤੋਂ ਵੱਧ ਲੋਕਾਂ ਨੇ ਹਾਜ਼ਰੀ ਲਵਾਈ ਹੈ। 17 ਏਕੜ ਦੇ ਜੀ ਆਈ ਕਾਲਜ ਦਾ ਅਹਾਤਾ 4 ਸਤੰਬਰ ਦੀ ਰਾਤ ਨੂੰ ਹੀ ਖਚਾਖਚ ਭਰ ਗਿਆ ਸੀ। ਇਸ ਨਾਲੋਂ ਦੁਗਣੇ ਲੋਕ ਪੰਡਾਲ ਦੇ ਬਾਹਰ ਬਾਜ਼ਾਰਾਂ ਵਿਚ ਖੜ੍ਹੇ ਸਨ। ਭਾਵ 51 ਏਕੜ ਥਾਂ ਵਿਚ ਕਿਸਾਨ ਮਜ਼ਦੂਰ ਅਤੇ ਲੋਕਾਈ ਬੈਠੀ ਹੋਈ ਸੀ। ਭਾਰਤੀ ਜਨਤਾ ਪਾਰਟੀ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ 9 ਮਹੀਨੇ ਤੋਂ ਬੈਠੇ ਕਿਸਾਨਾਂ ਨੂੰ ਮੁੱਠੀ ਭਰ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਕਹਿ ਰਹੇ ਸਨ। 5 ਸਤੰਬਰ ਦੇ ਜਨ ਸਮੂਹ ਨੇ ਭਾਰਤੀ ਜਨਤਾ ਪਾਰਟੀ ਦੀ ਇਹ ਗ਼ਲਤ ਫ਼ਹਿਮੀ ਵੀ ਦੂਰ ਕਰ ਦਿੱਤੀ ਹੈ। ਕਿਸਾਨ ਅੰਦੋਲਨ ਲੋਕ ਅੰਦੋਲਨ ਬਣ ਗਿਆ ਹੈ, ਜਿਸ ਕਰਕੇ ਇਸਦੀ ਸਭ ਤੋਂ ਵੱਡੀ ਦੇਣ ਲੋਕਾਂ ਦੇ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ। ਸੰਸਾਰ ਵਿਚ ਇਸ ਅੰਦੋਲਨ ਦਾ ਪ੍ਰਭਾਵ ਸਾਫ਼ ਵਿਖਾਈ ਦਿੰਦਾ ਹੈ। ਇਸ ਅੰਦੋਲਨ ਨੇ ਆਮ ਲੋਕਾਂ ਖਾਸ ਤੌਰ ਤੇ ਦੇਸ਼ ਦੇ ਵੋਟਰਾਂ ਵਿਚ ਇਤਨੀ ਜਾਗ੍ਰਿਤੀ ਪੈਦਾ ਕਰ ਦਿੱਤੀ ਹੈ ਕਿ ਹੁਣ ਸਾਰੀਆਂ ਸਿਆਸੀ ਪਾਰਟੀਆਂ ਅਤੇ ਵਿਸ਼ੇਸ਼ ਤੌਰ ‘ਤੇ ਭਾਰਤੀ ਜਨਤਾ ਪਾਰਟੀ ਨੂੰ ਲੈਣੇ ਦੇ ਦੇਣੇ ਪੈ ਗਏ ਹਨ। ਉਹ ਅਸੰਜਮ ਮਹਿਸੂਸ ਕਰ ਰਹੀ ਹੈ। ਭਾਰਤ ਵਿਚ ਉਹ ਬੇਮਾਅਨਾ ਹੋ ਚੁੱਕੀ ਹੈ। ਉਨ੍ਹਾਂ ਨੂੰ ਅਨੁਭਵ ਹੋ ਗਿਆ ਹੈ ਕਿ ਸਿਆਸੀ ਜ਼ਮੀਨ ਉਨ੍ਹਾਂ ਦੇ ਹੱਥੋਂ ਖਿਸਕ ਰਹੀ ਹੈ। ਭਾਰਤੀ ਜਨਤਾ ਪਾਰਟੀ ਸਮੇਤ ਭਾਰਤ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਤਨੀਆਂ ਘਬਰਾ ਗਈਆਂ ਹਨ ਕਿ ਉਹ ਆਪਣਾ ਕੋਈ ਵੀ ਅਜਿਹਾ ਫ਼ੈਸਲਾ ਨਹੀਂ ਕਰਦੀਆਂ, ਜਿਸ ਨਾਲ ਕਿਸਾਨ ਅੰਦੋਲਨ ਉਪਰ ਬੁਰਾ ਪ੍ਰਭਾਵ ਪਵੇ।
ਮੁਜ਼ੱਫ਼ਰਨਗਰ ਕਿਸਾਨਾਂ ਦਾ ਮੱਕਾ ਸਾਬਤ ਹੋ ਰਿਹਾ ਹੈ ਕਿਉਂਕਿ ਚੌਧਰੀ ਚਰਨ ਸਿੰਘ ਅਤੇ ਕਿਸਾਨ ਨੇਤਾ ਮਹਿੰਦਰ ਸਿੰਘ ਟਿਕੈਤ ਨੇ ਵੀ ਕਿਸਾਨਾਂ ਦੇ ਹੱਕਾਂ ਲਈ ਮੁਜ਼ੱਫ਼ਰਨਗਰ ਤੋਂ ਹੀ ਅੰਦੋਲਨ ਸ਼ੁਰੂ ਕਰਕੇ ਸਫਲਤਾ ਪ੍ਰਾਪਤ ਕੀਤੀ ਹੈ। ਇਸ ਲਈ ਮਹਾਂ ਪੰਚਾਇਤ ਕਰਨ ਲਈ ਹੀ ਮੁਜ਼ੱਫ਼ਰਨਗਰ ਦੀ ਚੋਣ ਕੀਤੀ ਗਈ ਹੈ। ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ। ਜਿਸ ਕਰਕੇ ਭਾਰਤੀ ਜਨਤਾ ਪਾਰਟੀ ਆਪਣਾ ਭਵਿੱਖ ਧੁੰਦਲਾ ਵੇਖ ਰਹੀ ਹੈ ਕਿਉਂਕਿ ਕਿਸਾਨਾਂ ਨੇ ਉਤਰ ਪ੍ਰਦੇਸ਼ ਦੇ 18 ਮੰਡਲਾਂ ਵਿਚ ਮਹਾਂ ਪੰਚਾਇਤਾਂ ਕਰਨ ਦਾ ਫ਼ੈਸਲਾ ਕਰ ਲਿਆ ਹੈ। ਇਸ ਜਨ ਸਮੂਹ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਮਹਾ ਪੰਚਾਇਤ ਵਿਚ ਸਾਰੇ ਧਰਮਾਂ, ਜ਼ਾਤਾਂ ਅਤੇ ਵਰਗਾਂ ਦੇ ਲੋਕ ਸ਼ਾਮਲ ਹੋਏ ਹਨ। ਇਹ ਅੰਦੋਲਨ ਧਰਮ ਨਿਰਪੱਖਤਾ, ਸਾਰੀਆਂ ਜ਼ਾਤਾਂ ਅਤੇ ਧਰਮਾਂ ਨੂੰ ਜੋੜਨ ਦੀ ਕੜੀ ਦਾ ਕੰਮ ਕਰੇਗਾ। ਮੰਚ ਤੋਂ ਸਾਰੀਆਂ ਭਾਸ਼ਾਵਾਂ ਵਿਚ ਭਾਸ਼ਣ ਦਿੱਤੇ ਗਏ ਜਿਨ੍ਹਾਂ ਦਾ ਨਾਲ ਦੀ ਨਾਲ ਹਿੰਦੀ ਵਿਚ ਉਲਥਾ ਕਰਕੇ ਦੱਸਿਆ ਗਿਆ। ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਚੋਣ ਨਹੀਂ ਲੜਨਗੇ ਪ੍ਰੰਤੂ ਰਾਕੇਸ਼ ਟਿਕੈਤ ਨੇ ਕਿਹਾ ਹੈ ਵੋਟ ਦੀ ਚੋਟ ਦਾ ਅਧਿਕਾਰ ਵਰਤਿਆ ਜਾਵੇਗਾ। ਜਿਸ ਕਰਕੇ ਭਾਰਤੀ ਜਨਤਾ ਪਾਰਟੀ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਦੀ ਜਾ ਰਹੀ ਹੈ। ਕਿਸਾਨਾਂ ਨੇ 27 ਸਤੰਬਰ ਨੂੰ ਸਮੁੱਚੇ ਭਾਰਤ ਵਿਚ ਬੰਦ ਕਰਨ ਦਾ ਐਲਾਨ ਵੀ ਕੀਤਾ ਹੈ। ਕਿਸਾਨ ਮਜ਼ਦੂਰ ਮਹਾਂ ਪੰਚਾਇਤ ਦੀ ਸਫਲਤਾ ਕਰਕੇ ਕਿਸਾਨ ਅੰਦੋਲਨ ਹੋਰ ਤੇਜ਼ ਹੋਵੇਗਾ। ਇਉਂ ਲੱਗ ਰਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਪੱਛਮੀ ਬੰਗਾਲ ਦੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਤਾਂ ਸਾਰੀਆਂ ਪਾਰਟੀਆਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਸਨ ਕਿ ਉਨ੍ਹਾਂ ਕੋਲ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਤੋਂ ਇਲਾਵਾ ਆਪਣਾ ਅਸਤਿਤਵ ਬਚਾਉਣ ਲਈ ਕੋਈ ਚਾਰਾ ਹੀ ਬਾਕੀ ਨਹੀਂ ਰਿਹਾ। ਹੁਣ 2022 ਵਿਚ ਉਤਰ ਪ੍ਰਦੇਸ਼ ਸਮੇਤ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾ ਦੇ ਨਤੀਜੇ ਇਸ ਅੰਦੋਲਨ ਤੋਂ ਸਾਫ਼ ਵਿਖਾਈ ਦੇਣ ਲੱਗ ਪਏ ਹਨ।
ਪੰਜਾਬ ਵਿਚ ਇਕੱਲੀ ਭਾਰਤੀ ਜਨਤਾ ਪਾਰਟੀ ਹੀ ਤਿੰਨ ਖੇਤੀ ਕਾਨੂੰਨਾਂ ਦੇ ਹੱਕ ਵਿਚ ਬੋਲ ਰਹੀ ਹੈ। ਹੁਣ ਹਾਲਾਤ ਇਹ ਬਣ ਗਏ ਹਨ ਕਿ ਡਰੀਆਂ ਹੋਈਆਂ ਸਿਆਸੀ ਪਾਰਟੀਆਂ ਸੰਯੁਕਤ ਕਿਸਾਨ ਮੋਰਚੇ ਦੇ ਹਰ ਹੁਕਮ ‘ਤੇ ਫੁੱਲ ਚੜ੍ਹਾਉਣ ਲਈ ਮਜਬੂਰ ਹੋ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ ਨੇ ਜਦੋਂ ਵਿਰੋਧੀ ਪਾਰਟੀਆਂ ਨੂੰ ਵਿਪ ਜਾਰੀ ਕੀਤਾ ਕਿ ਸੰਸਦ ਵਿੱਚੋਂ ਵਾਕ ਆਊਟ ਕਰਨ ਦੀ ਥਾਂ ਸੰਸਦ ਦੇ ਅੰਦਰ ਰਹਿ ਕੇ ਆਪਣੀ ਗੱਲ ਕਹੀ ਜਾਵੇ। ਸਾਰੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਹੁਕਮ ਮੁਤਾਬਿਕ ਹੀ ਕੰਮ ਕੀਤਾ ਹੈ। ਇੱਕ ਵਾਰ ਵੀ ਸੰਸਦ ਵਿੱਚੋਂ ਨਾ ਤਾਂ ਵਾਕ ਆਊਟ ਕੀਤਾ ਹੈ ਅਤੇ ਨਾ ਹੀ ਸੰਸਦ ਦੇ ਦੋਵੇਂ ਸਦਨਾਂ ਨੂੰ ਚਲਣ ਦਿੱਤਾ ਹੈ। ਇਹ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਵਿਚ ਸ਼ਾਇਦ ਪਹਿਲਾ ਮੌਕਾ ਹੈ ਕਿ ਸੰਸਦ ਦੇ ਦੋਵੇਂ ਸਦਨ ਵਿਰੋਧੀ ਪਾਰਟੀਆਂ ਨੇ ਚਲਣ ਹੀ ਨਹੀਂ ਦਿੱਤੇ। ਸਗੋਂ ਵਿਰੋਧੀ ਪਾਰਟੀਆਂ ਦੇ ਮੈਂਬਰ ਇੱਕ ਦੂਜੇ ਤੋਂ ਅੱਗੇ ਹੋ ਕੇ ਅਜਿਹੇ ਢੰਗ ਨਾਲ ਵਿਰੋਧ ਕਰਦੇ ਰਹੇ ਹਨ ਤਾਂ ਜੋ ਉਹ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਨੂੰ ਖ਼ੁਸ਼ ਕਰ ਸਕਣ। ਉਨ੍ਹਾਂ ਇੱਥੇ ਹੀ ਬੱਸ ਨਹੀਂ ਕੀਤਾ ਸਗੋਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਜੰਤਰ ਮੰਤਰ ‘ਤੇ ਹੋ ਰਹੀ ”ਕਿਸਾਨ ਸੰਸਦ” ਦੀ ਵਿਜ਼ਟਰ ਗੈਲਰੀ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ ਹਾਜ਼ਰੀ ਭਰੀ ਹੈ, ਜਦੋਂ ਕਿ ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਇਹ ਚਾਹੁੰਦੀਆਂ ਸਨ ਕਿ ਲੋਕ ਉਨ੍ਹਾਂ ਕੋਲ ਆਉਣ। ਇੱਕ ਸ਼ੁੱਭ ਸ਼ਗਨ ਇਹ ਵੀ ਹੋਇਆ ਹੈ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇੱਕਮੁੱਠ ਹੋ ਕੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਸੰਸਦ ਦੇ ਮੁੱਖ ਦਰਵਾਜ਼ੇ ਕੋਲ ਇੱਕ ਦੂਜੇ ਨੂੰ ਭੰਡਣ ਵਾਲੇ ਕਾਂਗਰਸੀ ਅਤੇ ਅਕਾਲੀ ਇਕੱਠੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਪਲੇਅ ਕਾਰਡ ਲੈ ਕੇ ਖੜ੍ਹੇ ਰਹੇ ਹਨ। ਕਾਂਗਰਸ ਦੇ ਦੋ ਲੋਕ ਸਭਾ ਮੈਂਬਰਾਂ ਰਵਨੀਤ ਸਿੰਘ ਬਿੱਟੂ ਲੁਧਿਆਣਾ ਤੋਂ ਅਤੇ ਗੁਰਜੀਤ ਸਿੰਘ ਅੰਮ੍ਰਿਤਸਰ ਤੋਂ ਨੇ ਤਾਂ ਜਿਤਨੇ ਦਿਨ ਲੋਕ ਸਭਾ ਦਾ ਸੈਸ਼ਨ ਚੱਲਦਾ ਰਿਹਾ, ਉਹ ਲੋਕ ਸਭਾ ਦੇ ਹਾਲ ਵਿਚ ਹੀ ਸੌਂਦੇ ਰਹੇ ਹਨ। ਕਿਸਾਨ ਅੰਦੋਲਨ ਦੀ ਸਫਲਤਾ ਦਾ ਰਾਜ਼ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਨੂੰ ਜਾਂਦਾ ਹੈ। ਪਹਿਲੀ ਵਾਰ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆ ਵਰਗ ਇਕੱਠੇ ਹੋਏ ਹਨ, ਜਦੋਂ ਕਿ ਇਨ੍ਹਾਂ ਤਿੰਨਾਂ ਦੇ ਹਿਤ ਵੱਖਰੇ ਹਨ।
ਮੁਜੱਫ਼ਰਨਗਰ ਦੀ ਮਹਾਂ ਪੰਚਾਇਤ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕਰਨਾਲ ਦੇ ਸਬ ਡਵੀਜ਼ਨਲ ਆਫ਼ੀਸਰ ਦੇ ਖ਼ਿਲਾਫ਼ ਜੇ ਕਾਰਵਾਈ ਨਾ ਕੀਤੀ ਤਾਂ 7 ਸਤੰਬਰ ਨੂੰ ਕਰਨਾਲ ਵਿਖੇ ਸੰਯੁਕਤ ਕਿਸਾਨ ਮੋਰਚਾ ਅੰਦੋਲਨ ਕਰੇਗਾ। ਸਰਕਾਰ ਨੇ ਜੋ ਕਰਨਾ ਹੈ ਉਹ ਕਰ ਲਵੇ ਪ੍ਰੰਤੂ ਕਿਸਾਨ ਮੋਰਚਾ ਬਿਲਕੁਲ ਹੀ ਆਪਣਾ ਫ਼ੈਸਲਾ ਨਹੀਂ ਬਦਲੇਗਾ। ਰਾਕੇਸ਼ ਟਿਕੈਤ ਨੇ ਤਾਂ ਇਹ ਵੀ ਕਹਿ ਦਿੱਤਾ ਹੈ ਜ਼ਿੱਦੀ ਸਰਕਾਰ ਨੂੰ ਵੋਟ ਦੇ ਅਧਿਕਾਰ ਨਾਲ ਸਬਕ ਸਿਖਾਇਆ ਜਾਵੇਗਾ। ਅਜੇ ਵੀ ਡੁੱਲ੍ਹੇ ਬੇਰਾਂ ਦਾ ਕੁੱਝ ਨਹੀਂ ਵਿਗੜਿਆ ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਹੁਣ ਸੰਜੀਦਗੀ ਤੋਂ ਕੰਮ ਲੈਂਦਿਆਂ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਪਹਿਲ ਕਰਨੀ ਚਾਹੀਦੀ ਹੈ।

(ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ)

Welcome to Punjabi Akhbar

Install Punjabi Akhbar
×
Enable Notifications    OK No thanks