ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧੀਆਂ ਕੀਮਤਾਂ ਨੂੰ ਲੈ ਕੇ ਦੀਵਾਨ ਦਾ ਮੋਦੀ ਸਰਕਾਰ ਤੇ ਹਮਲਾ

ਪੁੱਛਿਆ: ਕੀ ਟੋਲ ਪਲਾਜ਼ਾ ਦੇ ਨੁਕਸਾਨ ਦੀ ਭਰਪਾਈ ਕਰ ਰਹੀ ਹੈ ਸਰਕਾਰ  

ਨਿਊਯਾਰਕ/ਲੁਧਿਆਣਾ —ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਉੱਪਰ ਹਮਲਾ ਬੋਲਿਆ ਹੈ। ਜਿਨ੍ਹਾਂ ਨੇ ਕੇਂਦਰ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਕੀ ਉਹ ਕਿਸਾਨ ਅੰਦੋਲਨ ਕਾਰਨ ਬੰਦ ਟੌਲ ਪਲਾਜ਼ਾ ਨਾਲ ਹੋਣ ਵਾਲੇ ਨੁਕਸਾਨ ਦੀ ਭਰਪਾਈ ਕਰ ਰਹੀ ਹੈ। ਦੀਵਾਨ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਵਧ ਰਹੀਆਂ ਕੀਮਤਾਂ ਨੇ ਦੇਸ਼ ਦੇ ਗ਼ਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰ ਚਲਾਉਣਾ ਮੁਸ਼ਕਿਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਛੇ ਮਹੀਨਿਆਂ ਚ ਹੀ ਰਸੋਈ ਗੈਸ ਦੇ ਰੇਟਾਂ ਚ ਕਰੀਬ 175 ਰੁਪਏ ਦਾ ਵਾਧਾ ਹੋਇਆ ਹੈ ਅਤੇ ਸਿਲੰਡਰਾਂ ਦਾ ਰੇਟ ਲਗਪਗ 800 ਰੁਪਏ ਤੱਕ ਪਹੁੰਚ ਚੁੱਕਿਆ ਹੈ। ਇਸੇ ਤਰ੍ਹਾਂ ਬੀਤੇ ਅੱਠ ਮਹੀਨਿਆਂ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚ ਕਰੀਬ 20-20 ਰੁਪਏ ਦਾ ਵਾਧਾ ਹੋਇਆ ਹੈ, ਜਿਸ ਨਾਲ ਪੈਟਰੋਲ ਲਗਪਗ 91 ਰੁਪਏ ਅਤੇ ਡੀਜ਼ਲ ਕਰੀਬ 82 ਰੁਪਏ ਪ੍ਰਤੀ ਲੀਟਰ ਨੂੰ ਪਹੁੰਚ ਗਿਆ ਹੈ।ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨ ਅੰਦੋਲਨ ਕਾਰਨ ਟੋਲ ਪਲਾਜ਼ਾ ਬੰਦ ਹੋਣ ਨਾਲ ਪਏ ਘਾਟੇ ਨੂੰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਚ ਵਾਧਾ ਕਰਕੇ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਲੋਕ ਅੱਜ ਡਾ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਨੂੰ ਯਾਦ ਕਰ ਰਹੇ ਹਨ, ਜਦੋਂ ਦੇਸ਼ ਤਰੱਕੀ ਕਰ ਰਿਹਾ ਸੀ ਅਤੇ ਵਸਤਾਂ ਦਾ ਰੇਟ ਆਮ ਆਦਮੀ ਦੀ ਪਹੁੰਚ ਵਿਚ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੁਮਲਿਆਂ ਨੇ ਅੱਜ ਦੇਸ਼ ਦੇ ਲੋਕਾਂ ਨੂੰ ਪਰੇਸ਼ਾਨੀਆਂ ਵਿੱਚ ਪਾ ਦਿੱਤਾ ਹੈ।

Install Punjabi Akhbar App

Install
×