ਅੱਖੀਂ ਡਿੱਠਾ – ਮੱਘਦੇ ਅੰਗਾਰਿਆਂ ਵਾਲੀ ਸੋਚ ਦਾ ਪ੍ਰਤੀਕ ”ਸਿੰਘੂ ਬਾਰਡਰ”

ਦਸੰਬਰ ਪੰਦਰਾਂ 2020 ਨੂੰ ਸਿੰਘੂ ਬਾਰਡਰ ਦੀ ਧਰਤੀ ਤੇ ਪੁੱਜਦਿਆਂ ਮਹਿਸੂਸ ਕੀਤਾ ਕਿ ਸਿੰਘੂ ਬਾਰਡਰ ਕੋਈ ਜੰਗ ਦਾ ਮੈਦਾਨ ਨਹੀਂ ਹੈ। ਸਿੰਘੂ ਬਾਰਡਰ ਸੰਘਰਸ਼ ਦਾ ਮੈਦਾਨ ਹੈ, ਜਿਥੇ ਹੱਕ-ਸੱਚ ਲਈ ਲੜਾਈ ਲੜੀ ਜਾ ਰਹੀ ਹੈ। ਇੱਕ ਇਹੋ ਜਿਹੀ ਲੜਾਈ, ਜਿਸ ਵਿੱਚ ਇੱਕ ਪਾਸੇ ਉਸਾਰੂ ਸੋਚ ਵਾਲੇ ਚੇਤੰਨ ਮਨੁੱਖ ਹਨ ਆਪਣੀ ਹੋਂਦ ਨੂੰ ਖਤਰੇ ਤੋਂ ਸੁਚੇਤ ਅਤੇ ਦੂਜੇ ਪਾਸੇ ਉਹ ਲੋਕ ਹਨ ਜੋ ਦੇਸ਼ ਨੂੰ ਮੱਧ ਯੁੱਗੀ ਵਰਤਾਰੇ ਵੱਲ, ਵਿਗਿਆਨ ਦਾ ਮੁਲੰਮਾ ਚੜ੍ਹਾ ਕੇ, ਇੱਕ ਸੋਚੀ ਸਮਝੀ ਚਾਲ ਅਧੀਨ, ਲੈ ਕੇ ਜਾਣਾ ਚਾਹੁੰਦੇ ਹਨ। ਉਸ ਗੁਲਾਮੀ ਦੇ ਦੌਰ ਵੱਲ, ਜਿਥੇ ਮਨੁੱਖ ਦੀ ਕੀਮਤ ਕੁਝ ਦਮੜਿਆਂ ਤੱਕ ਸੀਮਤ ਹੋ ਕੇ ਰਹਿ ਜਾਂਦੀ ਹੈ। ਧਨ ਅਤੇ ਤਾਕਤ ਦੀ ਹਵਸ਼ ਦੇ ਸ਼ਿਕਾਰ ਦੇਸ਼ ਦੇ ਹਾਕਮਾਂ ਨੇ ਆਮ ਲੋਕਾਂ ਨੂੰ ਕੋਝੇ ਜਿਹੇ ਸਵਾਲ ਪਾ ਦਿੱਤੇ ਹਨ। ਇਹਨਾਂ ਸਵਾਲਾਂ ਦਾ ਜੁਆਬ ਲੋਕਾਂ ਨੇ ਇੱਕ ਮੁੱਠ ਹੋ ਕੇ, ਸਾਰੇ ਗਿਲੇ-ਸ਼ਿਕਵੇ ਭੁਲਾ ਕੇ ਦਿੱਤਾ ਹੈ। ਜਾਤਾਂ ਧਰਮਾਂ ਦਾ ਵਖਰੇਵਾਂ, ਸਰਹੱਦਾਂ ਦੀ ਵੰਡ, ਉਚੇ ਅਤੇ ਨੀਵੇਂ ਦਾ ਫਰਕ, ਉਹਦੀ ਸੋਚ ਦੇ ਹੇਠਲੇ ਪਾਸੇ ਤੁਰ ਗਿਆ ਹੈ ਅਤੇ ਮੱਘਦੇ ਅੰਗਾਰਿਆਂ ਵਾਲੀ ਸੋਚ ਉਸ ਦੀ ਪਹਿਲ ਬਣ ਗਈ ਹੈ। ਮਣਾਂਮੂੰਹੀ ਜੋਸ਼ ਨਾਲ ਭਰੇ ਆਪਣੇ ਨਿਸ਼ਾਨੇ ਤੱਕ ਪੁੱਜਣ ਲਈ ਸੁਚੇਤ, ਇਹ ਜੁਝਾਰੂ ਲੋਕ ਪੋਹ-ਮਾਘ ਦੀਆਂ ਠੰਡੀਆਂ ਜੱਖ ਰਾਤਾਂ ਵੀ ਨਿੱਘ ਨਾਲ ਕੱਟ ਰਹੇ ਹਨ, ਉਹ ਨਿੱਘ ਜਿਹੜਾ ਉਨ੍ਹਾਂ ਦੇ ਜਿਸਮਾਂ ਨਾਲੋਂ ਵੱਧ ਰੂਹਾਂ ਵਿਚ ਸਮਾਇਆ ਹੋਇਆ ਹੈ। ਉਹ ਨਿੱਘ ਜਿਸ ਉਹਨਾ ਨੂੰ ਜ਼ਿੰਦਗੀ ਜੀਉਣ ਦਾ ਨਵਾਂ ਰਸਤਾ ਵਿਖਾਇਆ ਹੈ। ਉਹ ਨਿੱਘ ਜਿਸ ਨੇ ਉਸ ਵਿਚ ਸਵੈ ਭਰੋਸਾ, ਆਦਰ ਮਾਨ, ਊਰਜਾ ਤੇ ਸ਼ਕਤੀ ਪੈਦਾ ਕੀਤੀ ਹੈ ਅਤੇ ਇਸੇ ਨਿੱਘ ਨੇ ਆਪਣੇ ਦੁਸ਼ਮਣ ਦੀ ਪਛਾਣ ਕਰਕੇ, ਉਸ ਨਾਲ ਲੋਹਾ ਲੈਣ ਦਾ ਬੱਲ ਬਖਸ਼ਿਆ ਹੈ।
ਮੈਨੂੰ ਹੀ ਨਹੀਂ, ਹਰ ਕਿਸੇ ਨੂੰ ਇਹ ਭਾਸਣ ਲੱਗ ਪਿਆ ਹੈ ਕਿ ਸਿੰਘੂ ਬਾਰਡਰ ਤੇ ਗੱਲ, ਹੁਣ ਤਿੰਨੇ ਜਾਂ ਪੰਜੇ ਕਾਲੇ ਕਾਨੂੰਨ ਰੱਦ ਕਰਾਉਣ ਦੀ ਨਹੀਂ ਰਹੀ। ਇਹ ਗੱਲ ਜਾਬਰਾਂ ਦੇ ਜਬਰ ਵਿਰੁੱਧ ਸ਼ਾਂਤਮਈ ਢੰਗ ਨਾਲ ਉਹਨਾਂ ਹੱਕਾਂ ਦੀ ਪ੍ਰਾਪਤੀ ਤੱਕ ਪੁੱਜ ਗਈ ਹੈ, ਜਿਹੜੇ ਨਿਰਦਈ, ਸ਼ਾਤਰ ਹਾਕਮਾਂ ਨੇ ਕੋਝੀਆਂ ਚਾਲਾਂ ਨਾਲ ਹਥਿਆ ਲਏ ਹਨ। ਇਹਨਾ ਕੋਝੀਆਂ ਚਾਲਾਂ ਦੀ ਸਮਝ ਦੇਸ਼ ਦੇ ਵੱਖੋ-ਵੱਖਰੇ ਥਾਵਾਂ ਉਤੇ ਅੰਦੋਲਨ ਕਰਦਿਆਂ, ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ, ਘੱਟ ਗਿਣਤੀਆਂ ਤੇ ਸਮਾਜ ਦੇ ਚੇਤੰਨ ਵਰਗਾਂ ਨੂੰ ਪੈ ਚੁੱਕੀ ਹੈ। ਚੰਗੇਰੀ ਸੋਚ ਦੀ ਇਹ ਚਿਣਗ, ਮੱਘਦੀ ਮੱਘਦੀ ਚੰਗਿਆੜੀ ਬਣੀ ਹੈ ਤੇ ਹੁਣ ਭਾਂਬੜ ਦਾ ਰੂਪ ਲੈ ਕੇ ਸਿੰਘੂ ਬਾਰਡਰ ਜਾਂ ਟਿੱਕਰੀ ਬਾਰਡਰ ਤੇ ਨਹੀਂ ਦੇਸ਼, ਵਿਦੇਸ਼ ‘ਚ ਹਰ ਉਸ ਥਾਂ ਤੱਕ ਪੁੱਜ ਚੁੱਕੀ ਹੈ, ਜਿਥੇ ਰੌਸ਼ਨ ਦਿਮਾਗ ਲੋਕ ਵਸਦੇ ਹਨ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਅਤੇ ਜ਼ੁਲਮ ਵਿਰੁੱਧ ਸੰਘਰਸ਼ੀ ਸੋਚ ਰਖਦੇ ਹਨ।
ਜਿਵੇਂ ਕਿ ਮੇਰੇ ਮਨ ਨੇ ਪ੍ਰਵਾਨਿਆ ਕਿ ਸਿੰਘੂ ਬਾਰਡਰ ਤੇ ਪੁੱਜਣਾ ਕਿਸੇ ਪਵਿੱਤਰ ਤੀਰਥ ਸਥਾਨ ਤੇ ਪੁੱਜਣ ਤੋਂ ਘੱਟ ਨਹੀਂ ਹੈ। ਮੀਲਾਂ ਦੂਰ ਤੱਕ ਟਰਾਲੀਆਂ ਵਾਲੇ ਘਰ, ਪੁਰਾਤਨ ਸਮੇਂ ਜੰਗਲਾਂ ‘ਚ ਘੋੜਿਆਂ ਉਤੇ ਬਣਾਏ ਘਰਾਂ ਵਾਂਗਰ ਜਾਪੇ। ਹਰ ਪਾਸੇ ਸਮਾਜ ਸੇਵੀ, ਗੁਰਦੁਆਰਾ ਸਾਹਿਬਾਨਾਂ ਵਲੋਂ ਲਗਾਏ ਖਾਣ ਪੀਣ, ਪਹਿਨਣ, ਰਹਿਣ-ਸਹਿਣ ਦੀਆਂ ਵਸਤੂਆਂ ਦੇ ਲੰਗਰ ਦੀ ਭਰਮਾਰ ਤਾਂ ਵੇਖਣ ਨੂੰ ਮਿਲੀ ਹੀ, ਪਰ ਕਿਸਾਨਾਂ ਵਲੋਂ ਆਪਣੀਆਂ ਟਰਾਲੀਆਂ ‘ਚ ਬਣਾਏ ਘਰਾਂ ‘ਚ ਔਰਤਾਂ/ਲੜਕੀਆਂ ਵਲੋਂ ਬਣਾਇਆ ਆਪਣਾ ਲੰਗਰ ਵੀ ਪੱਕਦਾ ਦੇਖਿਆ। ਪੰਜਾਬੋਂ ਹੀ ਨਹੀਂ, ਹਰਿਆਣਾ, ਯੂ.ਪੀ., ਮਹਾਂਰਾਸ਼ਟਰ ਅਤੇ ਹੋਰ ਸੂਬਿਆਂ ਤੋਂ ਆਏ ਕਿਸਾਨ ਜਿਥੇ ਆਪਸੀ ਭਾਈਚਾਰੇ ਤੇ ਇੱਕਮੁੱਠਤਾ ਦੀ ਤਸਵੀਰ ਪੇਸ਼ ਕਰਦੇ ਨਜ਼ਰ ਆਏ, ਉਥੇ ਇੰਜ ਜਾਪਿਆ ਜਿਵੇਂ ਮਨੁੱਖ ਇਕੋ ਜਿਹੀਆਂ ਲੋੜਾਂ, ਇੱਕੋ ਜਿਹੀਆਂ ਥੋੜਾਂ ‘ਚ ਆਪਸੀ ਤਾਲਮੇਲ ਕਿਵੇਂ ਕਰਦੇ ਹਨ ਤੇ ਸਾਂਝਾਂ ਪੀਡੀਆਂ ਕਰਦੇ ਹਨ।
ਸਟੇਜ਼ ਦਾ ਨਜ਼ਾਰਾ ਹੀ ਵੱਖਰਾ ਸੀ, ਕਿਸਾਨ ਧੁੱਪ ‘ਚ ਬੈਠੇ ਸਨ। ਬੁਲਾਰੇ ਗੱਲ ਕਰਦੇ ਸਨ। ਲੋਕ ਉਹਨਾਂ ਦੀ ਹਰ ਉਸ ਗੱਲ ਉਤੇ ਭਰਵਾਂ ਹੁੰਗਾਰਾ ਭਰਦੇ ਸਨ, ਜਿਹੜਾ ਉਹਨਾਂ ਦੇ ਮਨ ਨੂੰ ਛੂੰਹਦੀ ਸੀ, ਬੋਲੇ ਸੋ ਨਿਹਾਲ ਦਾ ਜੈਕਾਰਾ ਗੂੰਜਦਾ ਸੀ। ਫਿਰ ਚੁੱਪ ਛਾ ਜਾਂਦੀ ਸੀ। ਗੱਲ ਅੱਗੋਂ ਤੁਰਦੀ ਸੀ। ਸਵੇਰ ਤੋਂ ਸ਼ਾਮ ਦੇਰ ਤੱਕ ਸਟੇਜ਼ ਉਤੇ ਗੀਤ, ਕਵਿਤਾਵਾਂ, ਭਾਸ਼ਨ, ਨਾਟਕਾਂ ਦੀ ਪੇਸ਼ਕਾਰੀ ਹੋਈ। ਅਨੁਸਾਸ਼ਨ ਇੰਨਾ ਕਿ ਕੋਈ ਰੌਲਾ-ਰੱਪਾ ਨਹੀਂ। ਕੋਈ ਖਿੱਚ-ਧੂਹ ਨਹੀਂ। ਪ੍ਰਬੰਧਕ ਲੋਕਾਂ ਦੇ ਚੁਣੇ ਹੋਏ। ਲੋਕਾਂ ਦੀ ਸਲਾਹ ਨਾਲ ਗੱਲ ਕਰਨ ਵਾਲੇ। ਠਰੰਮੇ ਨਾਲ ਸਰਕਾਰ ਤੱਕ ਗੱਲ ਪਹੁੰਚਾਉਣ ਵਾਲੇ। ਪਲ ਪਲ ਦੀ ਖਬਰ ਲੋਕਾਂ ਨਾਲ ਸਾਂਝੀ ਕਰਨ ਵਾਲੇ। ਸਿੱਧੇ ਸਾਦੇ ਲੋਕਾਂ ਨਾਲ ਸਿੱਧੀ ਸਾਦੀ ਗੱਲ ਕੋਈ ਲੁਕੋਅ ਨਹੀਂ – ਕੋਈ ਚਤੁਰਾਈ ਨਹੀਂ। ਸੱਭੋ ਕੁਝ ਸਪਸ਼ਟ ਤੇ ਤਰਕ ਨਾਲ। ਇਹੋ ਇਸ ਅੰਦੋਲਨ ਦੀ ਪ੍ਰਾਪਤੀ ਹੈ।
ਮਹਿਸੂਸ ਕੀਤਾ ਦਗਦੇ-ਮੱਘਦੇ ਲੋਕ ਅੰਦੋਲਨ ਜਿੱਤਣਗੇ। ਮਹਿਸੂਸ ਕੀਤਾ ਜੇਕਰ ਕੁਝ ਹਾਲਤਾਂ ‘ਚ ਸਰਕਾਰ ਦੀ ਚਤੁਰਾਈ ਦਾ ਸ਼ਿਕਾਰ ਵੀ ਹੋ ਗਏ ਤਦ ਵੀ ਇਸ ਅੰਦੋਲਨ ਦੀਆਂ ਪ੍ਰਾਪਤੀਆਂ ਵੱਡੀਆਂ ਹੋਣਗੀਆਂ ਕਿਉਂਕਿ ਸਦੀ ਬਾਅਦ ਪੈਦਾ ਹੋਏ ਇਸ ਜਨਮਾਨਸ ਅੰਦੋਲਨ ਨੇ ਪੰਜਾਬ ਦੇ ਦਾਗ਼ ਧੋ ਦਿੱਤੇ ਹਨ। ਪੰਜਾਬੀ ਨੌਜਵਾਨ ਨਸ਼ਈ ਹਨ, ਪੰਜਾਬੀ ਕੁੜੀਮਾਰ ਹਨ, ਪੰਜਾਬੀ ਆਤੰਕਵਾਦੀ ਹਨ, ਪੰਜਾਬੀ ਅਨਪੜ੍ਹ ਕੌਮ ਹਨ, ਵਰਗੇ ਦਾਗ ਜਿਹੜੇ ਹਕੂਮਤਾਂ ਵਲੋਂ ਮੜ੍ਹੇ ਕਾਲੇ ਦਾਗ਼ ਧੋਤੇ ਗਏ ਹਨ। ਸਿੱਧ ਕਰ ਦਿੱਤਾ ਪੰਜਾਬੀਆਂ ਨੇ ਮੁੜ ਕਿ ਦੇਸ਼ ‘ਚ ਗੁਲਾਮੀ ਦੀਆਂ ਜ਼ੰਜੀਰਾਂ ਤੋੜਨ ਵਾਲੇ, ਦੇਸ਼ ਦੇ ਲੋਕਾਂ ਨੂੰ ਸਮੇਂ ਸਮੇਂ ਸੰਘਰਸ਼ਾਂ ਰਾਹ ਪਾਉਣ ਵਾਲੇ ਪੰਜਾਬੀ ਹਨ, ਜਿਨ੍ਹਾਂ ਦਾ ਵਿਰਸਾ ਮਹਾਨ ਹੈ। ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਜਿਹਨਾਂ ਦੇ ਪੁਰਖੇ ਈਨ ਮੰਨਣ ਨੂੰ ਨਹੀਂ ਰਹੇ, ਸ਼ਹੀਦੀਆਂ ਪਾਉਣ ਨੂੰ ਤਰਜੀਹ ਦਿੰਦੇ ਰਹੇ ਹਨ। ਸਿਦਕ ਨਾਲ ਲੜਦੇ ਰਹੇ ਹਨ, ਲੋਕਾਂ ਖਾਤਰ ਮਰਦੇ ਰਹੇ ਹਨ।
ਸ਼ਰਧਾ ਨਾਲ ਸਿਰ ਝੁਕਿਆ ਇਹ ਵੇਖਕੇ ਕਿ ਲੋਕਾਂ ਦੇ ਇਕੱਠ ਵਿੱਚ ਬਜ਼ੁਰਗ ਵੀ ਹਨ, 80-85 ਸਾਲਾਂ ਦੇ ਅਤੇ ਬੱਚੇ ਵੀ ਦੋ ਚਾਰ ਸਾਲਾਂ ਦੇ। ਨੌਜਵਾਨਾਂ ਨੇ ਤਾਂ ਵਹੀਰਾਂ ਘੱਤੀਆਂ ਹੋਈਆਂ ਹਨ। ਲੜਕੀਆਂ, ਔਰਤਾਂ ਵੀ ਘੱਟ ਨਹੀਂ। ਪੰਜਾਬ ਦੇ ਹਰ ਪਿੰਡ ਦੀ ਟਰਾਲੀ ਦਿੱਲੀ ਦੇ ਰਾਹ ਹੈ।
”ਟਰਾਲੀ ਟਾਈਮਜ਼” ਕਿਸਾਨਾਂ ਦਾ ਬੁਲਾਰਾ ਹੈ, ਜੋ ਨਿੱਤ ਖਬਰਾਂ ਛਾਪਦਾ ਹੈ, ਜਿਹੜਾ ਦੇਸ਼ ਦੇ ਗੋਦੀ ਮੀਡੀਏ ਦਾ ਮੁਕਾਬਲਾ ਆਨਲਾਈਨ ਕਰਦਾ ਹੈ। ਨੌਜਵਾਨ ਫੇਸ ਬੁੱਕ, ਇੰਸਟਾਗ੍ਰਾਮ ਅਤੇ ਹਰ ਪ੍ਰਚਾਰ ਦੇ ਸਾਧਨ ਦੀ ਵਰਤੋਂ ਕਰਕੇ ਆਪਣਾ ਪੱਖ ਪੇਸ਼ ਕਰ ਰਹੇ ਹਨ। ਕਰਨ ਵੀ ਕਿਉਂ ਨਾ, ਮਸਾਂ ਉਹਨਾਂ ਹੱਥ ਸਮਾਂ ਆਇਆ ਹੈ, ਆਪਣੀ ਤਾਕਤ ਦਿਖਾਉਣ ਦਾ, ਆਪਣੀ ਲਿਆਕਤ ਦਿਖਾਉਣ ਦਾ, ਆਪਣੇ ਦੇਸ਼ ਤੋਂ ”ਜ਼ਾਲਮ ਹਕੂਮਤ” ਦੀ ਬੇਦਖਲੀ ਦਾ।
ਆਪਣੇ ਪਿੰਡੋਂ, ਆਪਣੇ ਸ਼ਹਿਰੋਂ ਨਾਲ ਗਏ ਪੇਂਡੂ ਭਰਾਵਾਂ ਨਾਲ ਇਸ ਇਕੱਠ ਦਾ ਲੰਮਾ ਚੱਕਰ ਲਾਇਆ। ਇਹ ਮੇਲਾ ਨਹੀਂ ਲੋਕਾਂ ਦਾ ਮੇਲ ਜਾਪਿਆ ਇਹ ਇਕੱਠ। ਕਿਧਰੇ ਕੋਈ ”ਖਾਲਿਸਤਾਨੀ” ਨਾਹਰਾ ਨਹੀਂ; ਕੋਈ ਨਕਸਲੀ ਨਾਹਰਾ ਨਹੀਂ; ਕਿਧਰੇ ਕੋਈ ਗੈਰਜ਼ਰੂਰੀ ਤੇ ਇਤਰਾਜ਼ ਯੋਗ ਸ਼ਬਦ ਨਹੀਂ। ਹੱਥ ‘ਚ ਤਖਤੀਆਂ ਹਨ। ਟਰਾਲੀਆਂ ਤੇ ਨਾਹਰੇ ਹਨ। ਸਟੇਜ ਦੇ ਕੜਕਵੇਂ ਬੋਲ ਹਨ। ਕਿਧਰੇ ਚੈਨਲਾਂ ਵਾਲੇ ਲੋਕਾਂ ਤੋਂ ਸਵਾਲ ਪੁੱਛਦੇ ਹਨ, ਤੁਸੀਂ ਇਥੇ ਕਿਉਂ ਆਏ ਹੋ? ਸਪਸ਼ਟ ਜਵਾਬ ਹੈ, ਆਮ ਬੰਦੇ ਦਾ ਵੀ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ। ਉਹ ਪੁੱਛਦੇ ਹਨ ਕਿਉਂ? ਜਵਾਬ ਮਿਲਦਾ ਹੈ, ਕਿ ਇਹ ਸਾਡੇ ਹਿੱਤ ਵਿੱਚ ਨਹੀਂ। ਮਨ ਭਰ ਆਉਂਦਾ ਹੈ ਕਿ ਜੇਕਰ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਤਾਂ ਜਬਰਦਸਤੀ ਕਿਉਂ ਲੱਦੇ ਜਾ ਰਹੇ ਹਨ।
ਪਰ ਫਿਰ ਬਿਵੇਕ ਨਾਲ ਸੋਚਦਾ ਹਾਂ ਕਿ ਜਾਬਰ ਹਕੂਮਤਾਂ ਦੀ ਪਹਿਲ ਲੋਕਾਂ ਦੇ ਹਿੱਤ ਨਹੀਂ ਹੁੰਦੀ। ਉਹਨਾ ਦੀ ਪਹਿਲ ਤਾਂ ਕੁਰਸੀ ਹੈ, ਜਿਸਨੂੰ ਹਥਿਆਉਣ ਲਈ ਉਹ ਹਰ ਹਰਬਾ ਵਰਤਦੇ ਹਨ। ਕੁਰਸੀ ਹਥਿਆਉਣ ਲਈ ਧਨ ਚਾਹੀਦਾ ਹੈ। ਹਾਕਮਾਂ ਨੂੰ ਧਨ ਧਨ-ਕੁਬੇਰਾਂ ਹੀ ਦੇਣਾ ਹੈ। ਤੇ ਧਨ ਕੁਬੇਰ ਕਿਸਾਨ ਦੀ ਜ਼ਮੀਨ ਹਥਿਆਉਣਾ ਚਾਹੁੰਦੇ ਹਨ ਤੇ ਜ਼ਮੀਰ ਵੀ। ਪਰ ਕਿਸਾਨਾਂ ਦਾ ਨਾਹਰਾ, ਇਕੱਠ ਵਿੱਚ ਗੂੰਜਦਾ ਹੈ, ”ਸਾਡੀ ਜ਼ਮੀਰ ਜ਼ਿੰਦਾ ਹੈ, ਜ਼ਿੰਦਾ ਰਹੇਗੀ”।

(ਗੁਰਮੀਤ ਸਿੰਘ ਪਲਾਹੀ)
+91 9815802070

Install Punjabi Akhbar App

Install
×