
ਨਿਊਯਾਰਕ/ਰੂਪਨਗਰ—ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਵੱਲੋਂ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕਰਕੇ ਉਸ ਦੀ ਕਾਰਜ ਪ੍ਰਣਾਲੀ ਦੀ ਸਮੀਖਿਆ ਕੀਤੀ ਗਈ।ਮੀਟਿੰਗ ਚ ਨਾਬਾਰਡ ਦੇ ਚੀਫ਼ ਜਨਰਲ ਮੈਨੇਜਰ ਡਾ ਰਾਜੀਵ ਸਿਵਾਚ, ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਜਨਰਲ ਮੈਨੇਜਰ ਪੀਕੇ ਭਾਰਦਵਾਜ ਤੇ ਐਚਕੇ ਸਬਲਨੀਆ ਮੌਜੂਦ ਰਹੇ। ਇਸ ਦੌਰਾਨ ਐਮ.ਪੀ ਨੂੰ ਪੰਜਾਬ ਤੇ ਖਾਸ ਕਰਕੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਚ ਨਾਬਾਰਡ ਦੀ ਵਿੱਤੀ ਸਹਾਇਤਾ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ। ਸ੍ਰੀ ਤਿਵਾੜੀ ਨੇ ਸੂਬੇ ਦੇ ਖੇਤੀ ਅਤੇ ਪੇਂਡੂ ਖੇਤਰਾਂ ਵਿੱਚ ਬੈਂਕ ਦੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬੈਂਕ ਲਈ ਭਵਿੱਖ ਚ ਹੋਰ ਵੀ ਵੱਡੀ ਚੁਣੌਤੀ ਹੋਵੇਗੀ, ਕਿਉਂਕਿ ਖੇਤੀ ਤੇ ਪੇਂਡੂ ਖੇਤਰ ਚ ਵਿਕਾਸ ਵਾਸਤੇ ਹੋਰ ਵੀ ਨਿਵੇਸ਼ ਦੀ ਲੋਡ਼ ਹੈ। ਉਨ੍ਹਾਂ ਨੇ ਸੂਬੇ ਅੰਦਰ ਵੱਖ-ਵੱਖ ਵਿਕਾਸ ਪ੍ਰਾਜੈਕਟ ਚਲਾਉਣ ਚ ਸਹਿਯੋਗ ਦੇਣ ਲਈ ਬੈਂਕ ਅਧਿਕਾਰੀਆਂ ਦਾ ਧੰਨਵਾਦ ਕੀਤਾ।ਐਮ.ਪੀ ਨੇ ਬੈਂਕ ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਦੋਨਾਂ ਦਾ ਮਿਲ ਕੇ ਕੰਮ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਹ ਸੁਨਿਸ਼ਚਿਤ ਕਰਣਗੇ ਕਿ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਬੈਂਕ ਤੇ ਵਿਚਾਲੇ ਪੂਰਾ ਸਹਿਯੋਗ ਰਹੇ।ਉਥੇ ਹੀ, ਬੈਂਕ ਅਧਿਕਾਰੀਆਂ ਨੇ ਸੂਬਾ ਸਰਕਾਰ ਨੂੰ ਖੇਤੀ ਅਤੇ ਪੇਂਡੂ ਖੇਤਰ ਚ ਵਿਕਾਸ ਵਾਸਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।