ਸਿੱਖ ਸੰਸਥਾਂਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਤ੍ਰਿਪੁਰਾ ਵਿਚ ਘੱਟ-ਗਿਣਤੀਆਂ ਦੇ ਧਾਰਮਿਕ ਸਥਾਨਾਂ ਅਤੇ ਲੋਕਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਉਣ ਵਿਰੁੱਧ ਹਾਅ ਦਾ ਨਾਅਰਾ ਮਾਰਨ ਵਾਲਿਆਂ’ਤੇ ਪੁਲਿਸ ਕੇਸ ਦਰਜ ਕਰਨ ਦੀ ਕਾਰਵਾਈ ਨੂੰ ਲੋਕ-ਹੱਕਾਂ ਦਾ ਹਨਨ ਕਰਾਰ ਦਿੱਤਾ ਹੈ।
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰ ਕਮੇਟੀ ਵਲੋਂ ਬਿਆਨ ਵਿਚ ਕਿਹਾ ਕਿ ਸੁਪਰੀਮ ਕੋਰਟ ਦੇ ਵਕੀਲਾਂ ਅਤੇ ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੇ ਤ੍ਰਿਪੁਰਾ ਵਿਚ ਹੋਈ ਹਿੰਸਾ ਦੀ ਨਿੰਦਾ ਕਰਕੇ ਕੋਈ ਅਪਰਾਧ ਨਹੀਂ ਕੀਤਾ ਹੈ। ਪਰ ਵਕੀਲਾਂ, ਮਨੁੱਖੀ ਅਧਿਕਾਰ ਕਾਰਕੁੰਨਾਂ ਅਤੇ ਪੱਤਰਕਾਰਾਂ ਸਮੇਤ 102 ਲੋਕਾਂ ਵਿਰੁੱਧ ਪੁਲਿਸ ਨੇ ਕੇਸ ਦਰਜ ਕੀਤੇ ਹਨ। ਫ਼ਿਰਕੂ ਤਣਾਅ ਪੈਦਾ ਕਰਨ ਦੇ ਦੋਸ਼ ਲਗਾਏ ਗਏ ਹਨ ਅਤੇ ਯੂਏਪੀਏ ਤੱਕ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਟਵਿੱਟਰ, ਫੇਸਬੁੱਕ ਤੇ ਯੂਟਿਊਬ ਨੂੰ ਕਈ ਖਾਤੇ ਬੰਦ ਕਰਨ ਲਈ ਨੋਟਿਸ ਭੇਜੇ ਗਏ ਹਨ।
ਇਸ ਸਾਰੇ ਘਟਨਾਕ੍ਰਮ ਤੋਂ ਜ਼ਾਹਿਰ ਹੁੰਦਾ ਹੈ ਕਿ ਸੂਬਾ ਸਰਕਾਰ ਤੇ ਪੁਲਿਸ ਆਪਣੀ ਨਾਕਾਮੀ ਨੂੰ ਛਪਾਉਣ ਲਈ ਅਜਿਹੀ ਧੱਕੇਸ਼ਾਹੀ ਕਰ ਰਹੀ ਹੈ। ਸੰਗਠਨ ਨੇ ਕਿਹਾ ਕਿ ਜੇਕਰ ਬੰਗਲਾਦੇਸ਼ ਵਿਚ ਘੱਟ-ਗਿਣਤੀਆਂ ਉੱਤੇ ਹਮਲੇ ਹੁੰਦੇ ਹਨ ਤਾਂ ਉੱਥੋਂ ਦੀ ਸਰਕਾਰ ਵੀ ਜਵਾਬਦੇਹ ਹੈ। ਪਰ ਬੰਗਲਾ ਦੇਸ਼ ਘਟਨਾ ਦੇ ਬਦਲੇ ਵਿਚ ਫ਼ਿਰਕੂ ਵੰਡੀਆਂ ਪਾਉਣ ਦਾ ਸਿਲਸਲਾ ਦੇਸ਼-ਵਿਰੋਧੀ ਹੀ ਨਹੀਂ ਬਲਕਿ ਮਾਨਵਤਾ ਵਿਰੋਧੀ ਹੈ।
ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਵਿਚਾਰਾਂ ਦੇ ਪ੍ਰਗਟਾਵੇ ਨੂੰ ਦਬਾਅ ਕੇ ਦਰਜ ਕੇਸ ਰੱਦ ਕੀਤੇ ਜਾਣੇ ਚਾਹੀਦੇ ਹਨ।