ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਸੰਬੰਧੀ ਪਾਸ ਮਤਾ ਸ਼ਲਾਘਾਯੋਗ – ਡਾ. ਤੇਜਵੰਤ ਮਾਨ

ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਵੱਲੋਂ 27 ਨਵੰਬਰ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਦੇ ਮਾਣ ਸਤਿਕਾਰ ਲਈ ਪਾਸ ਕੀਤੇ ਮਤੇ ਦਾ ਸਮਰਥਨ ਕਰਦਿਆਂ ਡਾ. ਤੇਜਵੰਤ ਮਾਨ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ.) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਤਿਆਰ ਕੀਤੇ ਮੰਗ ਪੱਤਰ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਹੋਰ ਪੰਜਾਬੀ ਵਸੋਂ ਵਾਲੇ ਇਲਾਕਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਉਸਦਾ ਸਥਾਨ ਦੇਣ ਦੀ ਮੰਗ ਕੀਤੀ ਗਈ ਹੈ, ਇਸ ਦੇ ਨਾਲ ਹੀ ਚੰਡੀਗੜ੍ਹ ਅੰਦਰ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਰੁਤਬਾ ਦੇਣ ਲਈ ਕਿਹਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਮੇਂ ਪੰਜਾਬ ਦੀਆਂ ਸਖਸ਼ੀਅਤਾਂ ਨੂੰ ਅੰਗਰੇਜੀ ਵਿੱਚ ਦਿੱਤੇ ਗਏ ਸੋਭਾ ਪੱਤਰਾਂ ਨੂੰ ਰੱਦ ਕਰਦਿਆਂ ਮੰਗ ਕੀਤੀ ਗਈ ਹੈ ਕਿ ਇਹ ਸੋਭਾ ਪੱਤਰ ਪੰਜਾਬੀ ਭਾਸ਼ਾ ਵਿੱਚ ਦਿੱਤੇ ਜਾਣ। ਡਾ ਤੇਜਵੰਤ ਮਾਨ ਨੇ ਦੱਸਿਆ ਸਮੁੱਚੀ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੀ ਆਗੂ ਟੀਮ ਨੇ ਪਹਿਲਾਂ ਹੀ ਇੰਨ੍ਹਾਂ ਮਸਲਿਆਂ ਉਤੇ ਪੰਜਾਬ ਵਿੱਚ ਅੱਠ ਪੰਜਾਬੀ ਬਚਾਓ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਜਿਸ ਅਨੁਸਾਰ ਬਰਨਾਲਾ, ਪਟਿਆਲਾ, ਗੜ੍ਹਸ਼ੰਕਰ ਅਤੇ ਜ਼ੀਰਾ ਵਿਖੇ ਵੱਡੀਆਂ ਕਾਨਫਰੰਸਾਂ ਕੀਤੀਆਂ ਜਾ ਚੁੱਕੀਆਂ ਹਨ। ਇੰਨ੍ਹਾਂ ਕਾਨਫਰੰਸਾਂ ਦੇ ਨਿਰੰਤਰ ਪ੍ਰੋਗਰਾਮ ਅਧੀਨ 14 ਦਸੰਬਰ ਨੂੰ ਅੰਮ੍ਰਿਤਸਰ, 27 ਦਸੰਬਰ ਨੂੰ ਦਿੱਲੀ ਅਤੇ ਜਨਵਰੀ^ਫਰਵਰੀ ਵਿੱਚ ਜਗਰਾਓਂ, ਦਸੂਹਾ,  ਸਿਰਸਾ ਵਿੱਚ ਪੰਜਾਬੀ ਬਚਾਓ ਮੁਹਿੰਮ ਤਹਿਤ ਕਾਨਫਰੰਸਾਂ ਕੀਤੀਆਂ ਜਾਣਗੀਆਂ। ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਹਾਲ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਵੱਲੋਂ ਹਿਮਾਚਲ ਵਿਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਦੇ ਐਲਾਨ ਦਾ ਸੁਆਗਤ ਕੀਤਾ। ਡਾ ਮਾਨ ਨੇ ਅਫਸੋਸ ਜਾਹਰ ਕੀਤਾ ਕਿ ਪੰਜਾਬ ਸਰਕਾਰ ਦਾ ਵਿੱਦਿਆ ਮਹਿਕਮਾ ਹਾਲੇ ਵੀ ਆਪਣੇ ਆਦੇਸ਼ ਪੱਤਰ ਅੰਗਰੇਜੀ ਵਿੱਚ ਜਾਰੀ ਕਰ ਰਿਹਾ ਹੈ ਅਤੇ ਆਪਣੇ ਹੀ ਭਾਸ਼ਾ ਐਕਟ 2008 ਦੀ ਉਲੰਘਣਾ ਕਰ ਰਿਹਾ ਹੈ। ਡਾ ਮਾਨ ਨੇ ਪੰਜਾਬ ਦੇ ਸਾਰੇ ਕਾਰੋਬਾਰੀਆਂ ਨੂੰ ਆਪਣਾ ਸਾਰਾ ਕਾਰੋਬਾਰ ਪੰਜਾਬੀ ਭਾਸ਼ਾ ਵਿੱਚ ਕਰਨ ਦੀ ਅਪੀਲ ਕੀਤੀ, ਖਾਸਕਰ ਦੁਕਾਨਦਾਰ ਵੀਰਾਂ ਨੂੰ ਆਪਣੀਆਂ ਦੁਕਾਨਾਂ ਦੇ ਬੋਰਡਾਂ ਨੂੰ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਲਈ ਬੇਨਤੀ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਤੁਹਾਡੀ ਆਪਣੀ ਸ਼ਾਨ ਵਿੱਚ ਵਾਧਾ ਹੋਵੇਗਾ। ਨਾਲ ਹੀ ਤੁਹਾਡੇ ਕਾਰੋਬਾਰ ਨੂੰ ਵੀ ਚੰਗਾ ਹੁਲਾਰਾ ਮਿਲੇਗਾ। ਸਾਡੀਆਂ ਹਰ ਤਰ੍ਹਾਂ ਦੀਆਂ ਵਸਤਾਂ ਖਰੀਦਣ ਵਾਲੇ ਅੰਗਰੇਜ਼ ਨਹੀਂ, ਪੰਜਾਬੀ ਹਨ। ਉਨ੍ਹਾਂ ਕਿਹਾ ਕਿ ਸਮਝ ਤੋਂ ਬਾਹਰ ਹੈ ਕਿ ਅਸੀਂ ਫੋਕੀ ਟੌਹਰ ਲਈ ਅੰਗਰੇਜ਼ੀ ਦੇ ਗੁਲਾਮ ਕਿਉਂ ਹੁੰਦੇ ਜਾ ਰਹੇ ਹਾਂ। ਡਾ. ਮਾਨ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਤਾ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ, ਪੰਜਾਬੀਅਤ ਦੀ ਲਹਿਰ ਉਸਾਰਨ ਲਈ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਯਤਨਾਂ ਨੂੰ ਸਾਥ ਦੇਣ। ਸਭਾ ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ, ਦਫਤਰ ਸਕੱਤਰ ਗੁਲਜ਼ਾਰ ਸਿੰਘ ਸ਼ੌਂਕੀ, ਮੀਤ ਪ੍ਰਧਾਨ ਡਾ. ਜੋਗਿੰਦਰ ਸਿੰਘ ਨਿਰਾਲਾ ਅਤੇ ਸਕੱਤਰ ਡਾ. ਭਗਵੰਤ ਸਿੰਘ ਨੇ ਡਾ. ਤੇਜਵੰਤ ਮਾਨ ਦੇ ਉਪਰੋਕਤ ਵਿਚਾਰਾਂ ਦੀ ਪ੍ਰੋੜਤਾ ਕੀਤੀ।